ਨਸ਼ਾ ਮੁਕਤ ਮਾਲੇਰਕੋਟਲਾ ਲਈ ਨਵੀਂ ਪਹਿਲ; ਅਣਵਰਤੀਆਂ ਇਮਾਰਤਾਂ ਨੂੰ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਮੁਹਿੰਮ ਤੇਜ਼

Punjab Police Logo

ਅਮਰਗੜ੍ਹ/ਮਾਲੇਰਕੋਟਲਾ, 18 ਅਕਤੂਬਰ:                  ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਲਈ ਦੁਰਵਰਤੋਂ ਹੋਣ ਵਾਲੀਆਂ ਅਣਵਰਤੀਆਂ ਇਮਾਰਤਾਂ ਨੂੰ ਸੁਰੱਖਿਅਤ ਬਣਾ ਕੇ ਮੁੜ ਸਮਾਜਿਕ ਵਰਤੋਂ ਵਿੱਚ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਪਰਾਲੇ ਤੇਜ਼ ਕੀਤੇ ਗਏ ਹਨ। ਐਸ.ਐਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਾਂਝੀ ਕਾਰਵਾਈ ਕੀਤੀ ਜਾ ਰਹੀ ਹੈ।ਇਸੇ ਲੜੀ ਤਹਿਤ ਡੀ.ਐਸ.ਪੀ. ਅਮਰਗੜ੍ਹ ਸੰਜੀਵ ਕਪੂਰ ਦੀ ਦੇਖ-ਰੇਖ ਹੇਠ ਪਿੰਡ ਖਾਨਪੁਰ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸਿਹਤ ਵਿਭਾਗ ਦੇ ਪੁਰਾਣੇ ਅਤੇ ਅਣਵਰਤੇ ਰਿਹਾਇਸ਼ੀ ਕੁਆਰਟਰਾਂ ਦੀ ਸਾਫ਼-ਸਫ਼ਾਈ ਕਰਵਾਈ ਗਈ।

ਡੀ.ਐਸ.ਪੀ. ਸੰਜੀਵ ਕਪੂਰ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਅਜਿਹੀਆਂ ਸੁੰਨਸਾਨ ਜਾਇਦਾਦਾਂ ਦੀ ਸ਼ਨਾਖ਼ਤ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਨਸ਼ਿਆਂ ਜਾਂ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਲਈ ਦੁਰਵਰਤੋਂ ਹੁੰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ਨੂੰ ਸਾਫ਼-ਸੁਥਰਾ ਤੇ ਸੁਰੱਖਿਅਤ ਬਣਾ ਕੇ ਸਮਾਜ ਦੀ ਭਲਾਈ ਲਈ ਮੁੜ ਵਰਤੋਂਯੋਗ ਬਣਾਉਣਾ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਇਸ ਨਾਲ ਜਿੱਥੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਠੱਲ੍ਹ ਪਵੇਗੀ, ਉੱਥੇ ਪਿੰਡਾਂ ਵਿੱਚ ਸੁਰੱਖਿਅਤ ਮਾਹੌਲ ਸਿਰਜਣ ਵਿੱਚ ਵੀ ਮਦਦ ਮਿਲੇਗੀ।

ਹੋਰ ਖ਼ਬਰਾਂ :-  ਗੈਂਗਸਟਰਾਂ ਤੇ ਵਾਰ ਦਾ 121ਵਾਂ ਦਿਨ: ਪੰਜਾਬ ਪੁਲਿਸ ਵੱਲੋਂ 552 ਥਾਈਂ ਛਾਪੇਮਾਰੀ ;243 ਗ੍ਰਿਫ਼ਤਾਰ

ਉਨ੍ਹਾਂ ਖਾਨਪੁਰ ਅਨਾਜ ਮੰਡੀ ਵਿਖੇ ਕਿਸਾਨਾਂ ਅਤੇ ਪ੍ਰਵਾਸੀ ਮਜ਼ਦੂਰਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦਿਆਂ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਲਈ 24 ਘੰਟੇ ਕਾਰਜਸ਼ੀਲ ਹੈ।

ਇਸ ਮੌਕੇ ਸਰਪੰਚ ਗੁਰਮੁਖ ਸਿੰਘ ਨੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਦੀਆਂ ਅਣਵਰਤੀਆਂ ਥਾਵਾਂ ਨੂੰ ਮੁੜ ਸੁਰੱਖਿਅਤ ਬਣਾਉਣਾ ਇੱਕ ਉਸਾਰੂ ਪਹਿਲ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨ ਪੀੜ੍ਹੀ ਦੇ ਭਵਿੱਖ ਦੀ ਰਾਖੀ ਲਈ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ।

ਇਸ ਮੌਕੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਜੱਸੀ, ਬੀ.ਡੀ.ਪੀ.ਓ. ਕਰਨਬੀਰ ਸਿੰਘ, ਐਸ.ਈ.ਪੀ.ਓ. ਗੁਰਪ੍ਰੀਤ ਸਿੰਘ, ਸਾਬਕਾ ਫ਼ੌਜੀ ਜਸਪਾਲ ਸਿੰਘ ਨਹਿਲ, ਸੰਦੀਪ ਸਿੰਘ, ਹਰਜਿੰਦਰ ਸਿੰਘ ਖਾਨਪੁਰ, ਦਮਨਪ੍ਰੀਤ ਸਿੰਘ ਅਤੇ ਪੰਚ ਰਾਜਵਿੰਦਰ ਸਿੰਘ ਵੀ ਹਾਜ਼ਰ ਸਨ।

 

Leave a Reply

Your email address will not be published. Required fields are marked *