ਚੰਡੀਗੜ੍ਹ, 08 ਜਨਵਰੀ 2026: ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਾਲ ਵਿਆਹ ਦੀ ਸਮਾਜਿਕ ਬੁਰਾਈ ਨੂੰ ਸੂਬੇ ‘ਚੋਂ ਖ਼ਤਮ ਕਰਨ ਲਈ ਯਤਨ ਕੀਤੇ ਜਾ ਰਹੇ ਹਨ।
ਇਸ ਸਬੰਧੀ ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੌਜੂਦਾ ਵਿੱਤੀ ਸਾਲ 2025-26 ਦੌਰਾਨ ਬੱਚਿਆਂ ਦੀ ਸੁਰੱਖਿਆ ਅਤੇ ਹਿੱਤਾਂ ਨੂੰ ਬਰਕਰਾਰ ਰੱਖਣ ਲਈ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਂਦਿਆਂ ਪੰਜਾਬ ਸਰਕਾਰ ਦੇ ਦਖ਼ਲ ਨਾਲ ਬਾਲ ਵਿਆਹਾਂ ਦੇ 64 ਮਾਮਲਿਆਂ ਨੂੰ ਰੋਕਿਆ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ‘‘ਬਾਲ ਵਿਆਹ ਦੀ ਕਿਸੇ ਵੀ ਘਟਨਾ ਦੀ ਰਿਪੋਰਟ ਬਿਨਾਂ ਕਿਸੇ ਝਿਜਕ ਤੋਂ ਨਜ਼ਦੀਕੀ ਬਾਲ ਵਿਆਹ ਰੋਕਥਾਮ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਚਾਈਲਡ ਹੈਲਪਲਾਈਨ 1098 ’ਤੇ ਕਾਲ ਕਰਕੇ ਦਿੱਤੀ ਜਾ ਸਕਦੀ ਹੈ ਤਾਂ ਜੋ ਸਮੇਂ ਸਿਰ ਕਾਰਵਾਈ ਕਰਕੇ ਬੱਚਿਆਂ ਦੀ ਸੁਰੱਖਿਆ ਕੀਤੀ ਜਾ ਸਕੇ।’’
ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ‘ਚ ਬਾਲ ਵਿਆਹ ਰੋਕਥਾਮ ਲਈ ਨਿਯੁਕਤ ਸਾਰੇ ਅਧਿਕਾਰੀਆਂ ਦੇ ਵੇਰਵੇ ਭਾਰਤ ਸਰਕਾਰ ਦੇ ਰਾਸ਼ਟਰੀ ਬਾਲ ਵਿਆਹ ਮੁਕਤੀ ਪੋਰਟਲ ’ਤੇ ਅਪਲੋਡ ਕੀਤੇ ਹਨ, ਜੋ ਪਾਰਦਰਸ਼ਤਾ ਅਤੇ ਆਸਾਨ ਜਨਤਕ ਪਹੁੰਚ ਨੂੰ ਯਕੀਨੀ ਬਣਾਉਂਦੇ ਹਨ।
ਪੰਜਾਬ ਵੱਲੋਂ ਚੁੱਕੇ ਪ੍ਰਸ਼ਾਸਕੀ ਉਪਾਵਾਂ ਬਾਰੇ ਡਾ. ਬਲਜੀਤ ਕੌਰ ਨੇ ਕਿਹਾ ਕਿ ਬੱਚਿਆਂ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਾਲ ਵਿਆਹ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਪੰਜਾਬ ਭਰ ‘ਚ ਜ਼ਿਲ੍ਹਾ ਅਤੇ ਬਲਾਕ ਪੱਧਰ ’ਤੇ 2,076 ਬਾਲ ਵਿਆਹ ਰੋਕਥਾਮ ਅਧਿਕਾਰੀ ਨਿਯੁਕਤ ਕੀਤੇ ਹਨ। ਇਹ ਅਧਿਕਾਰੀ ਸਰਗਰਮੀ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾ ਰਹੇ ਹਨ |
ਡਾ. ਬਲਜੀਤ ਕੌਰ ਨੇ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਅਧੀਨ ਸਾਰੇ ਜ਼ਿਲ੍ਹਿਆਂ ਦੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀਆਂ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਬਾਲ ਵਿਆਹ ਰੋਕਥਾਮ ਅਧਿਕਾਰੀ ਵਜੋਂ ਨਾਮਜ਼ਦ ਕੀਤਾ ਹੈ।