20 ਸਤੰਬਰ ਤੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਇਆ ਜਾਵੇਗਾ – ਵਿਧਾਇਕ ਦਿਨੇਸ਼ ਚੱਢਾ

Punjab Police Logo
ਰੂਪਨਗਰ, 17 ਸਤੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕਾਂ ਦੀ ਸਰਗਰਮ ਸ਼ਮੂਲੀਅਤ ਨਾਲ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ 20 ਸਤੰਬਰ ਤੋਂ ਮੁਹਿੰਮ ਨੂੰ ਹੋਰ ਨਵੀਂ ਊਰਜਾ ਅਤੇ ਮਜ਼ਬੂਤ ਰੂਪ ਵਿੱਚ ਅੱਗੇ ਵਧਾਇਆ ਜਾਵੇਗਾ, ਜਿਸ ਤਹਿਤ ਪਿੰਡਾਂ ਅਤੇ ਸ਼ਹਿਰਾਂ ਦੀਆਂ ਡਿਫੈਂਸ ਕਮੇਟੀਆਂ ਵੱਲੋਂ ਆਪੋ-ਆਪਣੇ ਖੇਤਰਾਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਲਈ ਜਾਗਰੂਕਤਾ ਅਤੇ ਸਾਂਝੇ ਯਤਨਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।
 
ਇਹ ਪ੍ਰਗਟਾਵਾ ਵਿਧਾਇਕ ਰੂਪਨਗਰ ਐਡਵੋਕੇਟ ਸ੍ਰੀ ਦਿਨੇਸ਼ ਚੱਢਾ ਨੇ ਡਾ. ਬੀ.ਆਰ. ਅੰਬੇਦਕਰ ਭਵਨ, ਰੋਪੜ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਕੀਤੀ ਵਿਸ਼ੇਸ਼ ਸਮੀਖਿਆ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
 
ਵਿਧਾਇਕ ਸ੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਇਸ ਜੰਗ ਨੂੰ ਨਿਰਣਾਇਕ ਪੜਾਅ ਤੱਕ ਲਿਜਾਣ ਲਈ ਸਰਕਾਰ, ਪ੍ਰਸ਼ਾਸਨ, ਪੁਲਿਸ, ਪੰਚਾਇਤਾਂ, ਡਿਫੈਂਸ ਕਮੇਟੀਆਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਮਿਲ ਕੇ ਕੰਮ ਕਰਨਾ ਹੋਵੇਗਾ।
 
ਉਨ੍ਹਾਂ ਪਿੰਡਾਂ ਦੇ ਸਰਪੰਚਾਂ, ਬਲਾਕ ਪੱਧਰੀ ਨੁਮਾਇੰਦਿਆਂ ਅਤੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪੋ-ਆਪਣੇ ਖੇਤਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਤਨਦੇਹੀ, ਜ਼ਿੰਮੇਵਾਰੀ ਅਤੇ ਸਰਗਰਮੀ ਨਾਲ ਕੰਮ ਕਰਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ, ਸਿੱਖਿਆ, ਰੁਜ਼ਗਾਰ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਸਮਾਜਿਕ ਪੱਧਰ ’ਤੇ ਵੀ ਲਗਾਤਾਰ ਯਤਨ ਕਰਨ ਦੀ ਲੋੜ ਹੈ।
 
ਵਿਧਾਇਕ ਚੱਢਾ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਕਿਸੇ ਇੱਕ ਵਿਅਕਤੀ ਜਾਂ ਪਰਿਵਾਰ ਤੱਕ ਸੀਮਤ ਨਹੀਂ, ਬਲਕਿ ਇਹ ਸਮੁੱਚੇ ਸਮਾਜ ਸਾਹਮਣੇ ਖੜ੍ਹੀ ਇੱਕ ਗੰਭੀਰ ਚੁਣੌਤੀ ਹੈ। ਇਸ ਲਈ ਇਸਦੇ ਖਾਤਮੇ ਲਈ ਸਾਂਝੀ ਜ਼ਿੰਮੇਵਾਰੀ ਅਤੇ ਸਾਂਝੇ ਯਤਨ ਲਾਜ਼ਮੀ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦਾ ਭਰੋਸਾ ਅਤੇ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਲੋਕਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਨਸ਼ਿਆਂ ਵਿਰੁੱਧ ਲੜਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕਦਾ ਹੈ।
 
ਇਸ ਮੌਕੇ ਜ਼ਿਲ੍ਹਾ ਕੋਆਰਡੀਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ. ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦੀ ਸ਼ਮੂਲੀਅਤ ਲਗਾਤਾਰ ਵਧ ਰਹੀ ਹੈ ਅਤੇ ਸਾਂਝੇ ਯਤਨਾਂ ਰਾਹੀਂ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਦਾ ਟੀਚਾ ਸਾਕਾਰ ਕਰਨ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ।
 
ਐਸਡੀਐਮ ਰੂਪਨਗਰ ਸ. ਜਸਪ੍ਰੀਤ ਸਿੰਘ ਨੇ ਕਿਹਾ ਕਿ ਨਸ਼ਿਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪ੍ਰਸ਼ਾਸਨ ਜਾਂ ਸਬੰਧਤ ਅਧਿਕਾਰੀਆਂ ਤੱਕ ਪਹੁੰਚਾਉਣ ਵਾਲੇ ਵਿਅਕਤੀਆਂ ਦੀ ਪਛਾਣ ਅਤੇ ਸੂਚਨਾ ਨੂੰ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਝਿਜਕ ਦੇ ਨਸ਼ਿਆਂ ਦੀ ਵਿਕਰੀ, ਤਸਕਰੀ ਜਾਂ ਵਰਤੋਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਨਾਲ ਸਾਂਝੀ ਕਰਨ, ਤਾਂ ਜੋ ਨਸ਼ਿਆਂ ਵਿਰੁੱਧ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਇਆ ਜਾ ਸਕੇ।
 
ਇਸ ਮੌਕੇ ਪੁਲਿਸ ਵਿਭਾਗ ਵੱਲੋਂ ਐੱਸਐੱਚਓ ਰੂਪਨਗਰ ਸਿਟੀ ਸ੍ਰੀ ਪਵਨ ਚੌਧਰੀ ਨੇ ਕਿਹਾ ਕਿ ਰੂਪਨਗਰ ਪੁਲਿਸ ਨਸ਼ਿਆਂ ਦੇ ਖਾਤਮੇ ਲਈ ਪੂਰੀ ਤਰ੍ਹਾਂ ਤਤਪਰ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਸਬੰਧੀ ਸੂਚਨਾ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਗੁਪਤ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਦੇ ਨਾਲ-ਨਾਲ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ ਅਤੇ ਸਮੱਗਲਰਾਂ ਵੱਲੋਂ ਨਾਜਾਇਜ਼ ਤੌਰ ’ਤੇ ਉਸਾਰੀਆਂ ਗਈਆਂ ਇਮਾਰਤਾਂ ਸਬੰਧੀ ਵੀ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
 
ਮੀਟਿੰਗ ਦੌਰਾਨ ਕ੍ਰਾਂਤੀ ਕਲਾ ਮੰਚ ਦੀ ਟੀਮ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਜਾਗਰੂਕਤਾ ਨਾਟਕ ‘ਚਾਨਣ ਦੇ ਵਣਜਾਰੇ’ ਪੇਸ਼ ਕੀਤਾ ਗਿਆ। ਨਾਟਕ ਰਾਹੀਂ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਂਝੇ ਯਤਨ ਕਰਨ ਦਾ ਸੰਦੇਸ਼ ਦਿੱਤਾ ਗਿਆ। ਇਸੇ ਤਰ੍ਹਾਂ ਨੂਰਪੁਰ ਬੇਦੀ ਤੋਂ ਗਾਇਕ ਸਰਵਣ ਫਰਜ਼ੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸਮਰਪਿਤ ਗੀਤ ਪੇਸ਼ ਕਰਕੇ ਲੋਕਾਂ ਨੂੰ ਜਾਗਰੂਕਤਾ ਦਾ ਸੰਦੇਸ਼ ਦਿੱਤਾ ਗਿਆ।
 
ਇਸ ਮੌਕੇ ਚੇਅਰਮੈਨ ਸ੍ਰੀ ਭਾਗ ਸਿੰਘ ਮਦਾਨ, ਚੇਅਰਮੈਨ ਸ੍ਰੀ ਸ਼ਿਵ ਕੁਮਾਰ ਲਾਲਪੁਰਾ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਸ੍ਰੀ ਮਲਕੀਤ ਸਿੰਘ ਭੰਗੂ, ਬੀਡੀਪੀਓ ਰੂਪਨਗਰ ਸ੍ਰੀ ਅਮਿਤ ਸ਼ਰਮਾ, ਬੀਡੀਪੀਓ ਨੂਰਪੁਰ ਬੇਦੀ ਸ੍ਰੀ ਅਮਰੀਕ ਸਿੰਘ, ਐਸਐਚਓ ਥਾਣਾ ਸਦਰ ਰੂਪਨਗਰ ਸ੍ਰੀ ਸੰਨੀ ਖੰਨਾ, ਹਲਕਾ ਕੋਆਰਡੀਨੇਟਰ ਰੂਪਨਗਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ੍ਰੀ ਅਵਤਾਰ ਸਿੰਘ ਕੁੰਨਰ, ਹਲਕਾ ਕੋਆਰਡੀਨੇਟਰ ਸ੍ਰੀ ਚਮਕੌਰ ਸਾਹਿਬ ਸ੍ਰੀ ਪਰਸ਼ੋਤਮ ਸਿੰਘ ਮਾਹਲ, ਸ੍ਰੀ ਗੁਰਨਾਮ ਸਿੰਘ ਲਾਡਲ, ਸ੍ਰੀ ਸ਼ਮਸ਼ੇਰ ਸਿੰਘ ਪਤਿਆਲਾ ਅਤੇ ਸਿਹਤ ਵਿਭਾਗ ਤੋਂ ਸ੍ਰੀਮਤੀ ਪ੍ਰਭਜੋਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ, ਡਿਫੈਂਸ ਕਮੇਟੀਆਂ ਦੇ ਮੈਂਬਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। 
ਹੋਰ ਖ਼ਬਰਾਂ :-  ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅੱਜ ਆਪਣੀ ਨਵੀਂ ਟੀਮ ਦਾ ਐਲਾਨ,ਭਾਜਪਾ ਵੱਲੋਂ ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

Leave a Reply

Your email address will not be published. Required fields are marked *