ਮੁੱਖ ਮੰਤਰੀ ਭਗਵੰਤ ਮਾਨ: ‘ਪੰਜਾਬ ਰਾਜ (ਖੇਡਾਂ ਦਾ ਵਿਕਾਸ ਅਤੇ ਪ੍ਰਮੋਸ਼ਨ) ਐਕਟ, 2024’ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ

ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਲ ‘ਪੰਜਾਬ ਰਾਜ (ਖੇਡਾਂ ਦਾ ਵਿਕਾਸ ਅਤੇ ਪ੍ਰਮੋਸ਼ਨ) ਐਕਟ, 2024’ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਪੰਜਾਬ ਇਸ ਐਕਟ ਨੂੰ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।

ਇੱਥੇ ਖੇਡ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਐਕਟ ਦਾ ਮੁੱਖ ਮੰਤਵ ਸੂਬੇ ਵਿੱਚ ਖੇਡਾਂ ਦੇ ਵਿਕਾਸ ਲਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਅਪਣਾਏ ਗਏ ਚੰਗੇ ਅਮਲਾਂ ਨੂੰ ਅਪਨਾਉਣਾ ਅਤੇ ਖਿਡਾਰੀਆਂ ਦੀ ਨਿਰਪੱਖ ਚੋਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਐਕਟ ਖੇਡ ਐਸੋਸੀਏਸ਼ਨਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਲਈ ਕਾਨੂੰਨੀ ਢਾਂਚਾ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਖਿਡਾਰੀਆਂ ਦੀ ਨਿਰਪੱਖ ਚੋਣ ਵੀ ਯਕੀਨੀ ਬਣਾਈ ਜਾ ਸਕੇਗੀ ਜੋ ਜ਼ਿਲ੍ਹਾ ਪੱਧਰ ‘ਤੇ ਆਪਣੇ ਖੇਤਰ ਜਾਂ ਆਪਣੇ ਸੂਬੇ ਦੀ ਰਾਸ਼ਟਰੀ ਪੱਧਰ ‘ਤੇ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਦੇਸ਼ ਦੀ ਨੁਮਾਇੰਦਗੀ ਕਰਨਗੇ |

ਮੁੱਖ ਮੰਤਰੀ ਨੇ ਕਿਹਾ ਕਿ ਇਹ ਐਕਟ ਖੇਡ ਐਸੋਸੀਏਸ਼ਨਾਂ ਵੱਲੋਂ ਸਰਕਾਰੀ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਵਿੱਚ ਵੀ ਸਹਾਈ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਐਕਟ ਤਹਿਤ ਹਰੇਕ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ਖੇਡ ਲਈ ਜ਼ਿਲ੍ਹਾ ਐਸੋਸੀਏਸ਼ਨ ਰਜਿਸਟਰਡ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਐਕਟ ਅਨੁਸਾਰ ਚਾਰਟਰਡ ਅਕਾਊਂਟੈਂਟਾਂ ਦੁਆਰਾ ਖਾਤੇ ਦੀ ਸਾਂਭ-ਸੰਭਾਲ ਲਾਜ਼ਮੀ ਤੌਰ ‘ਤੇ ਕੀਤੀ ਜਾਵੇਗੀ ਅਤੇ ਸਾਰੇ ਖਰਚਿਆਂ ਅਤੇ ਆਮਦਨ ਦੇ ਸਰੋਤਾਂ ਦੀ ਸਾਲਾਨਾ ਸਟੇਟਮੈਂਟ 31 ਮਈ ਤੋਂ ਪਹਿਲਾਂ ਪ੍ਰਕਾਸ਼ਿਤ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਦਸਤਾਵੇਜ਼ ਅਤੇ ਖਾਤੇ ਇਲੈਕਟ੍ਰਾਨਿਕ ਫਾਰਮੈਟ ਵਿੱਚ ਪੰਜਾਬ ਸਰਕਾਰ ਦੇ ਖੇਡ ਨਿਰਦੇਸ਼ਕ ਨੂੰ ਉਪਲਬਧ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜ ਮੈਂਬਰੀ ਕਮੇਟੀ ਬਣਾਈ ਜਾਵੇਗੀ, ਜਿਸ ਵਿੱਚ ਜਨਰਲ ਸਕੱਤਰ, ਦੋ ਸੀਨੀਅਰ ਕੋਚ ਅਤੇ ਦੋ ਉੱਘੇ ਖਿਡਾਰੀ ਸ਼ਾਮਲ ਹੋਣਗੇ। ਇਹ ਕਮੇਟੀ ਜ਼ਿਲ੍ਹੇ ਜਾਂ ਰਾਜ ਦੀ ਨੁਮਾਇੰਦਗੀ ਕਰਨ ਲਈ ਟੀਮਾਂ/ਖਿਡਾਰੀਆਂ ਦੀ ਚੋਣ ਕਰੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ/ਮੈਨੇਜਿੰਗ ਸਕੱਤਰ ਦੀ ਪ੍ਰਧਾਨਗੀ ਹੇਠ ਬਣੀ ਵਿਵਾਦ ਨਿਪਟਾਰਾ ਕਮੇਟੀ 7 ਦਿਨਾਂ ਦੇ ਅੰਦਰ ਖਿਡਾਰੀਆਂ ਦੀ ਅਪੀਲ ਦਾ ਨਿਪਟਾਰਾ ਕਰੇਗੀ।

ਹੋਰ ਖ਼ਬਰਾਂ :-  ਹੈਰੀ ਚੱਠਾ ਗੈਂਗ ਨਾਲ ਬਟਾਲਾ ‘ਚ ਪੁਲਿਸ ਦੀ ਮੁੱਠਭੇੜ: ਹਥਿਆਰਾਂ ਸਣੇ 7 ਬਦਮਾਸ਼ ਕੀਤੇ ਕਾਬੂ

ਮੁੱਖ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਪੱਧਰ ‘ਤੇ ਪੰਜ ਮੈਂਬਰੀ ਜਿਨਸੀ ਸ਼ੋਸ਼ਣ ਕਮੇਟੀ ਨੂੰ ਸੂਚਿਤ ਕੀਤਾ ਜਾਵੇਗਾ, ਜਿਸ ਵਿੱਚ ਖੇਡ ਐਸੋਸੀਏਸ਼ਨਾਂ ਦੀਆਂ ਕਾਰਜਕਾਰਨੀ ਕਮੇਟੀਆਂ ਦੇ ਤਿੰਨ ਮਹਿਲਾ ਅਤੇ ਦੋ ਪੁਰਸ਼ ਮੈਂਬਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਖੇਡ ਵਿਭਾਗ ਦੇ ਪ੍ਰਬੰਧਕੀ ਸਕੱਤਰ ਵੱਲੋਂ ਸੂਬਾ ਪੱਧਰ ’ਤੇ ਪੰਜ ਮੈਂਬਰੀ ਕਮੇਟੀ ਨੂੰ ਸੂਚਿਤ ਕੀਤਾ ਜਾਵੇਗਾ, ਜਿਸ ਵਿੱਚ ਰਾਜ ਦੀਆਂ ਖੇਡ ਐਸੋਸੀਏਸ਼ਨਾਂ ਦੀਆਂ ਕਾਰਜਕਾਰਨੀ ਕਮੇਟੀਆਂ ਦੇ ਮੈਂਬਰ ਸ਼ਾਮਲ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਮੇਟੀਆਂ ਕਿਸੇ ਵੀ ਘਟਨਾ ਦੀ ਸੂਰਤ ਵਿੱਚ ਖੁਦ ਨੋਟਿਸ ਲੈ ਸਕਦੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਐਕਟ ਅਨੁਸਾਰ ਸਾਰੀਆਂ ਐਸੋਸੀਏਸ਼ਨਾਂ ਖੇਡ ਗਤੀਵਿਧੀਆਂ ਜਿਵੇਂ ਕਿ ਕੈਂਪ, ਲੀਗ ਅਤੇ ਮੁਕਾਬਲਿਆਂ ਦੇ ਆਯੋਜਨ ਲਈ ਸਾਲਾਨਾ ਕੈਲੰਡਰ ਤਿਆਰ ਕਰਨਗੀਆਂ ਅਤੇ ਇਸ ਨੂੰ ਹਰ ਸਾਲ 31 ਮਾਰਚ ਤੱਕ ਆਪਣੀ ਵੈੱਬਸਾਈਟ ‘ਤੇ ਅਪਲੋਡ ਕਰਨਗੀਆਂ। ਉਨ੍ਹਾਂ ਕਿਹਾ ਕਿ ਖੇਡ ਵਿਭਾਗ ਵੱਲੋਂ 30 ਦਿਨਾਂ ਵਿੱਚ ਕੈਲੰਡਰ ਨੂੰ ਅੰਤਿਮ ਰੂਪ ਦੇ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਸ ਨੀਤੀ ਨਾਲ ਸੂਬੇ ਵਿੱਚ ਖੇਡਾਂ ਅਤੇ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ, ਤਾਂ ਜੋ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਤੋਰਿਆ ਜਾ ਸਕੇ।

Leave a Reply

Your email address will not be published. Required fields are marked *