ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜੰਗ ਜਾਰੀ: ਬ੍ਰਮ ਸ਼ੰਕਰ ਜਿੰਪਾ

Punjab government's war against drugs continues: Bram Shankar Jimpa

ਹੁਸ਼ਿਆਰਪੁਰ, 12 ਸਤੰਬਰ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੇ ਗਈ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਦਿਆਂ ਸਰਕਾਰ ਨਸ਼ਿਆਂ ਦੀ ਰੋਕਥਾਮ ਦੇ ਨਾਲ-ਨਾਲ ਨਸ਼ਾ ਪੀੜਤਾਂ ਦੇ ਇਲਾਜ ਅਤੇ ਮੁੜਵਸੇਬੇ ਵੱਲ ਵੀ ਵਿਸ਼ੇਸ਼ ਧਿਆਨ ਦੇ ਰਹੀ ਹੈ।
ਉਹ ਅੱਜ ਸਿਵਲ ਹਸਪਤਾਲ ਵਿੱਚ ਜ਼ਿਲ੍ਹਾ ਨਸ਼ਾ ਛੁਡਾਊ ਅਤੇ ਮੁੜਵਸੇਬਾ ਸੁਸਾਇਟੀ ਵੱਲੋਂ ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿੰਮ ਤਹਿਤ ਸਥਾਪਿਤ ਕੀਤੀ ਗਈ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਨਸ਼ਾ ਮੁਕਤੀ ਇਲਾਜ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਨਸ਼ਾ ਇੱਕ ਗੰਭੀਰ ਸਮਾਜਿਕ ਸਮੱਸਿਆ ਹੈ, ਜਿਸ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ ਅਤੇ ਜਾਗਰੂਕਤਾ ਨੂੰ ਨਾਲ ਲੈ ਕੇ ਚੱਲਣਾ ਜ਼ਰੂਰੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਮੁਹਿੰਮ ਵਿੱਚ ਸਹਿਯੋਗ ਕਰਨ ਅਤੇ ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਇਲਾਜ ਅਤੇ ਮੁੜਵਸੇਬਾ ਸੇਵਾਵਾਂ ਦਾ ਲਾਭ ਲੈਣ ਲਈ ਪ੍ਰੇਰਿਤ ਕਰਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਮੁਕਤ ਪੰਜਾਬ ਦੇ ਨਿਰਮਾਣ ਲਈ ਪੂਰੀ ਗੰਭੀਰਤਾ ਨਾਲ ਯਤਨਸ਼ੀਲ ਹੈ ਅਤੇ ਇਸ ਦਿਸ਼ਾ ਵਿੱਚ ਸਿਹਤ ਸੇਵਾਵਾਂ ਅਤੇ ਮੁੜਵਸੇਬਾ ਸਹੂਲਤਾਂ ਦਾ ਲਗਾਤਾਰ ਵਿਸਥਾਰ ਕੀਤਾ ਜਾ ਰਿਹਾ ਹੈ।

ਹੋਰ ਖ਼ਬਰਾਂ :-  ਦੁਬਈ ਵਿੱਚ ਇਸ ਦਿਨ ਲੱਗੇਗਾ ਖਿਡਾਰੀਆਂ ਦਾ ਬਾਜ਼ਾਰ, 219 ਭਾਰਤੀ ਅਤੇ 114 ਵਿਦੇਸ਼ੀਆਂ ਦੇ ਨਾਂਅ ‘ਤੇ ਲੱਗੇਗੀ ਬੋਲੀ

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਸਿਰਫ਼ ਸਰਕਾਰੀ ਯਤਨਾਂ ਤੱਕ ਸੀਮਿਤ ਨਹੀਂ ਰਹਿਣੀ ਚਾਹੀਦੀ, ਸਗੋਂ ਇਸ ਵਿੱਚ ਸਮਾਜ ਦੇ ਹਰ ਵਰਗ ਦੀ ਸਰਗਰਮ ਭਾਗੀਦਾਰੀ ਜ਼ਰੂਰੀ ਹੈ। ਪੰਜਾਬ ਸਰਕਾਰ ਦਾ ਉਦੇਸ਼ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਆਏ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਆਮ ਜੀਵਨ ਵੱਲ ਵਾਪਸ ਲਿਆਉਣਾ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮਜ਼ਬੂਤ ਬਣਾਉਣਾ ਹੈ।

ਇਸ ਮੌਕੇ ਮੇਅਰ ਪ੍ਰਵੀਣ ਸੈਣੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਸਤਵੰਤ ਸਿੰਘ ਸਿਆਣ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ, ਐਸ.ਐਮ.ਓ. ਸਿਵਲ ਹਸਪਤਾਲ ਡਾ. ਨਵਜੋਤ ਸਿੰਘ, ਐਸ.ਐਮ.ਓ. ਡਾ. ਨੇਹਾ ਪਾਲ, ਸਾਈਕਿਆਟ੍ਰਿਸਟ ਡਾ. ਰਾਜ ਕੁਮਾਰ, ਡਾ. ਹਰਪ੍ਰੀਤ ਸੋਢੀ, ਸਾਈਕੋਲੋਜਿਸਟ ਤਜਿੰਦਰ ਕੌਰ, ਕਾਊਂਸਲਰ ਪ੍ਰਸ਼ਾਂਤ ਆਦੀਆ, ਪਰਵੇਸ਼, ਰਾਮਦੇਈ ਅਤੇ ਕਿਰਨ ਬਾਲਾ ਵੀ ਮੌਜੂਦ ਸਨ। 

Leave a Reply

Your email address will not be published. Required fields are marked *