ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਮੁੱਖ ਮੰਤਰੀ ਨੇ ਪੰਜਾਬ ਤੇ ਪੰਜਾਬੀਅਤ ਦੀ ਭਾਵਨਾ ਅਤੇ ਅਨੇਕਤਾ ਵਿੱਚ ਏਕਤਾ ਦਾ ਪ੍ਰਤੀਕ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਵਿਸ਼ਵ ਭਰ ਦੇ ਪੰਜਾਬੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਲੋਕਾਂ ਨੂੰ ਇਸ ਦਿਨ ਦੇ ਅਮੀਰ ਗੌਰਵਮਈ ਅਤੇ ਸੱਭਿਆਚਾਰਕ ਵਿਰਸੇ ਬਾਰੇ ਯਾਦ ਦਿਵਾਉਂਦਿਆਂ ਕਿਹਾ ਕਿ ਇਸ ਪਵਿੱਤਰ ਦਿਹਾੜੇ ‘ਤੇ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪਵਿੱਤਰ ਨਗਰੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਵੱਖ-ਵੱਖ ਖੇਤਰਾਂ ਤੇ ਧਰਮਾਂ ਨਾਲ ਸਬੰਧਤ ਪੰਜ ਪਿਆਰਿਆਂ ਨੂੰ ਅੰਮ੍ਰਿਤ ਛਕਾ ਕੇ ‘ਖਾਲਸਾ ਪੰਥ’ ਦੀ ਸਾਜਨਾ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦਸਮੇਸ਼ ਪਿਤਾ ਨੇ ਜਾਤ-ਪਾਤ ਰਹਿਤ ਸਮਾਜ ਦੀ ਸਿਰਜਣਾ ਕੀਤੀ ਅਤੇ ਮਨੁੱਖਤਾ ਲਈ ਪਿਆਰ ਤੇ ਹਮਦਰਦੀ, ਸਰਬ-ਸਾਂਝੀਵਾਲਤਾ ਅਤੇ ਭਾਈਚਾਰਕ ਸਾਂਝ ਦਾ ਪ੍ਰਚਾਰ ਕੀਤਾ।