ਪੰਜਾਬ ਪੁਲਿਸ ਨੇ ਨਾਮੀ ਗੈਂਗਸਟਰ ਹੈਪੀ ਜੱਟ ਵੱਲੋਂ ਟਾਰਗੇਟ ਕਿਲਿੰਗਜ਼ ਦੀਆਂ ਸਾਜ਼ਿਸ਼ਾਂ ਨੂੰ ਕੀਤਾ ਨਾਕਾਮ; ਆਟੋਮੈਟਿਕ ਪਿਸਤੌਲ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ‘ਚ ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਹਰਪ੍ਰੀਤ ਸਿੰਘ ਉਰਫ ਹੈਪੀ ਬਾਬਾ ਵਾਸੀ ਪਿੰਡ ਅਲਾਦੀਨਪੁਰ, ਤਰਨਤਾਰਨ ਦੀ ਗ੍ਰਿਫ਼ਤਾਰੀ ਨਾਲ ਸੂਬੇ ‘ਚ ਮਿੱਥ ਕੇ ਹਤਿਆਵਾਂ ਕਰਨ ਦੀ ਸਾਜ਼ਿਸ਼ ਨੂੰ ਨਾਕਾਮ ਕੀਤਾ ਹੈ।

ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਜ਼ਮ ਹੈਪੀ ਬਾਬਾ ਕਤਲ ਅਤੇ ਕਤਲ ਕਰਨ ਦੀ ਕੋਸ਼ਿਸ਼ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਿਲ ਹੈ। ਪੁਲਿਸ ਟੀਮ ਨੇ ਉਸਦੇ ਕਬਜ਼ੇ ‘ਚੋਂ ਇੱਕ 30 ਬੋਰ ਦਾ ਆਟੋਮੈਟਿਕ ਪਿਸਤੌਲ, ਇੱਕ ਮੈਗਜ਼ੀਨ ਅਤੇ ਤਿੰਨ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਲੋੜੀਂਦਾ ਗੈਂਗਸਟਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵਾਸੀ ਜੰਡਿਆਲਾ ਦਾ ਸੰਚਾਲਕ ਹੈ, ਜੋ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਿਹਾ ਸੀ ਅਤੇ ਵੱਡੀ ਰਕਮ ਬਦਲੇ ਇਹ ਕੰਮ ਹੈਪੀ ਬਾਬਾ ਨੂੰ ਸੌਂਪਿਆ ਹੋਇਆ ਸੀ।

ਉਹਨਾਂ ਅੱਗੇ ਦੱਸਿਆ ਕਿ ਦੋਸ਼ੀ ਹੈਪੀ ਬਾਬਾ ਪੰਜਾਬ ਵਿੱਚ ਹਥਿਆਰਾਂ ਦਾ ਸਭ ਤੋਂ ਵੱਡਾ ਸਪਲਾਇਰ ਵੀ ਹੈ ਅਤੇ ਮੱਧ ਪ੍ਰਦੇਸ਼ ਦੇ ਹਥਿਆਰ ਸਪਲਾਇਰਾਂ ਨਾਲ ਨੇੜਿਓਂ ਜੁੜਿਆ ਹੋਇਆ ਸੀ।

ਹੋਰ ਖ਼ਬਰਾਂ :-  ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਕੈਂਪਾਂ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਹੀ ਵੱਖ-ਵੱਖ ਸਕੀਮਾਂ ਦਾ ਲਾਭ ਮਿਲੇ : ਜਸਪ੍ਰੀਤ ਸਿੰਘ

ਇਹ ਕਾਰਵਾਈ ਕਾਊਂਟਰ ਇੰਟੈਲੀਜੈਂਸ ਜਲੰਧਰ ਵੱਲੋਂ ਤਰਨਤਾਰਨ ਦੇ ਨਾਨਕਸਰ ਮੁਹੱਲੇ ਦੇ ਵਿਕਰਮਜੀਤ ਸਿੰਘ ਉਰਫ ਵਿੱਕੀ ਭੱਟੀ ਨੂੰ ਉਸ ਦੇ ਕਬਜ਼ੇ ‘ਚੋਂ ਦੋ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਨ ਤੋਂ 25 ਦਿਨਾਂ ਬਾਅਦ ਅਮਲ ਵਿੱਚ ਲਿਆਂਦੀ ਗਈ।

ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਮੁਲਜ਼ਮ ਵਿੱਕੀ ਭੱਟੀ ਤੋਂ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਹੈਪੀ ਜੱਟ ਨੇ ਹੈਪੀ ਬਾਬਾ ਨੂੰ ਸੂਬੇ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਦੋਸ਼ੀ ਹੈਪੀ ਬਾਬਾ ਨੂੰ ਗ੍ਰਿਫਤਾਰ ਕਰ ਲਿਆ।

ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਹੈਪੀ ਬਾਬਾ ਨੇ ਕਬੂਲ ਕੀਤਾ ਕਿ ਉਹ ਨਾਜਾਇਜ਼ ਹਥਿਆਰਾਂ ਦੀ ਅੰਤਰ-ਰਾਜੀ ਤਸਕਰੀ ਵਿੱਚ ਸ਼ਾਮਲ ਹੈ ਅਤੇ ਸਾਲ 2020-21 ਤੋਂ ਹੁਣ ਤੱਕ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਤਸਕਰੀ ਕਰਕੇ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਖੇਤਰ ਵਿੱਚ ਘੱਟੋ-ਘੱਟ 100 ਨਾਜਾਇਜ਼ ਹਥਿਆਰ ਵੇਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਐਫ.ਆਈ.ਆਰ. ਨੰਬਰ 57 ਮਿਤੀ 29.12.2023 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 25(8) ਅਧੀਨ ਕੇਸ ਦਰਜ ਕੀਤਾ ਗਿਆ ਹੈ।

dailytweetnews.com

Leave a Reply

Your email address will not be published. Required fields are marked *