ਪੰਜਾਬ ਦੇ ਸੇਵਾ ਕੇਂਦਰਾਂ ਵਿੱਚ ਪਿਛਲੇ 5 ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ: ਅਮਨ ਅਰੋੜਾ

Sewa Kendra: ਸੂਬੇ ਵਿੱਚ ਸੇਵਾਵਾਂ ਪ੍ਰਦਾਨ ਕਰਨ ਵਿੱਚ ਜ਼ੀਰੋ ਪੈਂਡੈਂਸੀ ਪਹੁੰਚ ਨੂੰ ਅਪਣਾਉਂਦਿਆਂ ਪੰਜਾਬ ਸਰਕਾਰ ਸੇਵਾਂ ਕੇਂਦਰਾਂ ਵਿੱਚ ਬਕਾਇਆ ਮਾਮਲਿਆਂ ਦੀ ਗਿਣਤੀ ਨੂੰ ਘਟਾਉਣ ਵਿੱਚ ਸਫ਼ਲ ਹੋਈ ਹੈ ਅਤੇ ਸੇਵਾਂ ਕੇਂਦਰਾਂ ਵਿੱਚ ਪਿਛਲੇ ਪੰਜ ਸਾਲਾਂ ਨਾਲੋਂ ਹੁਣ ਤੱਕ ਸਭ ਤੋਂ ਘੱਟ ਕੇਸ ਬਕਾਇਆ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਹਾਲ ਹੀ ਵਿੱਚ ਬਕਾਇਆ ਕੇਸਾਂ ਦੀ ਦਰ 0.10 ਫ਼ੀਸਦੀ ‘ਤੇ ਆ ਗਈ ਹੈ, ਜਿਸ ਤੋਂ ਪਤਾ ਚਲਦਾ ਹੈ ਕਿ 99.90 ਫ਼ੀਸਦੀ ਤੋਂ ਵੱਧ ਅਰਜ਼ੀਆਂ ਦਾ ਨਿਬੇੜਾ ਨਿਰਧਾਰਤ ਸਮਾਂ-ਸੀਮਾ ਅੰਦਰ ਕੀਤਾ ਜਾ ਰਿਹਾ ਹੈ।

ਸ੍ਰੀ ਅਮਨ ਅਰੋੜਾ ਅੱਜ ਇੱਥੇ ਵੀਡੀਓ ਕਾਨਫਰੰਸ ਜ਼ਰੀਏ ਸੇਵਾ ਕੇਂਦਰਾਂ ਰਾਹੀਂ ਦਿੱਤੀਆਂ ਜਾ ਰਹੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸਮੀਖਿਆ ਲਈ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਦੌਰਾਨ ਕੈਬਨਿਟ ਮੰਤਰੀ ਨੇ ਸੂਬੇ ਵਿੱਚ ਲੋਕਾਂ ਨੂੰ ਉਨ੍ਹਾਂ ਦੇ ਦਰ ‘ਤੇ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਦਾ ਵੀ ਜਾਇਜ਼ਾ ਲਿਆ।

ਉਨ੍ਹਾਂ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਜ਼ਿਲ੍ਹਾ ਪੱਧਰ ‘ਤੇ ਹਰੇਕ ਸਬੰਧਤ ਵਿਭਾਗ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰਨ  ਲਈ ਵੀ ਕਿਹਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੀਆਂ ਅਰਜ਼ੀਆਂ ਨੂੰ ਨਿਰਧਾਰਤ ਸਮਾਂ-ਸੀਮਾ ਅੰਦਰ ਵਿਚਾਰਿਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਬੇਲੋੜੀ ਦਸਤਾਵੇਜ਼ੀ ਪ੍ਰਕਿਰਿਆ ਨੂੰ ਹਟਾਉਣ ਅਤੇ ਸੇਵਾ ਕੇਂਦਰਾਂ ਵਿੱਚ ਲੱਗਦੇ ਲੋਕਾਂ ਦੇ ਗੇੜਿਆਂ ਨੂੰ ਘਟਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। 

ਹੋਰ ਖ਼ਬਰਾਂ :-  "ਐਂਟੀ ਡਰੱਗ ਡੇਅ" ਮੌਕੇ ਬਠਿੰਡਾ ਪੁਲਿਸ ਨੇ ਨਸ਼ਿਆਂ ਦੀ ਵੱਡੀ ਖੇਪ ਨੂੰ ਕੀਤਾ ਨਸ਼ਟ

ਕੈਬਨਿਟ ਮੰਤਰੀ ਨੇ ਬਕਾਇਆ ਕੇਸਾਂ ਦੀ ਦਰ ਘਟਾ ਕੇ 0.10 ਫ਼ੀਸਦੀ ਤੱਕ ਲਿਆਉਣ ਲਈ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।

ਮੀਟਿੰਗ ਦੌਰਾਨ ਆਫ਼ਲਾਈਨ ਸੇਵਾਵਾਂ ਦੀ ਡਿਜੀਟਾਈਜ਼ੇਸ਼ਨ, ਵੱਖ-ਵੱਖ ਸਰਟੀਫਿਕੇਟਾਂ ਦੇ ਰਲੇਵੇਂ, ਦਸਤਾਵੇਜ਼ਾਂ ਦੇ ਨਿਪਟਾਰੇ ਸਬੰਧੀ ਨੀਤੀ, ਲੰਬੇ ਸਮੇਂ ਤੋਂ ਬਕਾਇਆ ਇਤਰਾਜ਼ਾਂ ਦੇ ਮਾਮਲਿਆਂ ਨੂੰ ਨਿਪਟਾਉਣ ਦੀ ਪ੍ਰਕਿਰਿਆ, ਆਧਾਰ ਬੇਸਡ ਈ-ਕੇ.ਵਾਈ.ਸੀ. ਦੀ ਸ਼ੁਰੂਆਤ ਆਦਿ ਸਮੇਤ ਵੱਖ-ਵੱਖ ਸੇਵਾਵਾਂ ਦੀ ਡਲਿਵਰੀ ਵਿੱਚ ਸੁਧਾਰ ਸਬੰਧੀ ਸੁਝਾਵਾਂ ‘ਤੇ ਵੀ ਚਰਚਾ ਕੀਤੀ ਗਈ। ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਨੂੰ ਡਿਪਟੀ ਕਮਿਸ਼ਨਰਾਂ ਵੱਲੋਂ ਦਿੱਤੇ ਸਾਰੇ ਸੁਝਾਵਾਂ ਦੀ ਪੜਚੋਲ ਕਰਕੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਸ੍ਰੀ ਅਮਨ ਅਰੋੜਾ ਨੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਫਟਵੇਅਰ ਸੈੱਲ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਾਫਟਵੇਅਰ ਪ੍ਰੋਜੈਕਟਾਂ ਦੀ ਸਮੀਖਿਆ ਕਰਦਿਆਂ ਸਾਫਟਵੇਅਰ ਸੈੱਲ ਦੇ ਸਮੂਹ ਟੀਮ ਮੈਂਬਰਾਂ ਨਾਲ ਗੱਲਬਾਤ ਵੀ ਕੀਤੀ।

ਇਸ ਮੀਟਿੰਗ ਵਿੱਚ ਡਾਇਰੈਕਟਰ ਪ੍ਰਸ਼ਾਸਨਿਕ ਸੁਧਰ ਸ੍ਰੀ ਗਿਰੀਸ਼ ਦਿਆਲਨ, ਸੀਨੀਅਰ ਸਿਸਟਮ ਮੈਨੇਜਰ ਸ੍ਰੀ ਸੁਮਿਤ ਗਰਗ, ਜਨਰਲ ਮੈਨੇਜਰ (ਤਕਨੀਕੀ) ਸ੍ਰੀ ਵਿਨੇਸ਼ ਗੌਤਮ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Leave a Reply

Your email address will not be published. Required fields are marked *