ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੋਕਾਂ ਨੂੰ ਮੋਢੇ ਨਾਲ ਮੋਢਾ ਜੋੜ ਕੇ ਸਹਿਯੋਗ ਦੇਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਵਿੱਚ ਸਮਾਜਿਕ ਅਲਾਮਤਾਂ ਨੂੰ ਜੜ੍ਹੋਂ ਪੁੱਟ ਕੇ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਪੰਜਾਬ ਵਾਸੀਆਂ ਨੂੰ ਮੋਢਾ ਨਾਲ ਮੋਢਾ ਜੋੜ ਕੇ ਸਹਿਯੋਗ ਕਰਨ ਦਾ ਸੱਦਾ ਦਿੱਤਾ।

ਅੱਜ ਇੱਥੇ ਜੱਚਾ-ਬੱਚਾ ਕੇਂਦਰ ਦਾ ਉਦਘਾਟਨ ਅਤੇ 250 ਨਰਸਿੰਗ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਤੋਂ ਬਾਅਦ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵਿਖੇ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੂੰ ਆਪਣੀ ਪਸੰਦ ਦੇ ਹਰ ਖੇਤਰ ਵਿੱਚ ਮੱਲਾਂ ਮਾਰਨ ਦਾ ਅਦੁੱਤੀ ਜਜ਼ਬਾ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਏਸੇ ਕਾਰਨ ਪੰਜਾਬੀਆਂ ਨੇ ਆਪਣੀ ਮਿਹਨਤ ਅਤੇ ਲਗਨ ਨਾਲ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਸਬੂਤ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਸੂਬੇ ਵਿੱਚੋਂ ਸਮਾਜਿਕ ਬੁਰਾਈਆਂ ਦੇ ਕੋਹੜ ਨੂੰ ਖਤਮ ਕਰਨ ਲਈ ਰਲ-ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਅਤੇ ਰਹਿਨੁਮਾਈ ਕਰਨ ਵਾਲੇ ਹੁੰਦੇ ਹਨ ਜਿਸ ਕਰਕੇ ਉਨ੍ਹਾਂ ਨੇ ਵਿਸ਼ਵ ਭਰ ਵਿੱਚ ਹਰ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਮਿਹਨਤ ਅਤੇ ਲਗਨ ਦਾ ਕੋਈ ਸਾਨੀ ਨਹੀਂ ਜਿਸ ਸਦਕਾ ਉਹ ਹਰ ਖੇਤਰ ਵਿੱਚ ਆਪਣੀ ਵਿਲੱਖਣਤਾ ਕਾਇਮ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੀ ਤਰੱਕੀ ਲਈ ਇਸ ਭਾਵਨਾ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਅਤੇ ‘ਰੰਗਲਾ ਪੰਜਾਬ’ ਸਿਰਜਣ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਹਾਲ ਹੀ ਵਿੱਚ ਏਸ਼ਿਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਵਾਲੇ ਭਾਰਤੀ ਹਾਕੀ ਟੀਮ ਦੇ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ‘ਤੇ ਵੱਡਾ ਜ਼ੋਰ ਦਿੱਤਾ ਹੈ ਜਿਸ ਨਾਲ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸੇ ਦਾ ਨਤੀਜਾ ਹੈ ਕਿ ਪੰਜਾਬੀਆਂ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਏਸ਼ੀਅਨ ਖੇਡਾਂ ਵਿੱਚ 19 ਤਗਮੇ ਜਿੱਤੇ ਹਨ, ਜੋ ਕਿ ਏਸ਼ੀਆਡ ਦੀ ਸ਼ੁਰੂਆਤ ਤੋਂ ਹੁਣ ਤੱਕ ਜਿੱਤੇ ਗਏ ਸਭ ਤੋਂ ਵੱਧ ਤਗਮੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਬਾਬਾ ਸ਼ੇਖ ਫਰੀਦ ਜੀ ਦੀ ਪਵਿੱਤਰ ਧਰਤੀ ‘ਤੇ ਇਸ ਸਮਾਗਮ ਦਾ ਹਿੱਸਾ ਬਣ ਕੇ ਖੁਸ਼ ਹਨ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਜੀ ਦਾ ਜੀਵਨ ਅਤੇ ਫਲਸਫਾ ਅਜੋਕੇ ਪਦਾਰਥਵਾਦੀ ਸਮਾਜ ਵਿੱਚ ਬਹੁਤ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ ਦੀਆਂ ਸਿੱਖਿਆਵਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੂਰੀ ਲਗਨ ਅਤੇ ਸ਼ਿੱਦਤ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਸਾਲ ਬਾਬਾ ਫਰੀਦ ਆਗਮਨ ਪੁਰਬ ਮੇਲੇ ਵਿੱਚ ਸਮਾਜ ਦੇ ਹਰ ਵਰਗ ਦੇ ਲੋਕ ਪੂਰੀ ਧਾਰਮਿਕ ਭਾਵਨਾ ਅਤੇ ਧੂਮ-ਧਾਮ ਨਾਲ ਸ਼ਿਰਕਤ ਕਰਦੇ ਹਨ।

ਇਸ ਦੌਰਾਨ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕੀਤੀ ਕਿ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ ਜੱਚਾ-ਬੱਚਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਬਣਿਆ ਹਸਪਤਾਲ ਗਰਭਵਤੀ ਔਰਤਾਂ ਅਤੇ ਨਵਜੰਮੇ ਬੱਚਿਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਬਹੁਤ ਸਹਾਈ ਸਿੱਧ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਲੋਕਾਂ ਨੂੰ ਇਨ੍ਹਾਂ ਹਸਪਤਾਲਾਂ ਵਿੱਚ ਚੰਗਾ ਇਲਾਜ ਦੇਣਾ ਹੈ।

ਹੋਰ ਖ਼ਬਰਾਂ :-  ਹਰਿਆਣਾ ਦੇ ਅੰਬਾਲਾ ਦੇ ਰਹਿਣ ਵਾਲੇ ਸ਼ੂਟਰ ਸਰਬਜੋਤ ਸਿੰਘ ਨੇ ਸਰਕਾਰੀ ਨੌਕਰੀ ਤੋਂ ਇਨਕਾਰ ਕੀਤਾ

ਮੁੱਖ ਮੰਤਰੀ ਨੇ ਨਵ-ਨਿਯੁਕਤ 250 ਨਰਸਿੰਗ ਅਫ਼ਸਰਾਂ ਨੂੰ ਵਧਾਈ ਦਿੰਦਿਆਂ ਮਿਸ਼ਨਰੀ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਕਿਉਂਕਿ ਹੁਣ ਉਹ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਨਵੇਂ ਭਰਤੀ ਹੋਣ ਵਾਲੇ ਨੌਜਵਾਨ ਆਪਣੀ ਨੌਕਰੀ ਦੌਰਾਨ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰਨਗੇ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਵੱਧ ਤੋਂ ਵੱਧ ਲੋਕਾਂ ਦੀ ਭਲਾਈ ਯਕੀਨੀ ਬਣਾਉਣੀ ਚਾਹੀਦੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਬੇਰੁਖੀ ਕਾਰਨ ਸੂਬੇ ਦੇ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਪਹਿਲਾਂ ‘ਅਸੰਭਵ ਹੋਣ’ ਵਰਗਾ ਸੀ ਜਦਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਯੋਗਤਾ ਤੇ ਮੈਰਿਟ ਅਨੁਸਾਰ ਅਨੁਸਾਰ ਨੌਕਰੀਆਂ ਦੇਣ ਲਈ ਪਾਰਦਰਸ਼ੀ ਵਿਧੀ ਤਿਆਰ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਲੋਕਾਂ  ਦੀ ਸਹੀ ਮਾਅਨਿਆਂ ਵਿੱਚ ਸੇਵਾ ਕਰਨ ਦੀ ਵਚਨਬੱਧਤਾ ਅਤੇ ਜਜ਼ਬੇ ਦੀ ਘਾਟ ਹੈ, ਜਿਸ ਕਾਰਨ ਇਹ ਨੌਕਰੀਆਂ ਨੌਜਵਾਨਾਂ ਹਾਸਲ ਨਹੀਂ ਸਨ ਕਰ ਪਾਉਂਦੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਦੇ ਸਮੇਂ ਅੰਦਰ ਯੋਗ ਨੌਜਵਾਨਾਂ ਨੂੰ 37000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਨੌਜਵਾਨ ਅਜੇ ਵੀ ਸਰਕਾਰੀ ਨੌਕਰੀਆਂ ਲਈ ਇਮਤਿਹਾਨ ਪਾਸ ਨਹੀਂ ਕਰ ਸਕੇ ਹਨ, ਉਨ੍ਹਾਂ ਨੂੰ ਹੌਂਸਲਾ ਨਹੀਂ ਹਾਰਨਾ ਚਾਹੀਦਾ ਅਤੇ ਸਖ਼ਤ ਮਿਹਨਤ ਕਰਦੇ ਰਹਿਣਾ ਚਾਹੀਦਾ ਹੈ ਕਿਉਂਕਿ ਹਜ਼ਾਰਾਂ ਸਰਕਾਰੀ ਨੌਕਰੀਆਂ ਲਈ ਭਰਤੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਇਹ ਨੌਕਰੀਆਂ ਮਿਲੀਆਂ ਹਨ, ਉਨ੍ਹਾਂ ਨੂੰ ਇਸ ਨੌਕਰੀ ਉਤੇ ਹੀ ਸੰਤੁਸ਼ਟ ਨਹੀਂ ਹੋ ਜਾਣਾ ਚਾਹੀਦਾ ਸਗੋਂ ਹੋਰ ਬਿਹਤਰ ਮੌਕੇ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਨਾ ਤਾਂ ਇਹ ਪਹਿਲੀ ਸਰਕਾਰੀ ਨੌਕਰੀ ਹੋਣੀ ਚਾਹੀਦੀ ਹੈ ਅਤੇ ਨਾ ਹੀ ਇਹ ਆਖਰੀ ਹੋਣੀ ਚਾਹੀਦੀ ਹੈ ਕਿਉਂਕਿ ਸੂਬੇ ਦੇ ਮਿਹਨਤੀ ਨੌਜਵਾਨਾਂ ਲਈ ਅਸੀਮ ਮੌਕੇ ਹਨ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪ੍ਰਾਪਤੀ ‘ਤੇ ਮਾਣ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਲਈ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਕਾਰਾਤਮਕ ਸੋਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਵਚਨਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਪੰਜਾਬ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉੱਭਰ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕਈ ਲੋਕ ਪੱਖੀ ਅਤੇ ਵਿਕਾਸ ਮੁਖੀ ਨੀਤੀਆਂ ਦੀ ਸ਼ੁਰੂਆਤ ਕਰਦਿਆਂ ਕਈ ਵੱਡੇ ਉਪਰਾਲੇ ਕੀਤੇ ਹਨ।

 

Leave a Reply

Your email address will not be published. Required fields are marked *