ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਜੀ,ਅੰਮ੍ਰਿਤਸਰ,ਮਿਤੀ 17-08-2026 ਅੰਗ 586

ਸਲੋਕੁ ਮਃ ੩

॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥

ਅਰਥ:- ਗੁਰੂ ਦੀ ਦੱਸੀ ਸੇਵਾ ਚਾਕਰੀ ਕਰਨੀ ਚੰਗੇ ਤੋਂ ਚੰਗੇ ਸੁਖ ਦਾ ਤੱਤ ਹੈ; (ਗੁਰੂ ਦੀ ਦੱਸੀ ਸੇਵਾ ਕੀਤਿਆਂ) ਜਗਤ ਵਿਚ ਆਦਰ ਮਿਲਦਾ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਸੁਰਖ਼ਰੂਈ ਦਾ ਦਰਵਾਜ਼ਾ। (ਗੁਰ-ਸੇਵਾ ਦੀ ਇਹੀ) ਸੱਚੀ ਕਾਰ ਕਮਾਉਣ-ਜੋਗ ਹੈ, (ਇਸ ਨਾਲ) ਮਨੁੱਖ ਨੂੰ (ਪੜਦੇ ਕੱਜਣ ਲਈ) ਸੱਚਾ ਨਾਮ-ਰੂਪ ਪੁਸ਼ਾਕਾ ਮਿਲ ਜਾਂਦਾ ਹੈ, ਸੱਚੀ ਸੰਗਤ ਵਿਚ ਸੱਚੇ ਨਾਮ ਵਿਚ ਪਿਆਰ ਪੈਂਦਾ ਹੈ ਤੇ ਸੱਚੇ ਪ੍ਰਭੂ ਵਿਚ ਸਮਾਈ ਹੋ ਜਾਂਦੀ ਹੈ। (ਗੁਰੂ ਦੇ) ਸੱਚੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਮਨ ਵਿਚ) ਸਦਾ ਖ਼ੁਸ਼ੀ ਬਣੀ ਰਹਿੰਦੀ ਹੈ, ਤੇ ਪ੍ਰਭੂ ਦੀ ਹਜ਼ੂਰੀ ਵਿਚ ਮਨੁੱਖ ਸੁਰਖ਼ਰੂ ਹੋ ਜਾਂਦਾ ਹੈ। ਹੇ ਨਾਨਕ ਜੀ! ਸਤਿਗੁਰੂ ਦੀ ਦੱਸੀ ਹੋਈ ਕਾਰ ਉਹੀ ਮਨੁੱਖ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਮੇਹਰ ਦੀ ਨਜ਼ਰ ਕਰਦਾ ਹੈ ॥੧॥ (ਪ੍ਰਭੂ ਦੀ ਬੰਦਗੀ ਛੱਡ ਕੇ) ਹੋਰ ਬਿਗਾਨੀ ਕਾਰ ਕਰਨ ਵਾਲਿਆਂ ਦਾ ਜੀਊਣਾ ਤੇ ਵੱਸਣਾ ਫਿਟਕਾਰ-ਜੋਗ ਹੈ। ਐਸੇ ਮਨੁੱਖ ਅੰਮ੍ਰਿਤ ਛੱਡ ਕੇ (ਮਾਇਆ-ਰੂਪ) ਜ਼ਹਿਰ (ਇਕੱਠਾ ਕਰਨ) ਵਿਚ ਲੱਗੇ ਹੋਏ ਹਨ ਤੇ ਜ਼ਹਿਰ ਹੀ ਉਹਨਾਂ ਦੀ ਖੱਟੀ-ਕਮਾਈ ਤੇ ਪੂੰਜੀ ਹੈ। ਉਨ੍ਹਾਂ ਦੀ ਖ਼ੁਰਾਕ ਤੇ ਪੁਸ਼ਾਕ ਜ਼ਹਿਰ ਹੈ ਤੇ ਜ਼ਹਿਰ ਹਨ ਮੂੰਹ ਵਿਚ ਦੀਆਂ ਗਿਰਾਹੀਆਂ। ਅਜੇਹੇ ਬੰਦੇ ਜਗਤ ਵਿਚ ਨਿਰਾ ਦੁੱਖ ਹੀ ਭੋਗਦੇ ਹਨ ਤੇ ਮੋਇਆਂ ਭੀ ਉਹਨਾਂ ਦਾ ਵਾਸ ਨਰਕ ਵਿਚ ਹੀ ਹੁੰਦਾ ਹੈ। ਮੂੰਹੋਂ ਮੈਲੇ ਹੋਣ ਕਰਕੇ ਮਨ ਦੇ ਪਿਛੇ ਤੁਰਨ ਵਾਲੇ ਮਨੁੱਖ ਗੁਰੂ ਦੇ ਸ਼ਬਦ ਨੂੰ ਨਹੀਂ ਪਛਾਣਦੇ ਅਤੇ ਕਾਮ, ਕ੍ਰੋਧ ਨਾਲ ਉਹਨਾਂ ਦੀ (ਆਤਮਕ) ਮੌਤ ਹੋ ਜਾਂਦੀ ਹੈ। ਸਤਿਗੁਰੂ ਦਾ ਅਦਬ ਛੱਡ ਦੇਣ ਕਰ ਕੇ, ਮਨ ਦੇ ਹਠ ਨਾਲ ਕੀਤਾ ਹੋਇਆ ਉਹਨਾਂ ਦਾ ਕੋਈ ਕੰਮ ਸਿਰੇ ਨਹੀਂ ਚੜ੍ਹਦਾ। (ਇਸ ਵਾਸਤੇ ਮਨਮੁਖ ਮਨੁੱਖ) ਜਮ-ਪੁਰੀ ਵਿਚ ਬੱਧੇ ਮਾਰ ਖਾਂਦੇ ਹਨ ਤੇ ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ। ਹੇ ਨਾਨਕ ਜੀ! ਜੀਵ ਮੁੱਢ ਤੋਂ (ਕੀਤੇ ਕਰਮਾਂ-ਅਨੁਸਾਰ) ਲਿਖਿਆ ਲੇਖ ਕਮਾਉਂਦੇ ਹਨ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੀ ਸੁਰਤ ਨਾਮ ਵਿਚ ਜੁੜੀ ਰਹਿੰਦੀ ਹੈ ॥੨॥ ਜਿਸ ਸਤਿਗੁਰੂ ਨੇ ਪ੍ਰਭੂ ਦਾ ਨਾਮ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਾਇਆ ਹੈ, ਉਸ ਸਾਧ-ਗੁਰੂ ਦੀ ਸੇਵਾ ਕਰੋ। ਜਿਸ ਗੁਰੂ ਨੇ ਜਗਤ ਦੇ ਮਾਲਕ ਤੇ ਨਾਥ ਦਾ ਨਾਮ (ਜੀਵਾਂ ਤੋਂ) ਜਪਾਇਆ ਹੈ, ਉਸ ਦੀ ਦਿਨ ਰਾਤ ਪੂਜਾ ਕਰੋ। ਜਿਸ ਗੁਰੂ ਨੇ ਪਰਮਾਤਮਾ (ਦੇ ਮਿਲਣ) ਦਾ ਰਾਹ ਦੱਸਿਆ ਹੈ, ਉਸ ਦਾ ਹਰ ਵੇਲੇ ਦਰਸ਼ਨ ਕਰੋ। ਜਿਸ ਸਤਿਗੁਰੂ ਨੇ (ਜੀਵਾਂ ਦੇ ਹਿਰਦੇ ਵਿਚੋਂ ਮਾਇਆ ਦੇ) ਮੋਹ ਦਾ ਹਨੇਰਾ ਦੂਰ ਕੀਤਾ ਹੈ, ਸਾਰੇ ਉਸ ਦੀ ਚਰਨੀਂ ਲੱਗੋ। ਜਿਸ ਗੁਰੂ ਨੇ ਪ੍ਰਭੂ ਦੀ ਭਗਤੀ ਦੇ ਖ਼ਜ਼ਾਨੇ ਲਭਾ ਦਿੱਤੇ ਹਨ, ਆਖੋ-ਉਹ ਗੁਰੂ ਧੰਨ ਹੈ, ਉਹ ਗੁਰੂ ਧੰਨ ਹੈ ॥੩॥

ਹੋਰ ਖ਼ਬਰਾਂ :-  ਆਨਲਾਈਨ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਅੰਮ੍ਰਿਤਸਰ ਜਿਲ੍ਹਾ ਪਹਿਲੇ ਨੰਬਰ ਤੇ ਕਾਇਮ

ਵਾਹਿਗੁਰੂ ਜੀ ਕਾ ਖਾਲਸਾ !!

  ਵਾਹਿਗੁਰੂ ਜੀ ਕੀ ਫਤਹਿ !!

ਸੰਗਰਾਂਦ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ  

 ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥ ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥ ਜਿਤੁ ਦਿਨਿ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥ ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥ ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥ ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥ ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥ ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥ ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥੭॥

ਅਰਥ:- (ਜਿਵੇਂ) ਭਾਦਰੋਂ (ਦੇ ਤ੍ਰਾਟਕੇ ਤੇ ਘੁੰਮੇ) ਵਿਚ (ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ) ਜਿਸ ਜੀਵ-ਇਸਤ੍ਰੀ ਦਾ ਪਿਆਰ ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲੱਗਦਾ ਹੈ ਉਹ ਭਟਕਣਾ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ ਸਿੰਗਾਰ ਕਰੇ, (ਉਸ ਦੇ) ਕਿਸੇ ਕੰਮ ਨਹੀਂ ਆਉਂਦੇ। ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ (ਜਦੋਂ ਮਨੁੱਖ ਮਰ ਜਾਇਗਾ) ਉਸ ਵੇਲੇ (ਸਾਰੇ ਸਾਕ-ਅੰਗ) ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। (ਲੋਥ ਅਪਵਿਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚੱਲੋ) । ਜਮਦੂਤ (ਜਿੰਦ ਨੂੰ) ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ (ਇਹ) ਭੇਤ ਨਹੀਂ ਦੱਸਦੇ (ਕਿ ਕਿੱਥੇ ਲੈ ਚੱਲੇ ਹਾਂ) । (ਜਿਨ੍ਹਾਂ ਸੰਬੰਧੀਆਂ ਨਾਲ (ਸਾਰੀ ਉਮਰ ਬੜਾ) ਪਿਆਰ ਬਣਿਆ ਰਹਿੰਦਾ ਹੈ ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ। (ਮੌਤ ਆਈ ਵੇਖ ਕੇ ਮਨੁੱਖ) ਬੜਾ ਪਛੁਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੁ ਤੋਂ ਚਿੱਟਾ ਪਿਆ ਹੁੰਦਾ ਹੈ (ਘਬਰਾਹਟ ਨਾਲ ਇਕ ਰੰਗ ਆਉਂਦਾ ਹੈ ਇਕ ਜਾਂਦਾ ਹੈ) । ਇਹ ਸਰੀਰ ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ ਇਸ ਵਿਚ ਬੀਜਦਾ ਹੈ ਉਹੀ ਫ਼ਸਲ ਵੱਢਦਾ ਹੈ (ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ) । ਹੇ ਨਾਨਕ! ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਹਨਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ (ਵਿਚ ਚੜ੍ਹਾ) ਦੇਂਦਾ ਹੈ।7।

ਵਾਹਿਗੁਰੂ ਜੀ ਕਾ ਖਾਲਸਾ !!

  ਵਾਹਿਗੁਰੂ ਜੀ ਕੀ ਫਤਹਿ !!

Leave a Reply

Your email address will not be published. Required fields are marked *