ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਮੁਹਿੰਮ ਤੇਜ਼

Punjab Police Logo

ਮਾਲੇਰਕੋਟਲਾ, 14 ਅਕਤੂਬਰ:        ਜ਼ਿਲ੍ਹਾ ਮਾਲੇਰਕੋਟਲਾ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕਤ ਕਰਨ ਲਈ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸਾਂਝੇ ਯਤਨ ਤੇਜ਼ ਕਰਦਿਆਂ ਨਸ਼ਾ ਪ੍ਰਭਾਵਿਤ ਖੇਤਰਾਂ ਵਿੱਚ ਸਫ਼ਾਈ ਮੁਹਿੰਮ ਆਰੰਭੀ ਗਈ ਹੈ। ਇਸ ਤਹਿਤ ਜ਼ਿਲ੍ਹੇ ਦੇ ਸ਼ਨਾਖ਼ਤ ਕੀਤੇ 7 ਹਾਟਸਪਾਟਾਂ ਦੇ ਆਲੇ-ਦੁਆਲੇ ਸੁੰਨਸਾਨ ਥਾਵਾਂ, ਖਾਲੀ ਇਮਾਰਤਾਂ, ਨਹਿਰਾਂ ਅਤੇ ਰਜਵਾਹਿਆਂ ਦੇ ਕੰਢਿਆਂ ਦੀ ਸਾਫ਼-ਸਫ਼ਾਈ ਕਰਵਾਉਣ ਦੇ ਨਾਲ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਸਬੰਧੀ ਡੀ.ਐਸ.ਪੀ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੀ ਰੋਕਥਾਮ ਲਈ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਹੀ ਨਹੀਂ, ਸਗੋਂ ਉਨ੍ਹਾਂ ਸਥਾਨਾਂ ਨੂੰ ਵੀ ਸੁਰੱਖਿਅਤ ਬਣਾਉਣਾ ਜ਼ਰੂਰੀ ਹੈ, ਜਿੱਥੇ ਸੁੰਨਸਾਨ ਮਾਹੌਲ ਕਾਰਨ ਨਸ਼ਿਆਂ ਦੀ ਵਰਤੋਂ ਵਰਗੀਆਂ ਗਤੀਵਿਧੀਆਂ ਦਾ ਖ਼ਦਸ਼ਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਥਾਵਾਂ ਦੀ ਸਫ਼ਾਈ, ਢੁੱਕਵੀਂ ਰੌਸ਼ਨੀ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਲਈ ਸਬੰਧਤ ਵਿਭਾਗਾਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਸ਼ਾ ਪ੍ਰਭਾਵਿਤ ਇਲਾਕਿਆਂ ਵਿੱਚ ਪੁਲਿਸ ਵੱਲੋਂ ਨਾਕਾਬੰਦੀ, ਅਚਨਚੇਤ ਚੈਕਿੰਗ ਅਤੇ ਤਲਾਸ਼ੀ ਮੁਹਿੰਮਾਂ ਲਗਾਤਾਰ ਜਾਰੀ ਹਨ। ਨਸ਼ਿਆਂ ਦੀ ਸਪਲਾਈ ਚੇਨ ਤੋੜਨ ਅਤੇ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।

ਹੋਰ ਖ਼ਬਰਾਂ :-  ਕੇਜਰੀਵਾਲ ਅਤੇ ਸੀਐਮ ਮਾਨ ਦਾ ਨੌਜਵਾਨਾਂ ਨੂੰ ਤੋਹਫ਼ਾ: ‘ਪੰਜਾਬ ਸਟਾਰਟਅੱਪ ਐਪ’ ਨਾਲ ਹਰ ਵਿਦਿਆਰਥੀ ਬਣੇਗਾ ਉੱਦਮੀ, ਪੜ੍ਹਾਈ ਨਾਲ ਹੋਵੇਗੀ ਕਮਾਈ

ਡੀ.ਐਸ.ਪੀ. ਨੇ ਭਾਵੁਕ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਮਾਰ ਸਿਰਫ਼ ਇੱਕ ਵਿਅਕਤੀ ਤੱਕ ਸੀਮਤ ਨਹੀਂ ਰਹਿੰਦੀ, ਸਗੋਂ ਪੂਰੇ ਪਰਿਵਾਰ ਦੇ ਸੁਪਨਿਆਂ ਅਤੇ ਭਵਿੱਖ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾਂ ਨੂੰ ਨਫ਼ਰਤ ਜਾਂ ਤਿਰਸਕਾਰ ਦੀ ਬਜਾਏ ਸਹੀ ਸੇਧ, ਇਲਾਜ ਅਤੇ ਪਰਿਵਾਰਕ ਸਹਾਰੇ ਦੀ ਲੋੜ ਹੈ। ਸਾਡਾ ਉਦੇਸ਼ ਨਸ਼ਾ ਤਸਕਰੀ ਨੂੰ ਰੋਕਣ ਦੇ ਨਾਲ ਨਸ਼ਾ ਪੀੜਤਾਂ ਨੂੰ ਸਿਹਤਮੰਦ ਜੀਵਨ ਵੱਲ ਪਰਤਣ ਲਈ ਉਤਸ਼ਾਹਿਤ ਕਰਨਾ ਵੀ ਹੈ।

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ, ਨਗਰ ਕੌਂਸਲਾਂ, ਪੰਚਾਇਤੀ ਰਾਜ ਸੰਸਥਾਵਾਂ ਅਤੇ ਹੋਰ ਵਿਭਾਗਾਂ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਕਾਰਜ ਯੋਜਨਾ ਨੂੰ ਅਮਲੀ ਰੂਪ ਦਿੱਤਾ ਜਾ ਰਿਹਾ ਹੈ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ ਪੀੜਤਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਪੁਲਿਸ ਦੀ ਚੌਕਸੀ ਦੇ ਨਾਲ ਹਰ ਪਰਿਵਾਰ ਦੀ ਜਾਗਰੂਕਤਾ ਅਤੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਬੇਹੱਦ ਜ਼ਰੂਰੀ ਹੈ। 

Leave a Reply

Your email address will not be published. Required fields are marked *