ਅੰਮ੍ਰਿਤਸਰ, 30 ਸਤੰਬਰ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹ ਤੋਂ ਖਤਮ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੰਮ੍ਰਿਤਸਰ ਸੈਂਟਰਲ ਹਲਕੇ ਦੀ ਵਾਰਡ ਨੰਬਰ 52 ਵਿੱਚ ਵਾਰਡ ਡਿਫੈਂਸ ਕਮੇਟੀ (WDC) ਦੇ ਸਹਿਯੋਗ ਨਾਲ ਇੱਕ ਅਹਿਮ ਜਨਤਕ ਮੀਟਿੰਗ ਕਰਵਾਈ ਗਈ। ਮੀਟਿੰਗ ਦੀ ਅਗਵਾਈ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਵਿਧਾਇਕ ਸ੍ਰੀ ਅਜੇ ਗੁਪਤਾ ਵੱਲੋਂ ਕੀਤੀ ਗਈ।
ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੀ ਸਰਾਹਨਾ ਕਰਦਿਆਂ ਇਸ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੀ ਟੀਮ ਵੱਲੋਂ ਸ੍ਰੀ ਹਨੀ ਨਾਹਰ, ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ NMM, ਸ੍ਰੀ ਜੈ ਕੁਛ ਬੁੱਟਰ, ਹਲਕਾ ਇੰਚਾਰਜ ਸੈਂਟਰਲ NMM, ਮੈਡਮ ਮੋਨਿਕਾ ਰਾਜੇਸ਼ ਹਾਂਡਾ, ਹਲਕਾ ਵਾਈਸ ਇੰਚਾਰਜ NMM, ਸ੍ਰੀ ਰਾਜੂ ਭਾਟੀਆ ਅਤੇ ਸ੍ਰੀ ਰਾਜਕੁਮਾਰ ਬੋਬੀ, ਬਲਾਕ ਪ੍ਰਧਾਨ NMM, WDC ਦੇ ਐਕਟਿੰਗ ਪ੍ਰਧਾਨ ਸ੍ਰੀ ਗੁਰਜਿੰਦਰ ਸਿੰਘ ਸਮੇਤ ਹੋਰ ਵਰਕਰ ਅਤੇ ਇਲਾਕਾ ਨਿਵਾਸੀ ਮੌਜੂਦ ਸਨ।
ਮੀਟਿੰਗ ਦੌਰਾਨ ਨਸ਼ਿਆਂ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਣੇ ਆਲੇ-ਦੁਆਲੇ ਨਸ਼ਿਆਂ ਦੇ ਖਾਤਮੇ ਲਈ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ।
ਵਿਧਾਇਕ ਸ੍ਰੀ ਅਜੇ ਗੁਪਤਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਨੂੰ ਸਫਲ ਬਣਾਉਣ ਲਈ ਸਰਕਾਰ, ਪ੍ਰਸ਼ਾਸਨ ਅਤੇ ਸਮਾਜ ਦੇ ਹਰ ਵਰਗ ਨੂੰ ਮਿਲ ਕੇ ਕੰਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਮਾਜ ਦੀ ਸਰਗਰਮ ਭਾਗੀਦਾਰੀ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਵਿੱਚ ਵੱਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ।
ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਜ਼ੋਨ ਇੰਚਾਰਜ ਸ੍ਰੀ ਦੀਕਸ਼ਿਤ ਧਵਨ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਸਿਰਫ਼ ਸਰਕਾਰੀ ਮੁਹਿੰਮ ਤੱਕ ਸੀਮਤ ਨਹੀਂ ਰੱਖਿਆ ਜਾ ਸਕਦਾ, ਸਗੋਂ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਸਮਾਜ ਦੀ ਤਾਕਤ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਰਿਵਾਰਾਂ, ਸਮਾਜਿਕ ਸੰਸਥਾਵਾਂ, ਵਾਰਡ ਡਿਫੈਂਸ ਕਮੇਟੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਕੇ ਲਗਾਤਾਰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਆਪਣੀ ਅਹਿਮ ਭੂਮਿਕਾ ਨਿਭਾਉਣ।
ਮੀਟਿੰਗ ਵਿੱਚ ਹਾਜ਼ਰ ਇਲਾਕਾ ਨਿਵਾਸੀਆਂ ਨੇ ਨਸ਼ਿਆਂ ਵਿਰੁੱਧ ਸਰਕਾਰ, ਨਸ਼ਾ ਮੁਕਤੀ ਮੋਰਚਾ, WDC ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣ ਦੀ ਵਚਨਬੱਧਤਾ ਪ੍ਰਗਟਾਈ।