ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਅੱਜ 1984 ਦੇ ਦੰਗਾ ਪੀੜਤਾਂ ਨੂੰ ਦਿੱਲੀ ਸਰਕਾਰ ਵੱਲੋਂ ਹੋਰ ਵਾਧੂ ਮੁਆਵਜ਼ਾ ਦੇਣ ਸੰਬੰਧੀ ਜਾਰੀ ਜਨਤਕ ਨੋਟਿਸ ਨੂੰ ਜ਼ਿਲ੍ਹੇ ਵਿੱਚ ਰਹਿ ਰਹੇ ਪ੍ਰਭਾਵਿਤ ਪਰਿਵਾਰਾਂ ਨੂੰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਲਈ ਕਿਹਾ ਗਿਆ ਹੈ।
ਇਸ ਸਬੰਧੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਅਲਪ ਸੰਖਿਅਕ ਅਯੋਗ (ਭਾਰਤ ਸਰਕਾਰ) ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਪਿਛਲੇ ਮਹੀਨੇ ਲੁਧਿਆਣਾ ਫੇਰੀ ਦੌਰਾਨ ਪੀੜਿਤ ਪਰਿਵਾਰਾਂ ਵੱਲੋਂ ਪਹੁੰਚ ਕੀਤੀ ਗਈ ਸੀ। ਪੀੜਿਤ ਪਰਿਵਾਰਾਂ ਨੇ ਇੱਕ ਪਟੀਸ਼ਨ ਰਾਹੀਂ ਲਾਲਪੁਰਾ ਦੇ ਧਿਆਨ ਵਿੱਚ ਲਿਆਂਦਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਪੀੜਤਾਂ ਨੂੰ ਹਾਲੇ ਤੱਕ ਪੂਰਨ ਮੁਆਵਜ਼ਾ ਨਹੀਂ ਮਿਲਿਆ ਹੈ। ਲਾਲਪੁਰਾ ਨੇ ਇਸ ਸ਼ਿਕਾਇਤ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਕਿ ਇਸ ਸਬੰਧੀ ਢੁਕਵੀਂ ਕਾਰਵਾਈ ਜਲਦ ਅਮਲ ਵਿੱਚ ਲਿਆਂਦੀ ਜਾਵੇ।
ਇਸ ਉਪਰੰਤ ਪੰਜਾਬ ਦੇ ਮਾਲ ਪੁਨਰਵਾਸ ਅਤੇ ਡਿਜਾਸਟਰ ਮੈਨੇਜਮੈਂਟ ਵਿਭਾਗ ਵੱਲੋਂ ਪੱਤਰ ਜਾਰੀ ਕਰਕੇ ਪੀੜਤਾਂ ਤੱਕ ਵਾਧੂ ਮੁਆਵਜ਼ੇ ਸਬੰਧੀ ਜਾਣਕਾਰੀ ਦੇਣ ਦੇ ਹੁਕਮ ਜਾਰੀ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਪੀੜਤਾਂ ਨੂੰ ਪਹਿਲਾਂ ਸਾਢੇ ਤਿੰਨ ਲੱਖ ਰੁਪਏ ਮੁਆਵਜ਼ਾ ਮਿਲਿਆ ਹੈ, ਉਹ ਹੁਣ ਵਾਧੂ ਮੁਆਵਜਾ (5 ਲੱਖ) ਲੈਣ ਲਈ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਸੰਪਰਕ ਕਰਨ।