ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਵੱਲੋਂ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਨਾਲ ਜੁੜੇ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਮਾਡਿਊਲ ਦੇ ਸੱਤ ਸਰਗਣਿਆਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੂੰ ਨਸ਼ਟ ਕਰ ਦਿੱਤਾ ਗਿਆ ਹੈ ਅਤੇ ਉਹਨਾਂ ਦੇ ਕਬਜ਼ੇ ‘ਚੋਂ 12 ਪਿਸਤੌਲਾਂ, 16 ਮੈਗਜ਼ੀਨਾਂ ਅਤੇ 23 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਜੀਤ ਸਿੰਘ ਉਰਫ ਧਨੀ, ਜਸ਼ਨਦੀਪ ਸਿੰਘ ਉਰਫ ਮਾਇਆ ਉਰਫ ਛਿੱਲਰ, ਇਸ਼ਮੀਤ ਸਿੰਘ ਉਰਫ ਰਿਸ਼ੂ, ਅੰਮ੍ਰਿਤਪਾਲ ਸਿੰਘ ਉਰਫ ਸਪਰਾ ਅਤੇ ਦਿਲਪ੍ਰੀਤ ਸਿੰਘ ਉਰਫ ਦਿਲ ਸਾਰੇ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਅਤੇ ਵਰਿੰਦਰ ਸਿੰਘ ਉਰਫ ਰਵੀ ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਵਾਸੀ ਬਾਬਾ ਬਕਾਲਾ ਸਾਹਿਬ ਅੰਮ੍ਰਿਤਸਰ ਵਜੋਂ ਹੋਈ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਮੱਧ ਪ੍ਰਦੇਸ਼ ਤੋਂ ਹਥਿਆਰ ਮੰਗਵਾ ਕੇ ਵੱਖ-ਵੱਖ ਗਰੋਹਾਂ ਨੂੰ ਮੁਹੱਈਆ ਕਰਵਾ ਰਿਹਾ ਸੀ। ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਕਰਨਜੀਤ ਧਨੀ ਨੇ ਆਪਣੇ ਭਰਾ ਜਸ਼ਨਦੀਪ ਸਿੰਘ ਅਤੇ ਇਸ਼ਮੀਤ ਨਾਲ ਮਿਲ ਕੇ ਅਮਰੀਕਾ ਅਧਾਰਤ ਦਿਲਪ੍ਰੀਤ ਸਿੰਘ ਦੀਆਂ ਹਦਾਇਤਾਂ ‘ਤੇ ਮੱਧ ਪ੍ਰਦੇਸ਼ ਤੋਂ ਹਥਿਆਰਾਂ ਦੀ ਖੇਪ ਗਿਰੋਹ ਮੈਂਬਰਾਂ ਤੱਕ ਪਹੁੰਚਾਉਣ ਲਈ ਲਿਆਂਦਾ ਸੀ।
ਡੀਜੀਪੀ ਨੇ ਕਿਹਾ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਲੋਕਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਗਾਮੀ ਦਿਨਾਂ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਹੈ।
ਇਸ ਆਪ੍ਰੇਸ਼ਨ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਕੇ ਸੂਬੇ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕੀਤੇ ਜਾ ਰਹੇ ਹਨ। ਇਸ ਸੂਚਨਾ ‘ਤੇ ਤੁਰੰਤ ਕਾਰਵਾਈ ਕਰਦਿਆਂ ਇਸਲਾਮਾਬਾਦ ਥਾਣਾ ਅਤੇ ਸੀ.ਆਈ.ਏ.-2 ਡੀ.ਸੀ.ਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਦੀ ਦੇਖ-ਰੇਖ ਹੇਠ ਵਿਸ਼ੇਸ਼ ਮੁਹਿੰਮ ਚਲਾ ਕੇ ਛੇਹਰਟਾ ਅਤੇ ਬਾਬਾ ਬਕਾਲਾ ਦੇ ਇਲਾਕੇ ਤੋਂ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਇਸ ਸਬੰਧੀ ਐਫਆਈਆਰ ਨੰਬਰ 234 ਮਿਤੀ 29.10.2024 ਨੂੰ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਅਸਲਾ ਐਕਟ ਦੀਆਂ ਧਾਰਾਵਾਂ 25 ਅਤੇ 27 ਤਹਿਤ ਕੇਸ ਦਰਜ ਕੀਤਾ ਗਿਆ ਹੈ।