ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਗਿਆਸਪੁਰਾ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਮਾਲ ਪਟਵਾਰੀ ਚਮਕੌਰ ਸਿੰਘ ਦੇ ਕਾਰਿੰਦਾ ਅਸ਼ੋਕ ਕੁਮਾਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੌਕੇ ਤੋਂ ਫ਼ਰਾਰ ਹੋਏ ਪਟਵਾਰੀ ਤੇ ਉਸਦੇ ਕਾਰਿੰਦੇ ਖਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਵੀ ਦਰਜ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਰਾਕੇਸ਼ ਕੁਮਾਰ ਵਾਸੀ ਪਿੰਡ ਕੁਹਾੜਾ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਆਪਣੇ ਨਵੇਂ ਖਰੀਦੇ ਪਲਾਟ ਦਾ ਇੰਤਕਾਲ ਕਰਵਾਉਣ ਅਤੇ ਉਸ ਪਲਾਟ ਉੱਪਰ ਕਰਜ਼ਾ ਲੈਣ ਸਬੰਧੀ ਫਰਦਾਂ ਦੀਆਂ ਕਾਪੀਆਂ ਲੈਣ ਬਦਲੇ ਉਕਤ ਪਟਵਾਰੀ ਅਤੇ ਉਸ ਦੇ ਕਾਰਿੰਦੇ ਨੇ ਉਸ ਤੋਂ 6,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਯੂਨਿਟ ਲੁਧਿਆਣਾ ਨੇ ਜਾਲ ਵਿਛਾ ਕੇ ਪਟਵਾਰੀ ਚਮਕੌਰ ਸਿੰਘ ਦੇ ਪ੍ਰਾਈਵੇਟ ਸਹਾਇਕ ਅਸ਼ੋਕ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਦਫ਼ਤਰ ਤੋਂ ਫ਼ਰਾਰ ਹੋਏ ਸਹਿ ਮੁਲਜ਼ਮ ਪਟਵਾਰੀ ਨੂੰ ਗ੍ਰਿਫ਼ਤਾਰ ਕਰਨ ਲਈ ਕੋਸ਼ਿਸ਼ਾਂ ਜਾਰੀ ਹਨ। ਇਸ ਸਬੰਧੀ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ, ਥਾਣਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ।