ਬਰਨਾਲਾ, 24 ਅਕਤੂਬਰ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਵਾਤਾਵਰਣ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਪ-ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀ ਆਯੂਸ਼ ਗੋਇਲ ਆਈ ਏ ਐਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਦੇ ਮੀਟਿੰਗ ਹਾਲ ਵਿਚ ਕਲੱਸਟਰ ਅਫ਼ਸਰਾਂ ਅਤੇ ਸਹਾਇਕ ਕਲੱਸਟਰ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਐਸ.ਡੀ.ਐਮ. ਆਯੂਸ਼ ਗੋਇਲ ਨੇ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਤਿਆਰੀਆਂ ਅਤੇ ਜ਼ਮੀਨੀ ਪੱਧਰ ‘ਤੇ ਨਿਗਰਾਨੀ ਦਾ ਜਾਇਜ਼ਾ ਲਿਆ। ਉਨ੍ਹਾਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਦੀ ਗੁਣਵੱਤਾ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਜਨਤਕ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਵਿੱਚ ਜਾਗਰੂਕਤਾ ਫੈਲਾਉਣ ਵਿੱਚ ਕਲੱਸਟਰ ਅਤੇ ਸਹਾਇਕ ਕਲੱਸਟਰ ਅਧਿਕਾਰੀਆਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੱਤਾ।
ਜ਼ੀਰੋ-ਟੋਲਰੈਂਸ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਸਖ਼ਤ ਚੌਕਸੀ ਰੱਖਣ ਅਤੇ ਕਿਸੇ ਵੀ ਸਾਹਮਣੇ ਆਉਣ ਵਾਲੀ ਘਟਨਾ ‘ਤੇ ਤੁਰੰਤ ਕਾਰਵਾਈ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਪ੍ਰਸ਼ਾਸਨਿਕ ਟੀਮਾਂ ਨੂੰ ਕਿਸਾਨਾਂ ਨਾਲ ਤਾਲਮੇਲ ਦੀ ਅਪੀਲ ਕੀਤੀ ਤਾਂ ਜੋ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਵਾਤਾਵਰਣ ਪੱਖੀ ਬਦਲਾਂ ਨੂੰ ਅਪਣਾਇਆ ਜਾ ਸਕੇ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਖਪਾਲ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।