ਪੰਜਾਬ ਨੂੰ ਜਲਦੀ ਹੀ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਮਿਲਣਗੀਆਂ

agriculture minister in meeting with concerned officers.
  • ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ ਫੀਲਡ ਅਫਸਰਾਂ ਦੀ ਹਫਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ ਅਤੇ ਘੱਟ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
  • ਖੇਤੀਬਾੜੀ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ

ਚੰਡੀਗੜ੍ਹ, 3 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸੂਬੇ ਵਿੱਚ ਮਿਆਰੀ ਖੇਤੀ ਸਮੱਗਰੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਗੁਰਦਾਸਪੁਰ, ਐਸ.ਏ.ਐਸ ਨਗਰ (ਮੁਹਾਲੀ) ਅਤੇ ਬਠਿੰਡਾ ਸਮੇਤ ਤਿੰਨ ਜ਼ਿਲ੍ਹਿਆਂ ਵਿੱਚ ਤਿੰਨ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬਾਰਟਰੀਆਂ ਸਥਾਪਤ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਇਹ ਗੱਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਬੁੱਧਵਾਰ ਨੂੰ ਕਹੀ।

ਸ੍ਰੀ ਖੁਡੀਆਂ ਨੇ ਵਿਸ਼ੇਸ਼ ਮੁੱਖ ਸਕੱਤਰ ਵਿਕਾਸ ਸ੍ਰੀ ਕੇ.ਏ.ਪੀ. ਸਿਨਹਾ ਨਾਲ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਮੁੱਖ ਖੇਤੀਬਾੜੀ ਅਫ਼ਸਰਾਂ ਅਤੇ ਹੋਰ ਅਧਿਕਾਰੀਆਂ ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਉਨ੍ਹਾਂ ਨੇ ਡਾਇਰੈਕਟਰ ਖੇਤੀਬਾੜੀ ਨੂੰ ਫੀਲਡ ਅਫਸਰਾਂ ਦੀ ਹਫਤਾਵਾਰੀ ਪ੍ਰਗਤੀ ਰਿਪੋਰਟ ਜਮ੍ਹਾਂ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਅਤੇ ਘੱਟ ਕਾਰਗੁਜ਼ਾਰੀ ਵਾਲੇ ਜ਼ਿਲ੍ਹਾ ਅਧਿਕਾਰੀਆਂ ਵਿਰੁੱਧ ਕਾਰਵਾਈ ਸ਼ੁਰੂ ਕਰਨ ਲਈ ਕਿਹਾ, ਜੋ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੇ ਸੈਂਪਲਿੰਗ ਅਤੇ ਟੈਸਟਿੰਗ ਦੇ ਦਿੱਤੇ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹੇ ਹਨ।

ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਸ੍ਰੀ ਖੁੱਡੀਆਂ ਨੂੰ ਦੱਸਿਆ ਕਿ ਹਾੜੀ ਦੇ ਸੀਜ਼ਨ ਲਈ ਮਿਆਰੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ 13 ਦਸੰਬਰ 2023 ਨੂੰ ਗਠਿਤ ਉਡਣ ਦਸਤੇ ਦੀਆਂ ਪੰਜ ਟੀਮਾਂ ਨੇ 110 ਪ੍ਰਚੂਨ/ਥੋਕ ਦੁਕਾਨਾਂ ਦੀ ਚੈਕਿੰਗ ਕਰਦਿਆਂ 134 ਸੈਂਪਲ ਲਏ। ਇਨ੍ਹਾਂ ਟੀਮਾਂ ਨੇ 28 ਡੀਲਰਾਂ ਦੀ ਵਿਕਰੀ ਬੰਦ ਕਰ ਦਿੱਤੀ ਹੈ ਅਤੇ ਨੰਗਲ ਵਿਖੇ ਐਫਆਈਆਰ ਵੀ ਦਰਜ ਕਰਵਾਈ ਹੈ।

ਹੋਰ ਖ਼ਬਰਾਂ :-  ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਕੀਤਾ ਪਰਦਾਫਾਸ਼; ਤਿੰਨ ਪਿਸਤੌਲਾਂ ਸਮੇਤ ਦੋ ਕਾਬੂ

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ 35 ਲੱਖ ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਹੋ ਚੁੱਕੀ ਹੈ ਅਤੇ ਪਿੰਕ ਸਟੈਮ ਬੋਰ ਦਾ ਮਾਮੂਲੀ ਹਮਲਾ ਕਾਬੂ ਹੇਠ ਹੈ। ਖੇਤੀਬਾੜੀ ਵਿਭਾਗ ਨੇ ਕਣਕ ਦੀ ਫ਼ਸਲ ‘ਤੇ ਕਿਸੇ ਵੀ ਕੀੜੇ ਦੇ ਹਮਲੇ ਦੀ ਨਿਗਰਾਨੀ ਲਈ ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਹੈ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੀ ਸਥਿਤੀ ਦੀ ਸਮੀਖਿਆ ਕਰਦੇ ਹੋਏ, ਸ਼੍ਰੀ ਖੁਡੀਆਂ ਨੇ ਰਾਜ ਦੇ ਕਿਸਾਨਾਂ ਨੂੰ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਪਣੀ ਈ-ਕੇਵਾਈਸੀ ਨੂੰ ਪੂਰਾ ਕਰਨ ਲਈ ਕਿਹਾ।

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਲਈ ਸਰਕਾਰ ਦੇ ਭਲਾਈ ਪ੍ਰੋਗਰਾਮਾਂ ਨੂੰ ਲਾਗੂ ਕਰਨ ਦੇ ਨਾਲ-ਨਾਲ ਖੇਤੀ ਲਈ ਕਿਸਾਨਾਂ ਨੂੰ ਤਕਨੀਕੀ ਮਾਰਗਦਰਸ਼ਨ ਅਤੇ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ।

ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੀ ਸਕੱਤਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *