ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ

Punjab Chief Minister Bhagwant Singh Mann holds meeting with the top brass of the punjab police to ensure free, fair and peaceful conduct of polls

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਲਿਸ ਅਧਿਕਾਰੀਆਂ ਨੂੰ ਅਗਾਮੀ ਲੋਕ ਸਭਾ ਚੋਣਾਂ ਬਿਨਾਂ ਕਿਸੇ ਡਰ-ਭੈਅ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਆਖਿਆ।

ਅੱਜ ਇੱਥੇ ਪੁਲਿਸ ਦੇ ਇੰਸਪੈਕਟਰ ਜਨਰਲ, ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਸਮੇਤ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਹੋਣੀਆਂ ਲਾਜ਼ਮੀ ਹਨ ਤਾਂ ਕਿ ਲੋਕ ਆਜ਼ਾਦੀ ਨਾਲ ਵੋਟ ਪਾ ਸਕਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਜਮਹੂਰੀਅਤ ਦਾ ਜਸ਼ਨ ਹਨ ਜਿਸ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰੇਕ ਵੋਟਰ ਬੇਖੌਫ਼ ਹੋ ਕੇ ਇਨ੍ਹਾਂ ਚੋਣਾਂ ਵਿੱਚ ਹਿੱਸਾ ਲਵੇ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਇਸ ਮੰਤਵ ਲਈ ਢੁਕਵੇਂ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਇਹ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਸਿਆਸੀ ਪਾਰਟੀਆਂ ਸਮੇਤ ਸਾਰੇ ਪ੍ਰਮੁੱਖ ਭਾਈਵਾਲਾਂ ਨਾਲ ਤਾਲਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਵਿੱਚ ਸੁਰੱਖਿਆ ਅਤੇ ਹਿਫਾਜ਼ਤ ਦੀ ਭਾਵਨਾ ਹੋਣੀ ਚਾਹੀਦੀ ਹੈ ਤਾਂ ਕਿ ਸਾਰੀਆਂ ਪਾਰਟੀਆਂ ਵੱਧ-ਚੜ੍ਹ ਕੇ ਚੋਣਾਂ ਵਿੱਚ ਹਿੱਸਾ ਲੈ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ ਸੰਵਿਧਾਨ ਸਾਰੀਆਂ ਸਿਆਸੀ ਪਾਰਟੀਆਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਦਾ ਹੈ ਤਾਂ ਕਿ ਉਹ ਚੋਣਾਂ ਵਿੱਚ ਸ਼ਿਰਕਤ ਕਰ ਸਕਣ ਅਤੇ ਇਸ ਦੀ ਪਾਲਣਾ ਨੂੰ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇ।

ਇਕ ਹੋਰ ਮਸਲੇ ਉਤੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਸਹਾਇਤਾ ਲਈ ਅਰਧ ਸੈਨਿਕ ਬਲਾਂ ਦੀਆਂ ਕਈ ਕੰਪਨੀਆਂ ਵੀ ਸੂਬੇ ਵਿੱਚ ਛੇਤੀ ਹੀ ਪਹੁੰਚ ਜਾਣਗੀਆਂ। ਉਨ੍ਹਾਂ ਕਿਹਾ ਕਿ ਇਹ ਫੋਰਸਾਂ ਸੂਬੇ ਦੀਆਂ ਰਵਾਇਤਾਂ, ਧਰਮ, ਅਤੇ ਰੀਤਾ-ਰਿਵਾਜਾਂ ਤੋਂ ਅਣਜਾਣ ਹੁੰਦੀਆਂ ਹਨ ਜਿਸ ਕਰਕੇ ਪੰਜਾਬ ਪੁਲਿਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਕਿਸੇ ਤਰ੍ਹਾਂ ਠੇਸ ਨਾ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਪਾਲਣਾ ਕਰਨਾ ਬਹੁਤ ਮਹੱਤਵਪੂਰਨ ਹੈ ਕਿਉਂਕਿ ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਕਾਇਮ ਰੱਖਣ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਖਿਆਲ ਰੱਖਣਾ ਸਭ ਤੋਂ ਜ਼ਰੂਰੀ ਹੈ।

ਹੋਰ ਖ਼ਬਰਾਂ :-  ਕੋਲਕਾਤਾ ਮਹਿਲਾ ਡਾਕਟਰ ਦੇ ਬਲਾਤਕਾਰ-ਕਤਲ ਮਾਮਲੇ 'ਚ ਵੱਡਾ ਖੁਲਾਸਾ, CBI ਨੇ ਸੰਭਾਲੀ ਜਾਂਚ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹਾ ਅਤੇ ਸੂਬਾ ਪੱਧਰ ਉਤੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਰਮਿਆਨ ਢੁਕਵਾਂ ਤਾਲਮੇਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਇਸ ਦਾ ਪਾਲਣ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਸਮੁੱਚੇ ਪ੍ਰਸ਼ਾਸਨ ਨੂੰ ਲਾਭ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਸੂਬੇ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਸਿਆ ਨੂੰ ਰੋਕਣ ਲਈ ਵਿਆਪਕ ਪੱਧਰ ਉਤੇ ਮੁਹਿੰਮ ਚਲਾਉਣੀ ਚਾਹੀਦੀ ਹੈ ਅਤੇ ਅਜਿਹੇ ਹਥਿਆਰ ਰੱਖਣ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਭਰ ਵਿੱਚ ਲਾਇਸੰਸੀ ਹਥਿਆਰਾ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣੀ ਚਾਹੀਦੀ ਹੈ ਅਤੇ ਇਸ ਨੂੰ ਚੋਣਾਂ ਤੋਂ ਪਹਿਲਾਂ ਮੁਕੰਮਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਸੂਬੇ ਵਿੱਚ ਸ਼ਾਂਤਮਈ ਚੋਣਾਂ ਕਰਵਾਈਆਂ ਜਾਣ ਅਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਚੋਣ ਬੁਲੇਟਿਨ ਨਿਰੰਤਰ ਜਾਰੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ ਲੋਕਾਂ ਨੂੰ ਚੋਣਾਂ ਸਬੰਧੀ ਚੁੱਕੇ ਜਾ ਰਹੇ ਕਦਮਾਂ ਬਾਰੇ ਤਾਜ਼ਾ ਜਾਣਕਾਰੀ ਹਾਸਲ ਹੁੰਦੀ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਚੋਣਾਂ ਦੌਰਾਨ ਅਫਵਾਹਾਂ ਫੈਲਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਿਆ ਜਾਵੇ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਸੋਸ਼ਲ ਅਤੇ ਇਲੈਕਟ੍ਰਾਨਿਕ ਮੀਡੀਆ ਦੇ ਵੱਖ-ਵੱਖ ਪਲੇਟਫਾਰਮਾਂ ਦੀ ਵਰਤੋਂ ਵੀ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਪੁਲਿਸ ਫੋਰਸ ਨੂੰ ਹਾਲ ਹੀ ਵਿੱਚ ਮੁਹੱਈਆ ਕਰਵਾਏ ਗਏ ਹਾਈ-ਟੈੱਕ ਵਾਹਨਾਂ ਨੂੰ ਵੱਧ ਤੋਂ ਵੱਧ ਵਰਤੋਂ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਜਿਸ ਨਾਲ ਸਥਿਤੀ ਨਾਲ ਵਧੇਰੇ ਕਾਰਗਰ ਨਾਲ ਨਿਪਟਿਆ ਜਾ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਜ਼ਿਲ੍ਹਿਆਂ ਵਿੱਚ ਸਾਰੀਆਂ ਨਾਜ਼ੁਕ ਥਾਵਾਂ ਖਾਸ ਕਰਕੇ ਪੁਲਿਸ ਨਾਕਿਆਂ ਉਤੇ ਸੀ.ਸੀ.ਟੀ.ਵੀ. ਸਥਾਪਤ ਕਰਨ ਨੂੰ ਵੀ ਯਕੀਨੀ ਬਣਾਉਣ ਲਈ ਆਖਿਆ।

dailytweetnews.com

Leave a Reply

Your email address will not be published. Required fields are marked *