ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪਹਿਲ ਦੇ ਆਧਾਰ ’ਤੇ ਕਰ ਰਹੀ ਹੈ ਕੰਮ: ਹਰਪਾਲ ਸਿੰਘ ਚੀਮਾ

Punjab government is working on priority basis to promote sports: Harpal Singh Cheema

ਦਿੜ੍ਹਬਾ (ਸੰਗਰੂਰ), 22 ਨਵੰਬਰ:  ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡ ਮੈਦਾਨਾਂ ਨਾਲ ਜੋੜਨ ਲਈ ਪਹਿਲ ਦੇ ਆਧਾਰ ’ਤੇ ਕੰਮ ਕਰ ਰਹੀ ਹੈ। ਉਹ ਦਿੜ੍ਹਬਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿੱਚ ਸ਼ਾਮਲ ਹੋਣ ਮੌਕੇ ਖਿਡਾਰੀਆਂ ਅਤੇ ਪ੍ਰਬੰਧਕਾਂ ਨਾਲ ਗੱਲਬਾਤ ਕਰ ਰਹੇ ਸਨ।

ਵਿੱਤ ਮੰਤਰੀ ਨੇ ਮੁਕਾਬਲਿਆਂ ਵਿੱਚ ਹਿੱਸਾ ਲੈ ਰਹੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ, ਉਨ੍ਹਾਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਵਧੀਆ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਦਿੜ੍ਹਬਾ ਦੀ ਕਬੱਡੀ ਨਾਲ ਖ਼ਾਸ ਪਛਾਣ ਹੈ। ਇੱਥੋਂ ਦੇ ਖੇਡ ਮੈਦਾਨਾਂ ਨੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਅਨੇਕਾਂ ਖਿਡਾਰੀ ਪੈਦਾ ਕੀਤੇ ਹਨ। ਇਸੇ ਖੇਡ ਵਿਰਾਸਤ ਨੂੰ ਧਿਆਨ ਵਿੱਚ ਰੱਖਦਿਆਂ ਦਿੜ੍ਹਬਾ ਵਿਖੇ ਸੂਬਾ ਪੱਧਰੀ ਨੈਸ਼ਨਲ ਸਟਾਈਲ ਕਬੱਡੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰ ਚੀਮਾ ਨੇ ਕਿਹਾ ਕਿ ਨੌਜਵਾਨਾਂ ਨੂੰ ਪੂਰੇ ਉਤਸ਼ਾਹ ਨਾਲ ਮੈਦਾਨ ਵਿੱਚ ਖੇਡਦਿਆਂ ਦੇਖਣਾ ਖ਼ੁਸ਼ੀ ਦੀ ਗੱਲ ਹੈ। ਖੇਡਾਂ ਨੌਜਵਾਨਾਂ ਨੂੰ ਅਨੁਸ਼ਾਸਨ, ਮਿਹਨਤ ਅਤੇ ਟੀਮ ਭਾਵਨਾ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸਹੂਲਤਾਂ ਦਾ ਵਿਸਥਾਰ ਕਰ ਰਹੀ ਹੈ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਹੋਰ ਮੌਕੇ ਮਿਲ ਸਕਣ।

ਹੋਰ ਖ਼ਬਰਾਂ :-  ਐਸ.ਆਈ.ਆਰ. 2026: ਪੰਜਾਬ ਵਿੱਚ ਡਰਾਫਟ ਵੋਟਰ ਸੂਚੀ ਪ੍ਰਕਾਸ਼ਿਤ: ਅਨਿੰਦਿਤਾ ਮਿੱਤਰਾ ਸੀਈਓ ਪੰਜਾਬ

ਵਿੱਤ ਮੰਤਰੀ ਨੇ ਦੱਸਿਆ ਕਿ ਦਿੜ੍ਹਬਾ ਵਿਖੇ ਪਦਮ ਸ਼੍ਰੀ ਓਲੰਪੀਅਨ ਕੌਰ ਸਿੰਘ ਖਨਾਲ ਅਤੇ ਅੰਤਰਰਾਸ਼ਟਰੀ ਕਬੱਡੀ ਕੋਚ ਗੁਰਮੇਲ ਸਿੰਘ ਦੀ ਯਾਦ ਨਾਲ ਜੁੜਿਆ ਇਨਡੋਰ ਸਟੇਡੀਅਮ ਕਰੀਬ 7.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਟੇਡੀਅਮ ਵਿੱਚ 11 ਖੇਡਾਂ ਲਈ ਸਹੂਲਤਾਂ ਉਪਲਬਧ ਹੋਣਗੀਆਂ ਅਤੇ ਕੰਮ ਮੁਕੰਮਲ ਹੋਣ ਉਪਰੰਤ ਇਸ ਨੂੰ ਖਿਡਾਰੀਆਂ ਨੂੰ ਸਮਰਪਿਤ ਕੀਤਾ ਜਾਵੇਗਾ।

ਸ੍ਰ ਚੀਮਾ ਨੇ ਕਿਹਾ ਕਿ ਮੁਕਾਬਲਿਆਂ ਵਿੱਚ ਹਿੱਸਾ ਲੈਣ ਆਏ ਖਿਡਾਰੀਆਂ ਲਈ ਰਿਹਾਇਸ਼ ਅਤੇ ਖਾਣ-ਪੀਣ ਦੇ ਪ੍ਰਬੰਧ ਖੇਡ ਵਿਭਾਗ ਵੱਲੋਂ ਕੀਤੇ ਗਏ ਹਨ। ਜੇਤੂ ਖਿਡਾਰੀਆਂ ਨੂੰ ਸਰਕਾਰ ਵੱਲੋਂ ਨਿਰਧਾਰਤ ਨਕਦ ਇਨਾਮ ਵੀ ਦਿੱਤੇ ਜਾਣਗੇ। ਉਨ੍ਹਾਂ ਮੁਕਾਬਲਿਆਂ ਦੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਖਿਡਾਰੀਆਂ, ਕੋਚਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ।

ਇਸ ਮੌਕੇ ਵੱਖ ਵੱਖ ਅਧਿਕਾਰੀ, ਪਤਵੰਤੇ, ਵੱਖ ਵੱਖ ਅਹੁਦੇਦਾਰ ਅਤੇ ਵੱਡੀ ਗਿਣਤੀ ਖਿਡਾਰੀ ਹਾਜ਼ਰ ਸਨ। 

Leave a Reply

Your email address will not be published. Required fields are marked *