ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਪਿੰਡ ਬੇਨੜਾ ਵਿਖੇ 35 ਲੱਖ ਰੁਪਏ ਦੀ ਲਾਗਤ ਨਾਲ ਬਣੇ ਸਿਹਤ ਕੇਂਦਰ ਦਾ ਉਦਘਾਟਨ

OSD Sukhvir Singh inaugurated a health center built at a cost of Rs. 35 lakhs in village Benra.

ਧੂਰੀ, 14 ਨਵੰਬਰ:     ਪਿੰਡ ਬੇਨੜਾ, ਬਲਾਕ ਧੂਰੀ ਵਿਖੇ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਉਸਾਰੇ ਗਏ ਸਿਹਤ ਕੇਂਦਰ (ਹੈਲਥ ਐਂਡ ਵੈਲਨੈੱਸ ਸੈਂਟਰ) ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਵੱਲੋਂ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਦੀ ਪਹੁੰਚ ਵਿੱਚ ਲਿਆਉਣਾ ਅਤੇ ਪਿੰਡ ਪੱਧਰ ’ਤੇ ਮਿਆਰੀ ਸਿਹਤ ਸਹੂਲਤਾਂ ਉਪਲਬਧ ਕਰਵਾਉਣਾ ਸਰਕਾਰ ਦੀ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਕੇਂਦਰ ਦੇ ਸ਼ੁਰੂ ਹੋਣ ਨਾਲ ਪਿੰਡ ਬੇਨੜਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਮੁੱਢਲੀਆਂ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਾਪਤ ਹੋਣਗੀਆਂ ਅਤੇ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਘਟੇਗੀ।

ਉਨ੍ਹਾਂ ਦੱਸਿਆ ਕਿ ਇਸ ਸਿਹਤ ਕੇਂਦਰ ਵਿਖੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕੇਂਦਰ ਵਿਖੇ ਸ਼ੂਗਰ, ਬਲੱਡ ਪ੍ਰੈਸ਼ਰ ਸਮੇਤ ਗੈਰ-ਸੰਚਾਰੀ ਬਿਮਾਰੀਆਂ ਦੀ ਜਾਂਚ ਅਤੇ ਸਕ੍ਰੀਨਿੰਗ ਕੀਤੀ ਜਾਂਦੀ ਹੈ। ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ ਵੱਲੋਂ ਮਰੀਜ਼ਾਂ ਦੀ ਓ.ਪੀ.ਡੀ. ਵਿੱਚ ਜਾਂਚ ਕੀਤੀ ਜਾਂਦੀ ਹੈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਦਿੱਤੀਆਂ ਜਾਂਦੀਆਂ ਹਨ।

ਕੇਂਦਰ ਵਿਖੇ ਹੀਮੋਗਲੋਬਿਨ ਦੀ ਜਾਂਚ ਸਮੇਤ ਮੁੱਢਲੀਆਂ ਲੈਬ ਟੈਸਟਿੰਗ ਸਹੂਲਤਾਂ ਵੀ ਉਪਲਬਧ ਹਨ, ਜਿਸ ਨਾਲ ਖੂਨ ਦੀ ਕਮੀ ਅਤੇ ਹੋਰ ਸਿਹਤ ਸਮੱਸਿਆਵਾਂ ਦੀ ਸਮੇਂ ਸਿਰ ਪਛਾਣ ਕਰਨ ਵਿੱਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਰੀਜ਼ਾਂ ਨੂੰ ਮਿਆਰੀ ਦਵਾਈਆਂ ਮੁਫ਼ਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ।

ਹੋਰ ਖ਼ਬਰਾਂ :-  ਪੰਜਾਬ ਵਿੱਚ ਖੇਤੀਬਾੜੀ ਤੇ ਸਹਾਇਕ ਧੰਦਿਆਂ ਨੂੰ ਹੁਲਾਰਾ ਦੇਣ ਲਈ ਵਿਕਾਸਮੁਖੀ ਬਜਟ ਪੇਸ਼

ਉਨ੍ਹਾਂ ਦੱਸਿਆ ਕਿ ਕੇਂਦਰ ਵਿਖੇ ਜੱਚਾ-ਬੱਚਾ ਸਿਹਤ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਤਾਇਨਾਤ ਏ.ਐੱਨ.ਐੱਮ. ਵੱਲੋਂ ਗਰਭਵਤੀ ਔਰਤਾਂ ਅਤੇ ਬੱਚਿਆਂ ਦੀ ਸਿਹਤ ਦੀ ਦੇਖਭਾਲ ਕੀਤੀ ਜਾਂਦੀ ਹੈ। ਹਾਈ ਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਨਿਗਰਾਨੀ ਕੀਤੀ ਜਾਂਦੀ ਹੈ ਅਤੇ ਲੋੜ ਪੈਣ ’ਤੇ ਉਨ੍ਹਾਂ ਨੂੰ ਨੇੜਲੇ ਸਰਕਾਰੀ ਹਸਪਤਾਲ ਵਿੱਚ ਰੈਫਰ ਕੀਤਾ ਜਾਂਦਾ ਹੈ। ਹਰ ਬੁੱਧਵਾਰ ਨੂੰ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਫ਼ਤ ਟੀਕਾਕਰਨ ਵੀ ਕੀਤਾ ਜਾਂਦਾ ਹੈ।

ਇਸ ਦੇ ਨਾਲ ਹੀ ਮਲਟੀਪਰਪਜ਼ ਹੈਲਥ ਵਰਕਰ (ਮੇਲ) ਵੱਲੋਂ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਸਮੇਂ-ਸਮੇਂ ’ਤੇ ਜਾਗਰੂਕਤਾ ਗਤੀਵਿਧੀਆਂ ਅਤੇ ਕੈਂਪ ਲਗਾਏ ਜਾਂਦੇ ਹਨ। ਲੋਕਾਂ ਨੂੰ ਮੱਛਰਾਂ ਦੀ ਪੈਦਾਵਾਰ ਰੋਕਣ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਇਸ ਤਹਿਤ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ।

ਸ. ਸੁਖਵੀਰ ਸਿੰਘ ਨੇ ਕਿਹਾ ਕਿ ਪਿੰਡ ਪੱਧਰ ’ਤੇ ਅਜਿਹੇ ਸਿਹਤ ਕੇਂਦਰ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਬਿਮਾਰੀਆਂ ਦੀ ਮੁੱਢਲੇ ਪੜਾਅ ’ਤੇ ਪਛਾਣ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦੀ ਉਪਲਬਧਤਾ ਨਾਲ ਲੋਕਾਂ ਨੂੰ ਸਮੇਂ ਅਤੇ ਪੈਸੇ ਦੀ ਬੱਚਤ ਹੋਵੇਗੀ ਅਤੇ ਪੇਂਡੂ ਖੇਤਰਾਂ ਵਿੱਚ ਮੁੱਢਲੀਆਂ ਸਿਹਤ ਸੇਵਾਵਾਂ ਦਾ ਦਾਇਰਾ ਹੋਰ ਵਿਸ਼ਾਲ ਹੋਵੇਗਾ।

ਇਸ ਮੌਕੇ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਮੰਨੂ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਅਧਿਕਾਰੀ, ਪਿੰਡ ਦੇ ਪਤਵੰਤੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। 

Leave a Reply

Your email address will not be published. Required fields are marked *