ਸੰਗਰੂਰ, 27 ਮਈ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ, ਨਵੀ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੁੱਚੀ ਪ੍ਰਕਿਰਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 25 ਜੂਨ 2026 ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋਂ-ਘਰੀਂ ਜਾ ਕੇ ਵੋਟਰਾਂ ਦੇ Enumeration Form ਭਰਵਾਉਣਗੇ। ਇਸ ਕਾਰਜ ਲਈ ਜ਼ਿਲ੍ਹੇ ਵਿੱਚ 1006 ਬੀ.ਐਲ.ਓਜ਼, 107 ਸੁਪਰਵਾਈਜ਼ਰ, 05 ਈ.ਆਰ.ਓ.ਜ਼ ਅਤੇ 10 ਏ.ਈ.ਆਰ.ਓਜ਼ ਸਮੇਤ ਹੋਰ ਸਹਾਇਕ ਚੋਣ ਅਮਲਾ ਲਗਾਇਆ ਗਿਆ ਹੈ।
ਜ਼ਿਲ੍ਹਾ ਸੰਗਰੂਰ ਵਿੱਚ ਇਸ ਸਮੇਂ 917330 ਵੋਟਰ ਹਨ, ਜਿਸ ਅਨੁਸਾਰ ਹਰੇਕ ਬੀ.ਐਲ.ਓ. ਨੂੰ ਔਸਤ 912 ਵੋਟਰਾਂ ਦੀ SIR ਕਰਨੀ ਹੋਵੇਗੀ। ਉਨ੍ਹਾਂ ਨੂੰ ਐਸ.ਆਈ.ਆਰ. ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਰਿਵੀਜ਼ਨ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਹੋਰ ਦੱਸਿਆ ਕਿ 24 ਜੁਲਾਈ 2026 ਤਕ ਜ਼ਿਲ੍ਹੇ ਦੇ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਕੀਤੀ ਜਾਵੇਗੀ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਪੋਲਿੰਗ ਸਟੇਸ਼ਨ ‘ਤੇ ਵੋਟਰਾਂ ਦੀ ਗਿਣਤੀ 1200 ਤੋਂ ਵੱਧ ਨਾ ਹੋਵੇ।
ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦਾ ਮੁੱਖ ਉਦੇਸ਼ ਹਰ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਦੇ ਨਾਮ ਸੂਚੀ ਵਿੱਚੋਂ ਬਾਹਰ ਕਰਨਾ ਹੈ। ਉਨ੍ਹਾਂ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਕਾਨੂੰਨ ਅਨੁਸਾਰ ਦੰਡਯੋਗ ਅਪਰਾਧ ਹੈ, ਜਿਸ ਲਈ ਕੈਦ ਦੀ ਸਜ਼ਾ ਦਾ ਵੀ ਪ੍ਰਾਵਧਾਨ ਹੈ। ਉਨ੍ਹਾਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐਲ.ਓਜ਼ ਨੂੰ ਪੂਰਾ ਸਹਿਯੋਗ ਦੇਣ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦੌਰਾਨ ਲੋੜੀਂਦੀ ਜਾਣਕਾਰੀ ਸਮੇਂ ਸਿਰ ਉਪਲਬਧ ਕਰਵਾਉਣ।
ਜ਼ਿਲ੍ਹੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ Enumeration Form ਭਰਨਾ ਪਵੇਗਾ। ਇਸ ਸਬੰਧੀ ਬੀ.ਐਲ.ਓਜ਼ ਵੱਲੋਂ ਘਰਾਂ ਵਿੱਚ ਤਿੰਨ ਵਾਰ ਸੰਪਰਕ ਕੀਤਾ ਜਾਵੇਗਾ ਤਾਂ ਜੋ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਕਿਹਾ ਕਿ ਆਧਾਰ ਕਾਰਡ ਨੂੰ ਸਿਰਫ਼ ਪਛਾਣ ਦੇ ਸਰੋਤ ਵਜੋਂ ਮੰਨਿਆ ਜਾਵੇਗਾ, ਨਾ ਕਿ ਨਾਗਰਿਕਤਾ ਜਾਂ ਰਿਹਾਇਸ਼ ਦੇ ਸਬੂਤ ਵਜੋਂ ਮੰਨਿਆ ਜਾਵੇਗਾ।
ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਮੈਪਿੰਗ ਤਹਿਤ ਸੰਗਰੂਰ ਜ਼ਿਲ੍ਹੇ ਦੇ 9,17,330 ਵੋਟਰਾਂ ਵਿੱਚੋਂ 8,01,395 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 87.36 ਫ਼ੀਸਦ ਬਣਦੀ ਹੈ। ਦਿਹਾਤੀ ਖੇਤਰਾਂ ਵਿੱਚ 91.74 ਫੀਸਦੀ ਅਤੇ ਸ਼ਹਿਰੀ ਖੇਤਰਾਂ ਵਿੱਚ ਕਰੀਬ 76.39 ਫੀਸਦੀ ਮੈਪਿੰਗ ਹੋ ਚੁੱਕੀ ਹੈ। ਜੇਕਰ ਕੋਈ ਵੋਟਰ SIR ਅਧੀਨ Enumeration Form ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਜੋ ਮਿਤੀ 31.07.2026 ਨੂੰ ਪ੍ਰਕਾਸ਼ਿਤ ਹੋਵੇਗੀ। ਦਾਅਵੇ ਅਤੇ ਇਤਰਾਜ਼ ਮਿਤੀ 31.07.2026 ਤੋਂ ਮਿਤੀ 30.08.2026 ਤਕ ਲਏ ਜਾਣਗੇ, ਜਿਹਨਾਂ ਦਾ ਨਿਪਟਾਰਾ ਮਿਤੀ 28.09.2026 ਤਕ ਕਰਦੇ ਹੋਏ ਮਿਤੀ 01.10.2026 ਨੂੰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾਵੇਗੀ। SIR ਸਬੰਧੀ ਜਾਣਕਾਰੀ ਦੇਣ ਅਤੇ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ‘ਤੇ ਜਿਲ੍ਹਾ ਚੋਣ ਦਫਤਰ, ਸੰਗਰੂਰ ਵਿਖੇ Helpdesk ਸਥਾਪਤ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਦੌਰਾਨ ਉਹਨਾਂ ਦੱਸਿਆ ਕਿ ਇਸ ਦਫਤਰ ਵਲੋਂ ਰਾਜਨੀਤਿਕ ਪਾਰਟੀਆਂ ਨੂੰ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ ਗਈ ਹੈ ਤਾਂ ਜੋ ਇਹ ਪ੍ਰਕਿਰਿਆ ਨਿਰਵਿਘਨ ਢੰਗ ਨਾਲ ਮੁਕੰਮਲ ਹੋ ਸਕੇ। ਉਨ੍ਹਾਂ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਅਤੇ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹੱਤਵਪੂਰਨ ਪ੍ਰਕਿਰਿਆ ਦੌਰਾਨ ਚੋਣ ਅਮਲੇ ਨੂੰ ਪੂਰਾ ਸਹਿਯੋਗ ਦੇਣ ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਅਤੇ ਪਾਰਦਰਸ਼ੀ ਬਣਾਇਆ ਜਾ ਸਕੇ।
ਇਸ ਮੌਕੇ ਸੁਖਚੈਨ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਗਗਨਦੀਪ ਸਿੰਘ, ਐੱਸ.ਡੀ.ਐੱਮ, ਸੁਨਾਮ, ਸਤੀਸ਼ ਚੰਦਰ, ਐੱਸ.ਡੀ.ਐੱਮ, ਸੰਗਰੂਰ, ਰਾਜਵੀਰ ਸਿੰਘ, ਸਹਾਇਕ ਕਮਿਸ਼ਨਰ (ਜ) ਅਤੇ ਪਰਮਜੀਤ ਕੌਰ, ਚੋਣ ਤਹਿਸੀਲਦਾਰ ਹਾਜ਼ਰ ਸਨ।