‘ਸਰਕਾਰ ਤੁਹਾਡੇ ਦੁਆਰ’ ਤਹਿਤ ਰਾਮਪੁਰ ਵਿਖੇ ਕੈਂਪ ਦਾ ਆਯੋਜਨ

ਪੰਜਾਬ ਸਰਕਾਰ ਦੇ ‘ਸਰਕਾਰ ਤੁਹਾਡੇ ਦੁਆਰ’ ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ ‘ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਦੋਰਾਹਾ ਨੇੜਲੇ ਪਿੰਡ ਰਾਮਪੁਰ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ।

ਰਾਮਪੁਰ ਦੇ ਵਸਨੀਕ ਹਰਤੇਜ ਸਿੰਘ ਨੇ ਬਿਜਲੀ ਲੋਡ ਵਧਾਉਣ ਲਈ ਅਰਜ਼ੀ ਦਿੱਤੀ ਅਤੇ ਕੈਂਪ ਵਿੱਚ ਪੀ.ਐਸ.ਪੀ.ਸੀ.ਐਲ. ਅਧਿਕਾਰੀਆਂ ਵੱਲੋਂ ਤੁਰੰਤ ਪ੍ਰਵਾਨਗੀ ਲਈ ਧੰਨਵਾਦ ਪ੍ਰਗਟ ਕੀਤਾ। ਪਰਮਿੰਦਰ ਕੌਰ ਅਤੇ ਸਾਧੂ ਸਿੰਘ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ।

ਇਸੇ ਤਰ੍ਹਾਂ ਵਿਧਵਾ ਔਰਤ ਪਰਮਜੀਤ ਕੌਰ ਨੇ ਵਿਧਵਾ ਪੈਨਸ਼ਨ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕਰਕੇ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੀ ਸ਼ਲਾਘਾ ਕੀਤੀ। ਅਮੋਲਕ ਸਿੰਘ ਨੇ ਕੈਂਪ ਵਿੱਚ ਇੱਕ ਘੰਟੇ ਦੇ ਅੰਦਰ ਸੀਨੀਅਰ ਸਿਟੀਜ਼ਨ ਕਾਰਡ ਵੀ ਪ੍ਰਾਪਤ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।

ਪਿੰਡ ਰਾਮਪੁਰ ਵਿੱਚ ਲੱਗੇ ਕੈਂਪ ਦਾ ਉਦਘਾਟਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੀਤਾ। ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਚਰਨਜੀਤ ਸਿੰਘ ਤੇ ਹੋਰ ਵੀ ਹਾਜ਼ਰ ਸਨ।

ਹੋਰ ਖ਼ਬਰਾਂ :-  ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਭਾਰਤ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਰਾਜ ਭਵਨ,ਚੰਡੀਗੜ੍ਹ ਦੇ ਲਾਅਨ ਵਿੱਚ ‘ਐਟ ਹੋਮ’ ਸਮਾਗਮ ਦੀ ਮੇਜ਼ਬਾਨੀ ਕੀਤੀ

ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ ਅਤੇ ਵਿਧਾਇਕ ਗਿਆਸਪੁਰਾ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ।

ਵਿਧਾਇਕ ਗਿਆਸਪੁਰਾ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਕੈਂਪ ਲਗਾ ਕੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਭਲਾਈ ਸਕੀਮਾਂ ਦੀ 100 ਫੀਸਦ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੀ ਵਚਨਬੱਧਤਾ ‘ਤੇ ਜ਼ੋਰ ਦਿੱਤਾ ਅਤੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਜਨਤਾ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ।

Leave a Reply

Your email address will not be published. Required fields are marked *