ਬਟਾਲਾ, 29 ਜਨਵਰੀ : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ਼ਹਿਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਗੁਰਦਾਸਪੁਰ ਰੋਡ ‘ਤੇ ਲੱਗੀਆਂ ਅਤਿ ਆਧੁਨਿਕ ਕਿਸਮ ਦੀਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।
ਸ਼ਹਿਰ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਵਢਿਆ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।
ਇਸ ਮੌਕੇ ਸਿੰਬਲ ਚੌਂਕ, ਗੁਰਦਾਸਪੁਰ ਰੋਡ ਦੇ ਦੁਕਾਨਦਾਰਾਂ ਤੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।
ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਮਾਸਟਰ ਤਿਲਕ ਰਾਜ, ਅਵਤਾਰ ਸਿੰਘ ਕਲਸੀ, ਮਨਜੀਤ ਸਿੰਘ ਬਮਰਾਹ, ਹਨੀ ਚੌਹਾਨ, ਅਮਿਤ ਸੋਢੀ, ਵਿਨੇ ਤਰੇਹਨ, ਪਰਦੀਪ ਕੁਮਾਰ, ਦਵਿੰਦਰ ਸਿੰਘ, ਰਾਕੇਸ਼ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰਵਾਸੀ ਮੌਜੂਦ ਸਨ।