ਪੰਜਾਬ ਦੀਆਂ ਧੀਆਂ ਨੇ ਪੂਰੇ ਦੇਸ਼ ਦਾ ਮਾਣ ਵਧਾਇਆ: ਮੁੱਖ ਮੰਤਰੀ

ਚੰਡੀਗੜ੍ਹ, 4 ਨਵੰਬਰ 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਕ ਸ਼ਾਨਦਾਰ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈ.ਸੀ.ਸੀ. ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਅੱਜ ਵਧਾਈ ਦਿੱਤੀ। ਟੀਮ ਮੈਂਬਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਕੱਪ ਜਿੱਤ ਕੇ ਧੀਆਂ ਨੇ ਸਿਰਫ਼ ਇਤਿਹਾਸ ਹੀ ਨਹੀਂ ਸਿਰਜਿਆ, ਸਗੋਂ ਉਨ੍ਹਾਂ ਦੁਨੀਆ ਫਤਹਿ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਧੀਆਂ ਸੂਬੇ ਦਾ ਮਾਣ ਹਨ ਅਤੇ ਪੰਜਾਬ ਪਰਤਣ ਮਗਰੋਂ ਉਨ੍ਹਾਂ ਦਾ ਸ਼ਾਨਦਾਰ ਸਨਮਾਨ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਖਿਡਾਰੀ ਸੂਬੇ ਦੇ ਬਰੈਂਡ ਅੰਬੈਸਡਰ ਹਨ ਕਿਉਂਕਿ ਉਨ੍ਹਾਂ ਆਪਣੀ ਸਖ਼ਤ ਮਿਹਨਤ ਨਾਲ ਨਵੀਂ ਮਿਸਾਲ ਕਾਇਮ ਕੀਤੀ ਹੈ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇਹ ਵੱਡੇ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਭਾਰਤੀ ਕ੍ਰਿਕਟ ਟੀਮ ਨੇ ਵਿਸ਼ਵ ਕੱਪ ਜਿੱਤ ਕੇ ਦੇਸ਼ ਲਈ ਨਾਮਣਾ ਖੱਟਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਨੇ ਇਹ ਕੱਪ ਜਿੱਤ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਦੇਸ਼ ਨੂੰ ਮਾਣ ਦਿਵਾਉਣ ਲਈ ਸਮੁੱਚੀ ਟੀਮ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਧੀਆਂ ਨੇ ਆਪਣੇ ਹੌਸਲੇ ਤੇ ਜਜ਼ਬੇ ਨਾਲ ਸੂਬੇ ਲਈ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵੀ ਖ਼ੁਸ਼ੀ ਦੀ ਗੱਲ ਹੈ ਕਿ ਅੱਜ ਭਾਰਤੀ ਕ੍ਰਿਕਟ ਟੀਮ, ਭਾਰਤੀ ਹਾਕੀ ਟੀਮ, ਮਹਿਲਾ ਕ੍ਰਿਕਟ ਟੀਮ, ਬਾਸਕਿਟਬਾਲ ਟੀਮ ਅਤੇ ਫੁਟਬਾਲ ਟੀਮ ਦੀ ਅਗਵਾਈ ਪੰਜਾਬ ਦੇ ਖਿਡਾਰੀ ਕਰ ਰਹੇ ਹਨ।

ਹੋਰ ਖ਼ਬਰਾਂ :-  ਐਨਡੀਏ ਪਾਰਲੀਮੈਂਟਰੀ ਪਾਰਟੀ ਨੇ Prime Minister Modi ਨੂੰ ਸਰਬਸੰਮਤੀ ਨਾਲ ਚੁਣਿਆ ਆਪਣਾ ਨੇਤਾ

ਮੁੱਖ ਮੰਤਰੀ ਨੇ ਕਿਹਾ ਕਿ ਸਾਡੀਆਂ ਧੀਆਂ ਦੀ ਟੀਮ ਦੀ ਇਹ ਪ੍ਰਾਪਤੀ ਆਉਣ ਵਾਲੀਆਂ ਨਸਲਾਂ ਨੂੰ ਖੇਡਾਂ ਦੇ ਖ਼ੇਤਰ ਵਿੱਚ ਨਾਮਣਾ ਖੱਟਣ ਲਈ ਉਤਸ਼ਾਹਿਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਇਸ ਸ਼ਾਨਦਾਰ ਜਿੱਤ ਨਾਲ ਦੇਸ਼ ਦਾ ਸਿਰ ਉੱਚਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਲਈ ਵੱਡੇ ਮਾਣ ਦੀ ਗੱਲ ਹੈ ਕਿ ਸਾਡੀਆਂ ਧੀਆਂ ਨੇ ਆਪਣੀ ਕਾਬਲੀਅਤ ਨਾਲ ਕੌਮਾਂਤਰੀ ਕ੍ਰਿਕਟ ਵਿੱਚ ਆਪਣੇ ਲਈ ਵੱਖਰੀ ਥਾਂ ਤੇ ਪਛਾਣ ਬਣਾਈ ਹੈ।

Leave a Reply

Your email address will not be published. Required fields are marked *