ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਹਰਿਆਵਲ ਨੂੰ ਵਧਾਉਣ ਅਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਮੱਦੇਨਜ਼ਰ, ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਵੱਲੋਂ ਵਿਸ਼ਵ ਵੈਟਲੈਂਡਜ਼ ਦਿਵਸ ਦੀ ਪ{ਰਵ ਸੰਧਿਆ ‘ਤੇ ਇਤਿਹਾਸਕ ਗੁਰਦੁਆਰਾ ਗਊ ਘਾਟ ਦੇ ਪਿਛਲੇ ਪਾਸੇ ਬੁੱਢਾ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਦਾ ਆਗਾਜ਼ ਕੀਤਾ।
ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਕੁਲਵੰਤ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਾਲ ਰਾਜ ਸਭਾ ਮੈਂਬਰ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਸ਼ੁੱਧ ਹਵਾ, ਪਾਣੀ ਅਤੇ ਧਰਤੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਲੋਕ ਅੱਗੇ ਆਉਣ ਅਤੇ ਬੂਟੇ ਲਗਾਉਣ ਅਤੇ ਇਸ ਦੀ ਸਹੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਦੇ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਵਾਤਾਵਰਨ ਦੀ ਸੰਭਾਲ ਕਰਨੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਹਵਾ, ਪਾਣੀ ਅਤੇ ਮਿੱਟੀ ਦੇ ਪ੍ਰਦੂਸ਼ਣ ਦੇ ਪੱਧਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਦਰੱਖਤ ਪ੍ਰਦੂਸ਼ਕਾਂ ਨੂੰ ਘਟਾ ਕੇ ਸਾਡੇ ਵਾਤਾਵਰਨ ਨੂੰ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਵਿੱਚ ਬੁੱਢਾ ਦਰਿਆ ਦੇ ਸਮੁੱਚੇ ਹਿੱਸੇ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ।
ਸੰਤ ਸੀਚੇਵਾਲ ਨੇ ਕਿਹਾ ਕਿ ਨਾਗਰਿਕਾਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਬਹੁਤ ਜ਼ਰੂਰੀ ਹੈ ਕਿਉਂਕਿ ਰੁੱਖ ਹੀ ਆਕਸੀਜਨ ਦਾ ਸਰੋਤ ਹਨ, ਜੋ ਧਰਤੀ ‘ਤੇ ਮਨੁੱਖੀ ਜੀਵਨ ਦਾ ਆਧਾਰ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੁੱਢਾ ਦਰਿਆ ਦੇ ਪੁਨਰ-ਸੁਰਜੀਤੀ ਪ੍ਰਾਜੈਕਟ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕੁਦਰਤ ਅਤੇ ਵਾਤਾਵਰਨ ਦੇ ਬਹੁਤ ਨੇੜੇ ਸਨ ਅਤੇ ਇਹ ਮੁਹਿੰਮ ਪਵਨ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹੱਤ ਦਾ ਸੰਦੇਸ਼ ਦੇਣ ਵਾਲੇ ਮਹਾਨ ਗੁਰੂ ਨੂੰ ਸ਼ਰਧਾਂਜਲੀ ਹੈ।
ਵਿਧਾਇਕ ਅਸ਼ੋਕ ਪਰਾਸ਼ਰ, ਕੁਲਵੰਤ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਜ਼ਿਲ੍ਹੇ ਦੇ ਵਸਨੀਕਾਂ ਨੂੰ ਜ਼ਿਲ੍ਹੇ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਜ਼ਿਲ੍ਹਾ ਬਣਾਉਣ ਲਈ ਅਹਿਮ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਜਿਹੇ ਬੂਟੇ ਲਗਾਉਣੇ ਬਹੁਤ ਜ਼ਰੂਰੀ ਹਨ। ਉਨ੍ਹਾਂ ਲੋਕਾਂ ਨੂੰ ਗਰੀਨ ਅੰਬੈਸਡਰ ਬਣਨ ਅਤੇ ਇਸ ਨੂੰ ਲੋਕ ਲਹਿਰ ਬਣਾਉਣ ਲਈ ਬੂਟੇ ਲਗਾਉਣ ਦੀ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਵੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਵਿਅਕਤੀ ਨੂੰ ਬੂਟੇ ਲਗਾ ਕੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਧੀਆ ਭਵਿੱਖ ਦੇਣ ਲਈ ਪ੍ਰਦੂਸ਼ਣ ਨੂੰ ਰੋਕਣ ਦਾ ਪ੍ਰਣ ਲੈਣਾ ਚਾਹੀਦਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਨਮੋਲ ਸਿੰਘ ਧਾਲੀਵਾਲ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।