ਲੋਕ ਸਭਾ ਚੋਣਾਂ ਦੌਰਾਨ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਅਤੇ ‘ਇਸ ਵਾਰ, 70 ਪਾਰ’ ਦੇ ਟੀਚੇ ਨੂੰ ਪ੍ਰਾਪਤ ਕਰਨ ਦੇ ਉਦੇਸ਼ ਨਾਲ ਪ੍ਰਸ਼ਾਸਨ ਨੇ ਜ਼ਿਲ੍ਹੇ ਵਿੱਚ ‘ਵਿਅਕਤੀ ਤੋਂ ਵਿਅਕਤੀ’ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਹੈ।
ਇਸ ਮੁਹਿੰਮ ਦੌਰਾਨ, ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਲੋਕਾਂ ਵਿੱਚ ਜਾਂਦੀਆਂ ਹਨ ਅਤੇ ਲੋਕਾਂ ਨੂੰ ਪੋਲਿੰਗ ਵਾਲੇ ਦਿਨ (1 ਜੂਨ, 2024 ਨੂੰ) ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਉਨ੍ਹਾਂ ਨਾਲ ਗੱਲਬਾਤ ਕਰਦੀਆਂ ਹਨ।
ਇਸ ਤੋਂ ਇਲਾਵਾ ਪਹਿਲੀ ਵਾਰ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਕਰਨ ਲਈ ਮੌਕੇ ‘ਤੇ ਹੀ ਵੋਟਰ ਰਜਿਸਟ੍ਰੇਸ਼ਨ ਵੀ ਕੀਤੀ ਜਾਂਦੀ ਹੈ। ਅੱਜ ਵੱਖ-ਵੱਖ ਟੀਮਾਂ ਵੱਲੋਂ ਮਾਡਲ ਗ੍ਰਾਮ, ਕੋਚਰ ਮਾਰਕੀਟ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸਮੇਤ ਹੋਰ ਖੇਤਰਾਂ ਦਾ ਦੌਰਾ ਕੀਤਾ।
ਅਧਿਕਾਰੀਆਂ ਨੇ ਦੱਸਿਆ ਕਿ ਪਹਿਲੀ ਵਾਰ ਵੋਟਰ ਆਪਣੇ ਆਪ ਨੂੰ ਵੋਟਰ ਵਜੋਂ ਦਰਜ ਕਰਵਾਉਣ ਲਈ ‘ਵੋਟਰ ਹੈਲਪਲਾਈਨ’ ਮੋਬਾਈਲ ਐਪਲੀਕੇਸ਼ਨ ਅਤੇ ਨੈਸ਼ਨਲ ਵੋਟਰ ਸਰਵਿਸਿਜ਼ ਪੋਰਟਲ (ਐਨ.ਵੀ.ਐਸ.ਪੀ.) ਦੀ ਵਰਤੋਂ ਕਰ ਸਕਦੇ ਹਨ। ਆਪਣੇ ਆਪ ਨੂੰ ਵੋਟਰ ਵਜੋਂ ਰਜਿਸਟਰ ਕਰਨ ਲਈ ਵਸਨੀਕ www.nvsp.in ‘ਤੇ ਵੀ ਜਾ ਸਕਦੇ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਜਾਗਰੂਕਤਾ ਮੁਹਿੰਮਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ। ਪਹਿਲੀ ਵਾਰ ਵੋਟਰਾਂ ਦਾ ਨਾਮ ਦਰਜ ਕਰਵਾਉਣ ਲਈ ਵਿਦਿਅਕ ਸੰਸਥਾਵਾਂ ਵਿੱਚ ਵੋਟਰ ਰਜਿਸਟ੍ਰੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਇਸ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦੀ (ਇਸ ਵਾਰ, 70 ਪਾਰ) ਤੋਂ ਵੱਧ ਵੋਟਰਾਂ ਦੇ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।
ਇਸ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਅਤੇ ਪੁਲਿਸ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਅਤੇ ਪ੍ਰਭਾਵ ਹੇਠ ਆ ਕੇ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।