ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਕੱਲ ਬਿਆਸ ਜਿਲ੍ਹਾ ਅੰਮ੍ਰਿਤਸਰ ਵਿਖੇ ਪੁੱਜਣਗੀਆਂ ਜਿਥੇ ਵੱਖ-ਵੱਖ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਇਨਾਂ ਦਾ ਸਵਾਗਤ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 31 ਜਨਵਰੀ ਦਿਨ ਬੁੱਧਵਾਰ ਨੂੰ ਇਹ ਝਾਕੀਆਂ ਸਵੇਰੇ 10:00 ਵਜੇ ਬਿਆਸ ਤੋਂ ਹੁੰਦੇ ਹੋਏ 10:45 ਵਜੇ ਰਈਆ ਬਾਅਦ ਦੁਪਹਿਰ 1:00 ਵਜੇ ਦਾਣਾ ਮੰਡੀ ਜੰਡਿਆਲਾ ਗੁਰੂ, 2:45 ਵਜੇ ਗੋਲਡਨ ਗੇਟ, ਸ਼ਾਮ 3:30 ਵਜੇ ਵਿਸ਼ਾ ਮੈਗਾ ਮਾਰਟ ਅਤੇ ਸ਼ਾਮ 4:00 ਵਜੇ ਸਟਾਰ ਬਕ ਰੈਸਟੋਰੈਂਟ, ਰਣਜੀਤ ਐਵੀਨਿਊ ਵਿਖੇ ਪੁੱਜੇਗੀ ਅਤੇ ਇਸ ਉਪਰੰਤ ਸ਼ਾਮ 5:30 ਵਜੇ ਅਜਨਾਲਾ ਵਿਖੇ ਪੁਜੇਗੀ। ਉਨਾਂ ਦੱਸਿਆ ਕਿ ਇਸ ਉਪਰੰਤ ਅਗਲੇ ਦਿਨ 1 ਫਰਵਰੀ ਨੂੰ ਦਿਨ ਵੀਰਵਾਰ ਨੂੰ ਇਹ ਝਾਕੀਆਂ ਅਜਨਾਲਾ ਤੋਂ ਹੁੰਦੇ ਹੋਏ 11:30 ਵਜੇ ਭੱਲਾ ਪਿੰਡ, 12:30 ਕੁੱਕੜਾਂਵਾਲਾ ਅਤੇ ਬਾਅਦ ਦੁਪਹਿਰ 1:30 ਵਜੇ ਦਾਣਾ ਮੰਡੀ ਰਾਜਾਸਾਂਸੀ ਵਿਖੇ ਪੁੱਜੇਗੀ ਅਤੇ ਅਗਲੇ ਦਿਨ ਸਵੇਰੇ 10:00 ਵਜੇ ਤਰਨਤਾਰਨ ਲਈ ਰਵਾਨਾ ਹੋਵੇਗੀ।
ਉਨਾਂ ਦੱਸਿਆ ਕਿ ਇਨ੍ਹਾਂ ਝਾਕੀਆਂ ਵਿੱਚ ਜ਼ਿਲਿ੍ਹਆਂ ਵਾਲੇ ਬਾਗ ਦੀ ਘਟਨਾ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਨ ਸਿੰਘ ਭਕਨਾ, ਲਾਲਾ ਲਾਜਪਤ ਰਾਏ, ਸ਼ਹੀਦ ਸੁਖਦੇਵ, ਲਾਲਾ ਹਰਦਿਆਲ, ਸਰਦਾਰ ਅਜੀਤ ਸਿੰਘ, ਬਾਬਾ ਖੜਕ ਸਿੰਘ, ਮਦਨ ਲਾਲ ਢੀਂਗਰਾ, ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀ ਕੁਰਬਾਨੀ ਅਤੇ ਕਾਮਾਗਾਟਾ ਮਾਰੂ ਦੀ ਘਟਨਾ ਨੂੰ ਦਿਖਾਇਆ ਗਿਆ ਹੈ।
ਇਸੇ ਤਰ੍ਹਾਂ ਦੂਜੀ ਝਾਕੀ ਜ਼ਰੀਏ ਨਾਰੀ ਸਸ਼ਕਤੀਕਰਨ (ਮਾਈ ਭਾਗੋ ਦੀ ਸੂਰਮਗਤੀ ) ਅਤੇ ਮਾਈ ਭਾਗੋ ਆਰਮਡ ਫੋਰਸਜ ਪ੍ਰੀਪੇਟਰੀ ਇੰਸਟੀਚਿਊਟ ਫਾਰ ਗਰਲਜ਼ ਦੁਆਰਾ ਵੱਖ-ਵੱਖ ਖੇਤਰਾਂ ਵਿੱਚ ਨਾਮ ਰੌਸ਼ਨ ਕਰਨ ਵਾਲੀਆਂ ਮਹਿਲਾਵਾਂ ਨੂੰ ਦਰਸਾਇਆ ਗਿਆ ਹੈ। ਇਸੇ ਤਰ੍ਹਾਂ ਤੀਜੀ ਝਾਕੀ ਦੇ ਰਾਹੀਂ ਪੰਜਾਬ ਦੀ ਅਮੀਰ ਵਿਰਾਸਤ ਅਤੇ ਸਭਿਆਚਾਰ ਦੀ ਇਕ ਝਲਕ ਪੇਸ਼ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਇਨ੍ਹਾਂ ਝਾਕੀਆਂ ਨੂੰ ਸੂਬੇ ਦੇ ਕੋਨੇ-ਕੋਨੇ ਵਿੱਚ ਦਿਖਾਉਣ ਦਾ ਐਲਾਨ ਕੀਤਾ ਗਿਆ ਸੀ, ਜਿਸ ਉਪਰੰਤ ਇਹ ਝਾਕੀਆਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪਹੁੰਚ ਰਹੀਆਂ ਹਨ ਤਾਂ ਕਿ ਆਮ ਲੋਕ ਵੀ ਇਨਾਂ ਝਾਕੀਆਂ ਦੇ ਬਾਰੇ ਜਾਣਕਾਰੀ ਹਾਸਿਲ ਕਰ ਸਕਣ। ਇਹ ਉਪਰਾਲਾ ਸੂਬੇ ਦੇ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਅਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਦੇ ਬਾਰੇ ਜਾਣਕਾਰੀ ਦੇਣ ਵਿੱਚ ਮੀਲ ਦਾ ਪੱਥਰ ਸਾਬਿਤ ਹੋਵੇਗਾ।