ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਮੈਡੀਕਲ ਸਿੱਖਿਆ ਖ਼ੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਨੂੰ ਮੈਡੀਕਲ ਸਿੱਖਿਆ ਦੇ ਗੜ੍ਹ ਵਜੋਂ ਵਿਕਸਤ ਕੀਤਾ ਜਾਵੇਗਾ।


ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਜਸ਼ਨਾਂ ਦੌਰਾਨ ਓ.ਪੀ.ਡੀ. ਬਲਾਕ ਤੇ ਸਟੇਟ ਕੈਂਸਰ ਇੰਸਟੀਚਿਊਟ ਵਿੱਚ ਓ.ਟੀ. ਕੰਪਲੈਕਸ, ਰੇਡੀਏਸ਼ਨ ਥੈਰੇਪੀ ਬਲਾਕ, ਸੀਨੀਅਰ ਰੈਜ਼ੀਡੈਂਟ ਹੋਸਟਲ ਬਲਾਕ, ਨਰਸਿੰਗ ਹੋਸਟਲ ਬਲਾਕ, ਲੜਕਿਆਂ ਦਾ ਹੋਸਟਲ ਤੇ ਈ—ਹਸਪਤਾਲ ਪ੍ਰਾਜੈਕਟ ਵਿੱਚ ਆਡੀਟੋਰੀਅਮ ਲੋਕਾਂ ਨੂੰ ਸਮਰਪਿਤ ਕਰਨ ਮਗਰੋਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਸ ਦਿਸ਼ਾ ਵਿੱਚ ਪੁਰਜ਼ੋਰ ਕੋਸ਼ਿਸ਼ਾਂ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਖ਼ੇਤਰ ਵਿੱਚ ਪੰਜਾਬ ਕੋਲ ਬੇਹੱਦ ਸੰਭਾਵਨਾਵਾਂ ਹਨ ਅਤੇ ਸੂਬੇ ਵਿੱਚ ਮੈਡੀਕਲ ਟੂਰਿਜ਼ਮ ਨੂੰ ਤਰੱਕੀ ਦੇਣੀ ਯਕੀਨੀ ਬਣਾਉਣ ਉਤੇ ਜ਼ੋਰ ਦਿੱਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਆਪਣਾ ਕਾਰਜਕਾਲ ਸੰਭਾਲਿਆ ਹੈ, ਉਦੋਂ ਤੋਂ ਸਰਕਾਰ ਨੇ ਸਿਹਤ ਤੇ ਸਿੱਖਿਆ ਖ਼ੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਵੱਡੇ ਬਜਟ ਦੀ ਤਜਵੀਜ਼ ਰੱਖੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਮਕਸਦ ਪੰਜਾਬ ਵਿੱਚ ਸਿਹਤ ਸੰਭਾਲ ਤੇ ਮੈਡੀਕਲ ਸਿੱਖਿਆ ਖ਼ੇਤਰਾਂ ਵਿੱਚ ਕ੍ਰਾਂਤੀ ਲਿਆਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਨਾਗਰਿਕ ਸੇਵਾਵਾਂ ਮੁਹੱਈਆ ਕਰਨ ਲਈ ਸੂਬਾ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਤੋਂ ਇਕ ਨਿਵੇਕਲੀ ਪਹਿਲ ਦੀ ਸ਼ੁਰੂਆਤ ਕਰੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ 40 ਤੋਂ 42 ਸੇਵਾਵਾਂ ਬਿਨਾਂ ਕਿਸੇ ਦਿੱਕਤ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਮੁਹੱਈਆ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ ਅਤੇ ਉਨ੍ਹਾਂ ਨੂੰ ਇਨ੍ਹਾਂ ਸੇਵਾਵਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਭਟਕਣਾ ਨਹੀਂ ਪਵੇਗਾ।

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ 26 ਜਨਵਰੀ 2024 ਤੋਂ ਪੰਜਾਬ ਦੇ ਸਾਰੇ ਤਹਿਸੀਲ ਤੇ ਜ਼ਿਲ੍ਹਾ ਪੱਧਰ ਦੇ ਹਸਪਤਾਲ ਐਕਸ—ਰੇਅ ਮਸ਼ੀਨਾਂ ਨਾਲ ਲੈਸ ਹੋਣਗੇ। ਉਨ੍ਹਾਂ ਕਿਹਾ ਕਿ ਆਗਾਮੀ ਗਣਤੰਤਰ ਦਿਵਸ ਤੋਂ ਇਹ ਸਹੂਲਤ ਸਾਰੇ ਹਸਪਤਾਲਾਂ ਵਿੱਚ ਮੁਹੱਈਆ ਹੋਵੇਗੀ ਅਤੇ ਇਨ੍ਹਾਂ ਮਸ਼ੀਨਾਂ ਨੂੰ ਚਲਾਉਣ ਲਈ ਅਪਰੇਟਰ ਵੀ ਤਾਇਨਾਤ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਾਕਟਰਾਂ ਵੱਲੋਂ ਲਿਖੀਆਂ ਸਾਰੀਆਂ ਦਵਾਈਆਂ ਹੁਣ ਹਸਪਤਾਲਾਂ ਦੇ ਅੰਦਰ ਹੀ ਉਪਲਬਧ ਹੋਣਗੀਆਂ, ਜਿਸ ਨਾਲ ਲੋਕਾਂ ਦੀ ਲੁੱਟ ਬੰਦ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖ਼ੇਤਰ ਨੂੰ ਨਵੀਂ ਦਿਸ਼ਾ ਦੇਣ ਲਈ ਪੰਜਾਬ ਵਿੱਚ 664 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 42 ਤਰ੍ਹਾਂ ਦੇ ਕਲੀਨਿਕਲ ਟੈਸਟ ਬਿਲਕੁੱਲ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਤੋਂ 65 ਲੱਖ ਤੋਂ ਵੱਧ ਮਰੀਜ਼ਾਂ ਨੇ ਸਿਹਤ ਸੰਭਾਲ ਸੇਵਾਵਾਂ ਹਾਸਲ ਕੀਤੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਮੈਡੀਕਲ ਖ਼ੇਤਰ ਵਿੱਚ ਨੌਜਵਾਨਾਂ ਲਈ ਕੰਮ ਦੇ ਨਵੇਂ ਮੌਕੇ ਸਿਰਜੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਲੋਕਾਂ ਨੂੰ ਮੁਫ਼ਤ ਵਿੱਚ ਵਿਸ਼ਵ ਪੱਧਰੀ ਇਲਾਜ ਤੇ ਟੈਸਟ ਸਹੂਲਤਾਂ ਮੁਹੱਈਆ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ, ਸਰਕਾਰ ਨੂੰ ਸੂਬੇ ਵਿੱਚ ਫੈਲੀਆਂ ਵੱਖ—ਵੱਖ ਬਿਮਾਰੀਆਂ ਨੂੰ ਠੱਲ੍ਹ ਪਾਉਣ ਲਈ ਇਕ ਡੇਟਾਬੇਸ ਤਿਆਰ ਕਰਨ ਵਿੱਚ ਵੀ ਮਦਦਗਾਰ ਹੋ ਰਹੇ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਸੂਬਾ ਸਰਕਾਰ ਨੇ ਆਉਣ ਵਾਲੇ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦੇ ਨਿਰਮਾਣ ਦਾ ਫੈਸਲਾ ਕੀਤਾ ਹੈ, ਜਿਸ ਨਾਲ ਪੰਜਾਬ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀਆਂ ਸੇਵਾਵਾਂ ਯਕੀਨੀ ਬਣਨਗੀਆਂ। ਉਨ੍ਹਾਂ ਕਿਹਾ ਕਿ ਅਜਿਹਾ ਇਕ ਮੈਡੀਕਲ ਕਾਲਜ ਹੁਸ਼ਿਆਰਪੁਰ ਵਿਖੇ ਸ਼ਨਿੱਚਰਵਾਰ ਨੂੰ ਇਕ ਪ੍ਰੋਗਰਾਮ ਦੌਰਾਨ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਮਿਆਰੀ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਲਈ ਹੋਰ ਮੈਡੀਕਲ ਕਾਲਜ ਵੀ ਛੇਤੀ ਖੋਲ੍ਹੇ ਜਾਣਗੇ।

ਹੋਰ ਖ਼ਬਰਾਂ :-  ਪੰਜਾਬ ਦੇ ਸਿਹਤ ਮੰਤਰੀ ਨੇ ਕੋਲਕਾਤਾ ਪੀੜਤ ਦੇ ਮਾਪਿਆਂ ਲਈ 10 ਕਰੋੜ ਰੁਪਏ ਐਕਸ-ਗ੍ਰੇਸ਼ੀਆ ਤੇ ਨਿਆਂ ਦੀ ਕੀਤੀ ਮੰਗ

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਮੈਡੀਕਲ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਹੁਣ ਯੁਕਰੇਨ ਵਰਗੇ ਦੇਸ਼ਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਨ੍ਹਾਂ ਮੈਡੀਕਲ ਕਾਲਜਾਂ ਵਿੱਚ ਉਨ੍ਹਾਂ ਨੂੰ ਮਿਆਰੀ ਮੈਡੀਕਲ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਪਰ ਉਨ੍ਹਾਂ ਦੀ ਸਰਕਾਰ ਇਸ ਪਾਸੇ ਪੂਰੀ ਸੁਹਿਰਦਤਾ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉੱਭਰੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਅਗਾਂਹਵਧੂ, ਸ਼ਾਂਤਮਈ ਅਤੇ ਖ਼ੁਸ਼ਹਾਲ ਸੂਬਾ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪ੍ਰਤਿਭਾ ਤੇ ਹੁਨਰ ਦੀ ਕੋਈ ਕਮੀ ਨਹੀਂ ਹੈ, ਪਰ ਇਹ ਸਮੇਂ ਦੀ ਮੰਗ ਹੈ ਕਿ ਇਸ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਸੇਧ ਦੇ ਕੇ ਨਵੀਆਂ ਲੀਹਾਂ ਤੇ ਪਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਹੋਰ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਸਿਰਜਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਖਾਸ ਕਰਕੇ ਸਿੱਖਿਆ ਦੇ ਖੇਤਰ ਵਿੱਚ ਅਮੀਰੀ ਅਤੇ ਗਰੀਬੀ ਦੇ ਪਾੜੇ ਨੂੰ ਪੂਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ’ਤੇ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ’ਤੇ ਵੀ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ’ਤੇ ਰਨਵੇ ਹਵਾਈ ਜਹਾਜ਼ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਸਹਾਈ ਹੁੰਦੇ ਹਨ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਤਾਂ ਜੋ ਉਹ ਆਪਣੀਆਂ ਆਸਾਂ ਨੂੰ ਪੂਰਾ ਕਰ ਸਕਣ।

ਪਿਛਲੀਆਂ ਸਰਕਾਰਾਂ ਉਤੇ ਨਿਸ਼ਾਨਾ ਸੇਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਖਜ਼ਾਨੇ ਨੂੰ ਵੱਡੀ ਸੰਨ੍ਹ ਲਾ ਕੇ ਬੜੇ ਵੱਡੇ ਮਹਿਲ ਉਸਾਰੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਿਲਾਂ ਦੀਆਂ ਕੰਧਾਂ ਬਹੁਤ ਉੱਚੀਆਂ ਹਨ ਅਤੇ ਇਨ੍ਹਾਂ ਦੇ ਦਰਵਾਜ਼ੇ ਆਮ ਲੋਕਾਂ ਲਈ ਹਮੇਸ਼ਾ ਬੰਦ ਹੀ ਰਹਿੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਲੋਕਾਂ ਦੀ ਪਹੁੰਚ ਤੋਂ ਬਹੁਤ ਦੂਰ ਰਹੇ, ਜਿਸ ਕਾਰਨ ਉਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ  ਠੋਸ ਤੇ ਸੁਹਿਰਦ ਯਤਨ ਕੀਤੇ ਜਾ ਰਹੇ ਹਨ। ਸੂਬੇ ਦੀ ਭਲਾਈਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਅਤੇ ਰੰਗਲਾ ਪੰਜਾਬ ਬਣਾਉਣ ਲਈ ਉਨ੍ਹਾਂ ਦਾ ਸਾਥ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਲੋਕਾਂ ਦੇ ਸਰਗਰਮ ਸਹਿਯੋਗ ਤੋਂ ਬਿਨਾਂ ਇਹ ਕਾਰਜ ਪੂਰਾ ਨਹੀਂ ਹੋ ਸਕਦਾ।

ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਮੂਹ ਪਤਵੰਤਿਆਂ ਨੂੰ ਜੀ ਆਇਆਂ ਆਖਿਆ।

 

Leave a Reply

Your email address will not be published. Required fields are marked *