ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਵਿੱਚ ਸਰਕਾਰ-ਵਪਾਰ ਮਿਲਣੀ

Sarkaar Vpaar Milni at Amritsar

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਸੂਬੇ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾ ਕੇ ਇਤਿਹਾਸ ਦੁਹਰਾਉਣ ਦਾ ਸੱਦਾ ਦਿੱਤਾ।

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੇ ਆਪ ਨੂੰ ਖ਼ੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਪਵਿੱਤਰ ਨਗਰੀ ਦੇ ਵਪਾਰੀਆਂ ਦਰਮਿਆਨ ਇੱਥੇ ਆਉਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਭਾਰਤੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ, ਜਿਨ੍ਹਾਂ ਨੇ ਪਾਰਟੀਆਂ ਨੂੰ ਲੋਕਾਂ ਦੀ ਲੋੜ ਅਨੁਸਾਰ ਆਪਣੇ ਏਜੰਡੇ ਬਦਲਣ ਲਈ ਮਜਬੂਰ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਥਾਂ ਹੁਣ ਸਿਆਸੀ ਪਾਰਟੀਆਂ ਲੋਕ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਵੰਡ ਪਾਊ ਰਾਜਨੀਤੀ ਨੂੰ ਨਕਾਰ ਕੇ ਨੈਤਿਕ ਕਦਰਾਂ-ਕੀਮਤਾਂ ਆਧਾਰਤ ਰਾਜਨੀਤੀ ਸ਼ੁਰੂ ਕਰਕੇ ਸਿਆਸਤ ਵਿੱਚ ਸਿਫ਼ਤੀ ਤਬਦੀਲੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ, ਬਾਜਵਾ ਅਤੇ ਮਜੀਠੀਆ ਵਰਗੇ ਆਗੂਆਂ ਨੇ ਆਪਣੀਆਂ ਕਰਤੂਤਾਂ ਕਾਰਨ ਸੁਰੱਖਿਆ ਕਾਰਨਾਂ ਦੇ ਨਾਂ ‘ਤੇ ਲੋਕਾਂ ਤੋਂ ਦੂਰੀ ਬਣਾ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਇਹ ਰੁਝਾਨ ਬਦਲ ਗਿਆ ਹੈ ਕਿਉਂਕਿ ਹੁਣ ਸਮਾਜ ਦੇ ਹਰ ਵਰਗ ਅਤੇ ਸਰਕਾਰ ਦਰਮਿਆਨ ਵਾਰ-ਵਾਰ ਵਿਚਾਰ-ਵਟਾਂਦਰਾ ਹੋ ਰਿਹਾ ਹੈ।

Sarkaar Vpaar Milni at Amritsar
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਇੱਕ ਮਹਾਨ ਆਗੂ ਹਨ, ਜਿਨ੍ਹਾਂ ਨੇ ਦੇਸ਼ ਅਤੇ ਲੋਕਾਂ ਦੀ ਸੇਵਾ ਲਈ ਆਈ.ਆਰ.ਐਸ. ਅਧਿਕਾਰੀ ਦੀ ਆਪਣੀ ਅਹਿਮ ਨੌਕਰੀ ਛੱਡ ਦਿੱਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੇਸ਼ ਦੀ ਸੇਵਾ ਲਈ ਸ਼ਹੀਦ ਭਗਤ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਕਸ਼ੇ-ਕਦਮਾਂ ‘ਤੇ ਚੱਲ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ਵਿੱਚ ਸੂਬੇ ਵਿੱਚ ਸਿਰਫ਼ ਦੋ ਵਿਅਕਤੀਆਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦੀ ਦੁਰਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੰਜਾਂ ਵਿੱਚੋਂ ਦੋ ਇੱਕ ਪਰਿਵਾਰ ਦੇ ਸਨ, ਜਦੋਂ ਕਿ ਦੋ ਦੂਜੇ ਪਰਿਵਾਰ ਵਿੱਚੋਂ ਸਨ, ਜਿਨ੍ਹਾਂ ਨੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਦੌਲਤ ਲੁੱਟੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਜਿਸ ਨਾਲ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਆ ਰਹੀ ਹੈ।

ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਆਖਿਆ ਕਿ ਸੂਬੇ ਦੇ ਇੱਕ ਸਾਬਕਾ ਵਿੱਤ ਮੰਤਰੀ ਨੇ ਨੌਂ ਸਾਲਾਂ ਤੱਕ ‘ਖਜ਼ਾਨਾ ਖ਼ਾਲੀ’ ਦੀ ਬਿਆਨਬਾਜ਼ੀ ਕੀਤੀ, ਜਿਸ ਨਾਲ ਸੂਬੇ ਦੇ ਵਿਕਾਸ ਨੂੰ ਖਤਰਾ ਪੈਦਾ ਹੋ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਕਾਰਜਭਾਰ ਸੰਭਾਲਣ ਤੋਂ ਬਾਅਦ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਦੀ ਹੋਈ ਲੁੱਟ ਦੀ ਜਾਂਚ ਕੀਤੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇੱਕ-ਇੱਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

ਬਾਦਲ ਪਰਿਵਾਰ ਵੱਲੋਂ ਨਿੱਜੀ ਫਾਇਦਿਆਂ ਲਈ ਸੂਬੇ ਦੇ ਕਰੋੜਾਂ ਰੁਪਏ ਲੁੱਟਣ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਨੇ ਸੁੱਖ ਵਿਲਾਸ ਹੋਟਲ ਦੀ ਉਸਾਰੀ ਲਈ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਦਾ ਪੱਖ ਪੂਰਨ ਲਈ ਨਿਯਮਾਂ ਵਿੱਚ ਬਦਲਾਅ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ 2009 ਵਿੱਚ ਈਕੋ ਟੂਰਿਜ਼ਮ ਨੀਤੀ ਲਿਆਂਦੀ ਸੀ, ਜਿਸ ਦਾ ਉਦੇਸ਼ ਇਸ ਰਿਜ਼ੋਰਟ ਦੀ ਉਸਾਰੀ ਨੂੰ ਲਾਭ ਪਹੁੰਚਾਉਣਾ ਸੀ ਅਤੇ ਇਹ ਮੰਦਭਾਗਾ ਹੈ ਕਿ 108 ਕਰੋੜ ਰੁਪਏ ਮੁਆਫ਼ ਕਰ ਦਿੱਤੇ ਗਏ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਹੋਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਮੈਟਰੋ ਈਕੋ ਗ੍ਰੀਨ ਰਿਜ਼ੋਰਟ ਪਿੰਡ ਪੱਲਣਪੁਰ ਜਿਸ ਨੂੰ ਹੁਣ ਸੁੱਖ ਵਿਲਾਸ ਕਿਹਾ ਜਾਂਦਾ ਹੈ, ਸੂਬੇ ਲਈ ਅਸਲ ਵਿੱਚ ਦੁੱਖ ਵਿਲਾਸ ਹੈ ਕਿਉਂਕਿ ਇਹ ਪੰਜਾਬੀਆਂ ਦੇ ਖ਼ੂਨ ਨਾਲ ਉਸਾਰਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਕੈਪਟਨ ਉਨ੍ਹਾਂ ਵਿਰੁੱਧ ਕਾਰਵਾਈ ਕਰ ਸਕਦੇ ਸਨ ਪਰ ਉਹ ਚੁੱਪ ਰਹੇ ਕਿਉਂਕਿ ਉਹ ਬਾਦਲਾਂ ਨਾਲ ਮਿਲੇ ਹੋਏ ਸਨ। ਉਨ੍ਹਾਂ ਕਿਹਾ ਕਿ ਕੈਪਟਨ ਨੇ ਵੀ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਸੁੱਖ ਵਿਲਾਸ ਦੇ ਆਲੇ-ਦੁਆਲੇ ਆਪਣਾ ਮਹਿਲ ਉਸਾਰ ਲਿਆ, ਜਿਸ ਕਾਰਨ ਉਨ੍ਹਾਂ ਇਸ ਵਿਰੁੱਧ ਕਾਰਵਾਈ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਪਟਨ ਵੱਲੋਂ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰਾਂ ਦੀ ਦੁਰਵਰਤੋਂ ਕਰਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਡਰਾਮੇਬਾਜ਼ੀ ਦਾ ਅਸਲੀ ਨਾਂ ਪਰਿਵਾਰ ਬਚਾਓ ਯਾਤਰਾ ਹੈ, ਉਨ੍ਹਾਂ ਨੇ ਅਕਾਲੀ ਆਗੂਆਂ ਨੂੰ ਇਹ ਦੱਸਣ ਦੀ ਚੁਣੌਤੀ ਦਿੱਤੀ ਕਿ 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ ਅਤੇ ਪੰਜਾਬੀਆਂ ਦੀ ਮਾਨਸਿਕਤਾ ਨੂੰ ਜਜ਼ਬਾਤੀ ਤੌਰ ‘ਤੇ ਠੇਸ ਪਹੁੰਚਾਈ ਹੈ ਅਤੇ ਸੂਬੇ ਅੰਦਰ ਕਈ ਤਰ੍ਹਾਂ ਦੇ ਮਾਫੀਆ ਦੀ ਸਰਪ੍ਰਸਤੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਦੋਗਲੇ ਕਿਰਦਾਰ ਤੋਂ ਭਲੀ-ਭਾਂਤ ਜਾਣੂੰ ਹਨ, ਜਿਸ ਕਾਰਨ ਹੁਣ ਉਨ੍ਹਾਂ ਦੀਆਂ ਨਾਟਕਬਾਜ਼ੀਆਂ ਨਹੀਂ ਚੱਲਣਗੀਆਂ ਕਿਉਂਕਿ ਪੰਜਾਬ ਉਨ੍ਹਾਂ ਦੇ ਏਜੰਡੇ ‘ਤੇ ਕਦੇ ਨਹੀਂ ਸੀ।

ਹੋਰ ਖ਼ਬਰਾਂ :-  ਸਪੈਸ਼ਲ ਕੈਂਪਾਂ ਦੌਰਾਨ 659 ਲਾਭਪਾਤਰੀਆਂ ਨੇ ਵੱਖ-ਵੱਖ ਸੇਵਾਵਾਂ ਦਾ ਲਿਆ ਲਾਹਾ : ਜਸਪ੍ਰੀਤ ਸਿੰਘ

ਮੁੱਖ ਮੰਤਰੀ ਨੇ ਅਕਾਲੀ ਆਗੂਆਂ ਹਰਸਿਮਰਤ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਕਾਂਗਰਸੀ ਆਗੂਆਂ ਪ੍ਰਤਾਪ ਸਿੰਘ ਬਾਜਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਨਵਜੋਤ ਸਿੱਧੂ ਨੂੰ ਪੰਜਾਬੀ ਭਾਸ਼ਾ ਦੀ ਲਿਖਤੀ ਪ੍ਰੀਖਿਆ ਪਾਸ ਕਰਨ ਲਈ ਕਿਹਾ। ਉਨ੍ਹਾਂ ਆਖਿਆ ਕਿ ਇਹ ਕਾਨਵੈਂਟ ਦੇ ਪੜ੍ਹੇ-ਲਿਖੇ ਆਗੂ ਮਾਂ-ਬੋਲੀ ਦੀ ਘੱਟ ਜਾਣਕਾਰੀ ਕਾਰਨ ਪੰਜਾਬੀ ਭਾਸ਼ਾ ਦੀ ਪ੍ਰੀਖਿਆ ਪਾਸ ਨਹੀਂ ਕਰ ਸਕਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਇਨ੍ਹਾਂ ਆਗੂਆਂ ਨੂੰ ਪ੍ਰੀਖਿਆ ਦੇ ਜਵਾਬ ਵੀ ਦੇ ਦਿੱਤੇ ਜਾਣ ਤਾਂ ਵੀ ਉਨ੍ਹਾਂ ਨੂੰ ਸਹੀ ਲਿਖਣ ਲਈ ਸੰਘਰਸ਼ ਕਰਨਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਆਗੂਆਂ ਦੇ ਸ਼ੱਕੀ ਚਰਿੱਤਰ ਤੋਂ ਭਲੀ-ਭਾਂਤ ਜਾਣੂ ਹਨ, ਜਿਸ ਕਾਰਨ ਇਹ ਆਪਣੀ ਭਰੋਸੇਯੋਗਤਾ ਗੁਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇ ਅੱਜ ਵੀ ਲੋਕ ਇਹ ਕਹਿੰਦੇ ਹਨ ਕਿ ਇਨ੍ਹਾਂ ਆਗੂਆਂ ਨੇ ਵਧੀਆ ਚੱਲਣ ਵਾਲੇ ਉੱਦਮ ਵਿੱਚ ਜ਼ਬਰਦਸਤੀ ਆਪਣਾ ਹਿੱਸਾ ਪਾਇਆ ਤਾਂ ਇਸ ਤੋਂ ਕੋਈ ਇਨਕਾਰ ਨਹੀਂ ਕਰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਮ ਆਦਮੀ ਦਾ ਵਿਸ਼ਵਾਸ ਗੁਆ ਦਿੱਤਾ ਹੈ, ਜੋ ਉਹ ਦੁਬਾਰਾ ਕਦੇ ਵੀ ਹਾਸਲ ਨਹੀਂ ਕਰ ਸਕਦੇ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਸੂਬੇ ਦੀ ਝਾਕੀ ਨੂੰ ਕੇਂਦਰ ਵੱਲੋਂ ਰੱਦ ਕਰ ਦਿੱਤਾ ਗਿਆ ਤਾਂ ਜਲੰਧਰ ਤੋਂ ਇਲਾਵਾ ਸੂਬੇ ਦੇ ਕਿਸੇ ਵੀ ਸੰਸਦ ਮੈਂਬਰ ਨੇ ਇਹ ਮੁੱਦਾ ਨਹੀਂ ਉਠਾਇਆ। ਉਨ੍ਹਾਂ ਕਿਹਾ ਕਿ ਇਹ ਸੰਸਦ ਮੈਂਬਰ ਸੂਬੇ ਨਾਲ ਸਬੰਧਤ ਮੁੱਦਿਆਂ ‘ਤੇ ਚੁੱਪ ਰਹੇ ਹਨ, ਜਿਸ ਕਾਰਨ ਇਨ੍ਹਾਂ ਨੂੰ ਬਾਹਰ ਕਰਨ ਦਾ ਸਮਾਂ ਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਸਾਰੀਆਂ 13 ਲੋਕ ਸਭਾ ਸੀਟਾਂ ‘ਆਪ’ ਨੂੰ ਦਿੱਤੀਆਂ ਜਾਣ ਤਾਂ ਜੋ ਸੂਬੇ ਦੇ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰ ਅੱਗੇ ਉਠਾਇਆ ਜਾ ਸਕੇ ਅਤੇ ਲੋਕਾਂ ਦੇ ਹਿੱਤ ਸੁਰੱਖਿਅਤ ਹੋ ਸਕਣ।

ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਆਪਣੀ ਕਿਸਮ ਦੀ ਇਸ ਪਹਿਲੀ ਪਹਿਲਕਦਮੀ ਦੌਰਾਨ ਵਪਾਰੀਆਂ ਦਰਮਿਆਨ ਆ ਕੇ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਾਦਲਾਂ ਅਤੇ ਕੈਪਟਨ ਵਰਗੇ ਆਗੂਆਂ ਨੇ ਸੂਬੇ ਨੂੰ ਬਰਬਾਦ ਕਰਕੇ ਖਜ਼ਾਨੇ ਨੂੰ ਲੁੱਟਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦੋ ਸਾਲਾਂ ‘ਚ ‘ਆਪ’ ਦੇ ਬਿਹਤਰੀਨ ਸ਼ਾਸਨ ਕਰਕੇ ਹੁਣ ਸੂਬੇ ‘ਚ ਬਦਲਾਅ ਦੀਆਂ ਹਵਾਵਾਂ ਵਗ ਰਹੀਆਂ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਦੋ ਮੁੱਖ ਮੰਤਰੀਆਂ ਨੇ ਸੂਬਾ ਸਰਕਾਰ ਨੂੰ ਲੋਕਾਂ ਦੀ ਸੇਵਾ ਵਿੱਚ ਉਨ੍ਹਾਂ ਦੇ ਦਰ ‘ਤੇ ਲਿਆਂਦਾ ਹੈ, ਜੋ ਕਿ ਬਹੁਤ ਵੱਡੀ ਗੱਲ ਹੈ ਕਿਉਂਕਿ ਪਿਛਲੇ ਸਮਿਆਂ ਦੌਰਾਨ ਕਿਸੇ ਨੇ ਵੀ ਸੂਬਾ ਵਾਸੀਆਂ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਵਪਾਰੀਆਂ ਅਤੇ ਉਦਯੋਗਪਤੀਆਂ ਦਾ ਸਤਿਕਾਰ ਕਰਦੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਵਪਾਰੀਆਂ ਨੂੰ ਚੋਰ ਕਿਹਾ ਸੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸਿਆਸੀ ਪਾਰਟੀਆਂ ਲਈ ਵਪਾਰੀ ਸਿਰਫ਼ ਫੰਡ ਇਕੱਠੇ ਕਰਨ ਦਾ ਜ਼ਰੀਆ ਸਨ ਪਰ ਹੁਣ ਉਹ ਸੂਬੇ ਦੀ ਤਰੱਕੀ ਵਿੱਚ ਸਰਗਰਮ ਭਾਈਵਾਲ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਜੋ ਲੋਕਾਂ ਦਾ ਮੁਫ਼ਤ ਇਲਾਜ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੱਜ ਗਰੀਬ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ 13 ਨਵੇਂ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਕੂਲ ਅਤਿ ਆਧੁਨਿਕ ਸਹੂਲਤਾਂ ਜਿਵੇਂ ਸਵੀਮਿੰਗ ਪੂਲ, ਲੈਬਾਰਟਰੀਆਂ ਅਤੇ ਹੋਰ ਸਹੂਲਤਾਂ ਨਾਲ ਲੈਸ ਹਨ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਪੈਸਾ ਕਮਾਉਣ ਜਾਂ ਸੱਤਾ ਦਾ ਫਲ ਭੋਗਣ ਲਈ ਰਾਜਨੀਤੀ ਵਿੱਚ ਨਹੀਂ ਆਏ ਹਨ, ਸਗੋਂ ਉਹ ਇੱਥੇ ਲੋਕਾਂ ਦੀ ਸੇਵਾ ਕਰਨ ਲਈ ਆਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਅਤੇ ਪਿਛਲੀਆਂ ਸਰਕਾਰਾਂ ਵਿੱਚ ਸਭ ਤੋਂ ਵੱਡਾ ਫਰਕ ਨੀਅਤ ਦਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਇਰਾਦਾ ਲੋਕਾਂ ਨੂੰ ਸਹੂਲਤ ਪ੍ਰਦਾਨ ਕਰਨਾ ਹੈ ਜਦਕਿ ਦੂਜੀਆਂ ਪਾਰਟੀਆਂ ਦਾ ਇਰਾਦਾ ਸੂਬੇ ਨੂੰ ਬਰਬਾਦ ਕਰਨਾ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਖਜ਼ਾਨੇ ਵਿੱਚੋਂ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਤਾਂ ਜੋ ਭਗਵੰਤ ਸਿੰਘ ਮਾਨ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ 13 ਸੰਸਦ ਮੈਂਬਰ ਚੁਣੇ ਜਾਣ ‘ਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਹੁਲਾਰਾ ਦੇਣਗੇ।

ਦਿੱਲੀ ਦੇ ਮੁੱਖ ਮੰਤਰੀ ਨੇ ਸੂਬੇ ਦੇ ਕਰੀਬ 8000 ਕਰੋੜ ਰੁਪਏ ਦੇ ਫੰਡਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਫੰਡ ਸੂਬੇ ਦੇ ਵਿਕਾਸ ਲਈ ਵਰਤੇ ਜਾ ਸਕਦੇ ਸਨ ਪਰ ਕੇਂਦਰ ਸਰਕਾਰ ਨੇ ਜਾਣ-ਬੁੱਝ ਕੇ ਇਨ੍ਹਾਂ ਨੂੰ ਰੋਕ ਦਿੱਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੇਂਦਰ ‘ਚ ਆਪਣੀ ਆਵਾਜ਼ ਬੁਲੰਦ ਕਰਨ ਲਈ ਸਾਰੀਆਂ 13 ਲੋਕ ਸਭਾ ਸੀਟਾਂ ‘ਤੇ ‘ਆਪ’ ਦੀ ਜਿੱਤ ਯਕੀਨੀ ਬਣਾਉਣੀ ਹੋਵੇਗੀ।

dailytweetnews.com

Leave a Reply

Your email address will not be published. Required fields are marked *