ਮੁੱਖ ਮੰਤਰੀ ਵੱਲੋਂ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਵਿਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਲੋਕਾਂ ਨੂੰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ।


ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਵਿਚ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਮੁਆਵਜ਼ਾ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ ਸੂਬਾ ਸਰਕਾਰ ਕੋਲ ਫੰਡਾਂ ਦੀ ਕਮੀ ਨਹੀਂ ਹੈ ਅਤੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਦੇਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਸੂਬੇ ਦੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਪੱਧਰ ਉਤੇ ਹਾਲਾਤ ਦਾ ਜਾਇਜ਼ਾ ਲਿਆ ਸੀ ਅਤੇ ਹੁਣ ਹੜ੍ਹਗ੍ਰਸਤ ਜ਼ਿਲ੍ਹਿਆਂ ਦੇ ਲੋਕਾਂ ਨੂੰ ਬਣਦੀ ਰਾਹਤ ਦਿੱਤੀ ਜਾਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਪਹਿਲਾਂ ਹੀ ਜਾਰੀ ਕੀਤੇ ਹੋਏ ਹਨ ਤਾਂ ਕਿ ਸੂਬੇ ਵਿਚ ਹੜ੍ਹਾਂ ਦੇ ਨੁਕਸਾਨ ਦਾ ਅਨੁਮਾਨ ਲਾਇਆ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ 15 ਅਗਸਤ ਤੱਕ ਹਰ ਹੀਲੇ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਨ ਦੇ ਹੁਕਮ ਦਿੱਤੇ। ਭਗਵੰਤ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਫਸਲਾਂ, ਪਸ਼ੂ, ਘਰ ਜਾਂ ਹੋਰ ਸਬੰਧਤ ਸਾਜ਼ੋ-ਸਾਮਾਨ ਦੇ ਨੁਕਸਾਨ ਦੀ ਭਰਪਾਈ ਮੁਆਵਜ਼ਾ ਦੇ ਕੇ ਕਰੇਗੀ।

ਹੋਰ ਖ਼ਬਰਾਂ :-  ਲੁਧਿਆਣਾ ਪ੍ਰਸ਼ਾਸਨ ਵੱਲੋਂ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਨੂੰ ਉਤਸ਼ਾਹਿਤ ਕਰਨ ਲਈ 'ਵਿਅਕਤੀ ਤੋਂ ਵਿਅਕਤੀ' ਜਾਗਰੂਕਤਾ ਮੁਹਿੰਮ ਦਾ ਆਗਾਜ਼


ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਦੇ 19 ਜਿਲ੍ਹਿਆਂ ਵਿਚ 1495 ਪਿੰਡ ਹੜ੍ਹਾਂ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬਾ ਭਰ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਦੇ ਮੁਤਾਬਕ 44 ਵਿਅਕਤੀਆਂ ਦੀ ਜਾਨ ਚਲੀ ਗਈ ਜਦਕਿ 22 ਵਿਅਕਤੀ ਜ਼ਖਮੀ ਹੋਏ ਹਨ, 391 ਘਰ ਪੂਰੀ ਤਰ੍ਹਾਂ ਨੁਕਸਾਨੇ ਗਏ, 878 ਘਰਾਂ ਨੂੰ ਕੁਝ ਹੱਦ ਤੱਕ ਨੁਕਸਾਨ ਪਹੰਚਿਆ ਅਤੇ 1277 ਵਿਅਕਤੀਆਂ ਨੂੰ ਹੜ੍ਹਾਂ ਦੌਰਾਨ ਸਥਾਪਤ ਕੀਤੇ 159 ਰਾਹਤ ਕੈਂਪਾਂ ਵਿਚ ਟਿਕਾਣਾ ਕਰਨਾ ਪਿਆ। ਭਗਵੰਤ ਮਾਨ ਨੇ ਕਿਹਾ ਕਿ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।


ਮੀਟਿੰਗ ਵਿਚ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ, ਮੁੱਖ ਸਕੱਤਰ ਅਨੁਰਾਗ ਵਰਮਾ ਤੇ ਹੋਰ ਹਾਜ਼ਰ ਸਨ।

Leave a Reply

Your email address will not be published. Required fields are marked *