ਮੂਨਕ, 22 ਨਵੰਬਰ:
ਐੱਸ.ਐੱਸ.ਪੀ. ਸੰਗਰੂਰ ਡਾ. ਰਵਜੋਤ ਗਰੇਵਾਲ, ਆਈ.ਪੀ.ਐੱਸ., ਨੇ ਦੱਸਿਆ ਕਿ ਸਬ-ਡਵੀਜ਼ਨ ਮੂਨਕ ਪੁਲਿਸ ਵੱਲੋਂ 15 ਤੋਂ 21 ਨਵੰਬਰ 2026 ਤਕ ਨਸ਼ਿਆਂ ਅਤੇ ਹੋਰ ਅਪਰਾਧਾਂ ਵਿਰੁੱਧ ਕਾਰਵਾਈ ਕੀਤੀ ਗਈ। ਇਸ ਦੌਰਾਨ ਵੱਖ-ਵੱਖ ਧਾਰਾਵਾਂ ਤਹਿਤ ਦਰਜ ਮਾਮਲਿਆਂ ਵਿੱਚ ਕੁੱਲ 17 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਪਿੰਡਾਂ ਦੇ ਪਹਿਰੇਦਾਰ’ ਮੁਹਿੰਮਾਂ ਤਹਿਤ ਨਸ਼ਿਆਂ ਨਾਲ ਸਬੰਧਤ ਦੋ ਮਾਮਲੇ ਦਰਜ ਕੀਤੇ ਗਏ ਅਤੇ ਤਿੰਨ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਦਾਖ਼ਲ ਕਰਵਾਇਆ ਗਿਆ।
ਆਬਕਾਰੀ ਐਕਟ ਤਹਿਤ ਇੱਕ ਹੋਰ ਮਾਮਲਾ ਦਰਜ ਕਰਕੇ 20 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ ਧਾਰਾ 307 ਤਹਿਤ ਦਰਜ ਇੱਕ ਮਾਮਲੇ ਵਿੱਚ ਭਗੌੜੇ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ।
ਡਾ. ਗਰੇਵਾਲ ਨੇ ਕਿਹਾ ਕਿ ਸੜਕ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਲਈ ਚੈਕਿੰਗ ਵੀ ਜਾਰੀ ਰੱਖੀ ਗਈ। ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ 93 ਚਲਾਨ ਕੀਤੇ ਗਏ।
ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ 53 ਵਿਅਕਤੀਆਂ ਵਿਰੁੱਧ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 172 ਤਹਿਤ ਕਾਰਵਾਈ ਕੀਤੀ ਗਈ।
ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਪੰਚਾਇਤਾਂ, ਖੇਡ ਕਲੱਬਾਂ ਅਤੇ ਪਿੰਡਾਂ ਦੇ ਪਤਵੰਤਿਆਂ ਨਾਲ ਮੀਟਿੰਗਾਂ ਕਰ ਕੇ ਲੋਕਾਂ, ਖ਼ਾਸ ਕਰ ਕੇ ਨੌਜਵਾਨਾਂ, ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਅਤੇ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।