ਸ੍ਰੀ ਅਨੰਦਪੁਰ ਸਾਹਿਬ, 13 ਅਕਤੂਬਰ: ਅਮਰਜੀਤ ਸਿੰਘ ਚਾਵਲਾ ਮਾਮਲੇ ਨੂੰ ਲੈ ਕੇ ਗਠਿਤ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿਖੇ ਪਹੁੰਚ ਕੇ ਮਾਮਲੇ ਦੀ ਜਾਂਚ ਅੱਗੇ ਵਧਾਈ ਗਈ। ਸਿੱਟ ਵੱਲੋਂ ਪੀੜਤ ਬੀਬੀ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ ਉਨ੍ਹਾਂ ਥਾਵਾਂ ਦਾ ਦੌਰਾ ਵੀ ਕੀਤਾ ਗਿਆ। ਟੀਮ ਨੇ ਪਹਿਲਾਂ ਮਿਲੇ ਜਾਂਚ ਰਿਕਾਰਡ ਦੀ ਘੋਖ ਕਰਨ ਉਪਰੰਤ ਮਾਮਲੇ ਦੇ ਤੱਥਾਂ ਅਤੇ ਸਬੂਤਾਂ ਨੂੰ ਇਕੱਠਾ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਿੱਟ ਚੇਅਰਮੈਨ ਅਤੇ ਐਸਐਸਪੀ ਫਰੀਦਕੋਟ ਸ੍ਰੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਪੁਲਿਸ ਵੱਲੋਂ ਮਾਮਲੇ ਨਾਲ ਸਬੰਧਤ ਰਿਕਾਰਡ ਸਿੱਟ ਨੂੰ ਸੌਂਪਿਆ ਗਿਆ ਸੀ। ਇਸ ਰਿਕਾਰਡ ਦੀ ਜਾਂਚ ਕਰਨ ਤੋਂ ਬਾਅਦ ਟੀਮ ਨੇ ਪੀੜਤ ਬੀਬੀ ਦੇ ਬਿਆਨ ਦਰਜ ਕੀਤੇ ਅਤੇ ਉਨ੍ਹਾਂ ਤੋਂ ਘਟਨਾਕ੍ਰਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਟੀਮ ਨੇ ਉਨ੍ਹਾਂ ਸਾਰੀਆਂ ਥਾਵਾਂ ਦਾ ਦੌਰਾ ਕੀਤਾ, ਜਿੱਥੇ ਪੀੜਤ ਬੀਬੀ ਨੂੰ ਕਥਿਤ ਤੌਰ ’ਤੇ ਠਹਿਰਾਇਆ ਗਿਆ ਜਾਂ ਰੋਕਿਆ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਿੱਟ ਮਾਮਲੇ ਦੀ ਮੁੱਢਲੀ ਜਾਂਚ ਕਰ ਰਹੀ ਹੈ ਅਤੇ ਜਾਂਚ ਨੂੰ ਅੱਗੇ ਵਧਾਉਣ ਲਈ ਹੋਰ ਸਬੰਧਤ ਰਿਕਾਰਡ ਦੀ ਵੀ ਲੋੜ ਹੈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨਾਲ ਤਾਲਮੇਲ ਕਰਕੇ ਲੋੜੀਂਦਾ ਰਿਕਾਰਡ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਸਿੱਟ ਚੇਅਰਮੈਨ ਅਤੇ ਐਸਐਸਪੀ ਗੁਰਬੰਸ ਸਿੰਘ ਬੈਂਸ ਨੇ ਦੱਸਿਆ ਕਿ ਕਾਨੂੰਨ ਦੀ ਨਜ਼ਰ ਵਿੱਚ ਕੋਈ ਵੀ ਵਿਅਕਤੀ ਛੋਟਾ ਜਾਂ ਵੱਡਾ ਨਹੀਂ ਹੈ। ਜੇਕਰ ਕਿਸੇ ਵਿਅਕਤੀ ਵਿਰੁੱਧ ਜੁਰਮ ਕਰਨ ਦੇ ਪੁਖ਼ਤਾ ਸਬੂਤ ਸਾਹਮਣੇ ਆਉਂਦੇ ਹਨ ਤਾਂ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਵਿਰੁੱਧ ਦੋਸ਼ ਲਗਾਏ ਗਏ ਹਨ, ਉਹ ਜਾਂਚ ਵਿੱਚ ਆਪਣਾ ਪੱਖ ਅਤੇ ਸਬੂਤ ਪੇਸ਼ ਕਰ ਸਕਦੇ ਹਨ।
ਉਨ੍ਹਾਂ ਇਹ ਵੀ ਦੱਸਿਆ ਕਿ ਸਿੱਟ ਆਪਣੀ ਜਾਂਚ ਪੂਰੀ ਕਾਨੂੰਨੀ ਪ੍ਰਕਿਰਿਆ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੇਗੀ। ਜਾਂਚ ਦੌਰਾਨ ਕਿਸੇ ਵੀ ਬੇਕਸੂਰ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਹੋਣ ਦਿੱਤੀ ਜਾਵੇਗੀ। ਸਿੱਟ ਦੇ ਗਠਨ ਦਾ ਮਕਸਦ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਤੱਥਾਂ ਨੂੰ ਸਾਹਮਣੇ ਲਿਆਉਣਾ ਅਤੇ ਪੀੜਤ ਨੂੰ ਇਨਸਾਫ਼ ਦਿਵਾਉਣ ਲਈ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਉਣਾ ਹੈ।
ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਹਾਲੇ ਮੁੱਢਲੇ ਪੜਾਅ ’ਤੇ ਹੈ। ਜਿਵੇਂ-ਜਿਵੇਂ ਤੱਥ ਅਤੇ ਸਬੂਤ ਸਾਹਮਣੇ ਆਉਣਗੇ, ਜਾਂਚ ਨੂੰ ਅੱਗੇ ਵਧਾਇਆ ਜਾਵੇਗਾ ਅਤੇ ਉਸ ਅਨੁਸਾਰ ਅਗਲੇ ਕਦਮ ਚੁੱਕੇ ਜਾਣਗੇ।
ਇਸ ਸਿੱਟ ਟੀਮ ਵਿੱਚ ਐਸਐਸਪੀ ਫਰੀਦਕੋਟ ਸ. ਗੁਰਬੰਸ ਸਿੰਘ ਬੈਂਸ ਤੋਂ ਇਲਾਵਾ ਐਸਐਸਪੀ ਵਿਜੀਲੈਂਸ ਮੋਹਾਲੀ ਸ. ਸਿਮਰਨਜੀਤ ਸਿੰਘ ਲੰਗ (ਮੈਂਬਰ) ਅਤੇ ਡੀਐਸਪੀ ਮੁੱਲਾਂਪੁਰ ਦਾਖਾ ਸ਼੍ਰੀ ਕਰਨ ਸੰਧੂ (ਮੈਂਬਰ) ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਇਸ ਮੌਕੇ ਡੀਐਸਪੀ ਸ੍ਰੀ ਅਨੰਦਪੁਰ ਸਾਹਿਬ ਸ. ਜਸ਼ਨਦੀਪ ਸਿੰਘ ਮਾਨ, ਐਸ.ਐਚ.ਓ ਸ੍ਰੀ ਅਨੰਦਪੁਰ ਸਾਹਿਬ ਸ਼੍ਰੀ ਜਤਿਨ ਕਪੂਰ ਅਤੇ ਐਸ.ਐਚ.ਓ ਕੀਰਤਪੁਰ ਸਾਹਿਬ ਸ਼੍ਰੀ ਰਾਹੁਲ ਸ਼ਰਮਾ ਵੀ ਹਾਜ਼ਰ ਸਨ।
ਸਿੱਟ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਅਗਲੀ ਕਾਰਵਾਈ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਅਤੇ ਸਬੂਤਾਂ ਦੇ ਆਧਾਰ ’ਤੇ ਕੀਤੀ ਜਾਵੇਗੀ।