ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗੁਰਦਾਸਪੁਰ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ  ਸਮਾਗਮ ਮੌਕੇ ਲਹਿਰਾਇਆ ਰਾਸ਼ਟਰੀ ਤਿੰਰਗਾ

ਗੁਰਦਾਸਪੁਰ,15 ਅਗਸਤ       ਡਾ. ਬਲਜੀਤ ਕੌਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਪੰਜਾਬ ਵਲੋਂ ਸਥਾਨਕ ਸ਼ਹੀਦ ਲੈਫ. ਨਵਦੀਪ ਸਿੰਘ (ਅਸੋਕ ਚੱਕਰ) ਖੇਡ ਸਟੇਡੀਅਮ, ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ ਗਿਆ ਤੇ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੱਤਾ ਗਿਆ। ਆਜ਼ਾਦੀ ਦਿਵਸ ਸਮਾਗਮ ਵਿੱਚ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਪਤੀ ਇੰਜੀਨੀਅਰ ਦਲਜੀਤ ਸਿੰਘ ਐਡੀਸ਼ਨਲ ਸੁਪਰਡੰਟ ਪੀ.ਐੱਸ.ਪੀ.ਸੀ. ਐੱਲ, ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਆਦਿਤਿਆ ਊੱਪਲ ਡਿਪਟੀ ਕਮਿਸ਼ਨਰ ਗੁਰਦਾਸਪੁਰ, ਦਿਲਬਾਗ ਸਿੰਘ ਜੌਹਲ, ਜ਼ਿਲ੍ਹਾ ਅਤੇ ਸੈਸਨ ਜੱਜ ਗੁਰਦਾਸਪੁਰ, ਆਈ.ਜੀ ਰਾਜਪਾਲ ਸਿੰਘ, ਆਦਿਤਿਆ ਐੱਸ.ਐੱਸ.ਪੀ ਗੁਰਦਾਸਪੁਰ, ਰਮਨ ਬਹਿਲ ਹਲਕਾ ਇੰਚਾਰਜ ਗੁਰਦਾਸਪੁਰ, ਸੀਨੀਅਰ ਆਗੂ ਐਡਵੋਕੈਟ ਜਗਰੂਪ ਸਿੰਘ ਸੇਖਵਾਂ, ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਗੁਰਪ੍ਰੀਤ ਸਿੰਘ ਗਿੱਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਅਸ਼ੋਕ ਕੁਮਾਰ ਐਸ.ਡੀ.ਐੱਮ, ਉਲੰਪੀਅਨ ਜੁਗਰਾਜ ਸਿੰਘ ਐੱਸ.ਪੀ (ਐੱਚ) ਦਵਿੰਦਰ ਚੌਧਰੀ ਐੱਸ.ਪੀ (ਡੀ) ਗੁਰਦਾਸਪੁਰ ਸਮੇਤ ਪ੍ਰਮੁੱਖ ਹਸਤੀਆਂ ਮੌਜੂਦ ਸਨ।

ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜ ਅਸੀਂ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਲਈ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਗੁਰਦਾਸਪੁਰ ਵਿਖੇ ਇਕੱਤਰ ਹੋਏ ਹਾਂ। ਇਸ ਸ਼ੁਭ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦੀ ਹਾਂ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ, ਸ਼ਹੀਦ ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜਾ ਵਿੱਚ ਸਾਹ ਲੈ ਰਹੇ ਹਾਂ ।

ਉਨ੍ਹਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਬਣਨ ਤੋਂ ਬਾਅਦ ਸਰਦਾਰ ਭਗਵੰਤ ਸਿੰਘ ਮਾਨ ਨੇ ਆਪਣੇ ਅਹੁਦੇ ਦੀ ਸਹੁੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਚੁੱਕੀ। ਇਸ ਤੋਂ ਇਲਾਵਾ ਸਾਡੀ ਸਰਕਾਰ ਨੇ ਅਹਿਮ ਫ਼ੈਸਲਾ ਲੈਂਦਿਆਂ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ ਭਗਤ ਸਿੰਘ ਜੀ ਅਤੇ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੀਆਂ ਤਸਵੀਰਾਂ ਲਗਾਈਆਂ।

ਸਾਡੀ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਇਸ ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਸੂਬੇ ਅਤੇ ਦੇਸ਼ ਦੀ ਸੁਰੱਖਿਆ ਲਈ ਜਾਨ ਵਾਰਨ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵੀ ਇਕ-ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਹੈ। ਪੰਜਾਬ ਸਰਕਾਰ ਨੇ ਧਰਮੀ ਫ਼ੌਜੀਆਂ ਨੂੰ ਦਿੱਤੀ ਜਾਂਦੀ ਵਿੱਤੀ ਸਹਾਇਤਾ 10 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਹੈ।

ਉਨਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ। ਸਾਡੀ ਸਰਕਾਰ ਨੇ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਤੋਂ ਵਧਾ ਕੇ 11 ਹਜ਼ਾਰ ਰੁਪਏ ਕਰ ਦਿੱਤੀ ਹੈ। ਸੁਤੰਤਰਤਾ ਸੰਗਰਾਮੀਆਂ ਦੇ ਵਾਰਸਾਂ ਲਈ ਪੰਜਾਬ ਸਰਕਾਰ ਦੀ ਸਿੱਧੀ ਭਰਤੀ ਵਿੱਚ 1 ਫ਼ੀਸਦੀ ਰਾਖਵੇਂਕਰਨ ਦਾ ਉਪਬੰਧ ਕੀਤਾ ਗਿਆ ਹੈ।

ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਵੱਡੇ ਭਾਗਾਂ ਵਾਲੇ ਹਾਂ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਐਨੇ ਵੱਡੇ ਪੱਧਰ ਉਤੇ ਮਨਾਉਣ ਦਾ ਸੁਭਾਗ ਮਿਲਿਆ ਹੈ। ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮ ਉਲੀਕੇ ਗਏ ਹਨ। ਇਸ ਮਕਸਦ ਲਈ ਬਜਟ ਵਿੱਚ 100 ਕਰੋੜ ਰੁਪਏ ਰੱਖੇ ਗਏ ਹਨ।

ਸ੍ਰੀ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ, ਫਲਸਫੇ ਅਤੇ ਪਵਿੱਤਰ ਬਾਣੀ ਦੇ ਅਧਿਐਨ ਲਈ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਵੀ ਵਿਕਸਤ ਕੀਤਾ ਜਾ ਰਿਹਾ ਹੈ ਜੋ 10 ਏਕੜ ਤੋਂ ਵੱਧ ਰਕਬੇ ਵਿੱਚ ਬਣਾਇਆ ਜਾਵੇਗਾ। ਇਸ ਦੀ ਕੁੱਲ ਲਾਗਤ 37 ਕਰੋੜ ਰੁਪਏ ਆਵੇਗੀ।

ਸਾਲ ਭਰ ਚੱਲਣ ਵਾਲੇ ਸਮਾਗਮਾਂ ਤਹਿਤ ਪੰਜਾਬ ਵਿੱਚ 650 ਏਕੜ ਜ਼ਮੀਨ ’ਤੇ ਗੁਰੂ ਰਵਿਦਾਸ ਜੀ ਦੀਆਂ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 6 ਲੱਖ 50 ਹਜਾਰ ਬੂਟੇ ਲਗਾਉਣ ਅਤੇ 6 ਲੱਖ 50 ਹਜਾਰ ਯਾਦਗਾਰੀ ਝੰਡੇ ਵੰਡਣ ਸਬੰਧੀ ਮੁਹਿੰਮ ਵੀ ਚਲਾਈ ਜਾ ਰਹੀ ਹੈ। ਅਕਤੂਬਰ ਮਹੀਨੇ ਦੇ ਪਹਿਲੇ ਹਫ਼ਤੇ ਵਾਰਾਣਸੀ, ਫ਼ਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੱਕ ਚਾਰ ਸ਼ੋਭਾ ਯਾਤਰਾਵਾਂ ਕੱਢੀਆਂ ਜਾਣਗੀਆਂ। ਇਨ੍ਹਾਂ ਸਮਾਗਮਾਂ ਤਹਿਤ 50 ਮੋਬਾਈਲ ਵੈਨਾਂ ਵੀ ਸਾਰੇ ਜ਼ਿਲ੍ਹਿਆਂ ਦੇ 13,000 ਪਿੰਡਾਂ ਵਿੱਚ ਗੁਰੂ ਜੀ ਦੇ ਜੀਵਨ, ਫਲਸਫੇ ਅਤੇ ਸਿੱਖਿਆਵਾਂ `ਤੇ ਡਾਕੂਮੈਂਟਰੀਆਂ ਦਿਖਾਉਣ ਲਈ ਜਾ ਰਹੀਆਂ ਹਨ।

ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਸਰਕਾਰ ਵੱਲੋਂ ਸੂਬੇ ਦੇ 12 ਸ਼ਹਿਰਾਂ ਵਿੱਚ ਹਮਾਰੇ ਰਾਮ ਨਾਮ ਦੇ ਪ੍ਰਸਿੱਧ ਨਾਟਕ ਦੇ 41 ਸ਼ੋਅ ਕਰਵਾਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਸ ਨਾਟਕ ਰਾਹੀਂ ਭਗਵਾਨ ਸ੍ਰੀ ਰਾਮ ਦੇ ਸਦੀਵੀ ਉਪਦੇਸ਼ਾਂ ਅਤੇ ਆਦਰਸ਼ਾਂ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਾਡੀ ਸਰਕਾਰ ਵੱਲੋਂ ਏਕ ਸ਼ਾਮ ਭਗਵਾਨ ਸ਼ਿਵ ਦੇ ਨਾਮ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ।

“ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਪੰਜਾਬ ਸਰਕਾਰ ਦੀ ਇੱਕ ਹੋਰ ਅਹਿਮ ਪਹਿਲ ਹੈ ਜਿਸ ਤਹਿਤ ਹੁਣ ਤੱਕ 4 ਲੱਖ ਤੋਂ ਵੱਧ ਸ਼ਰਧਾਲੂ ਧਾਰਮਿਕ ਅਸਥਾਨਾਂ ਦੀ ਯਾਤਰਾ ਕਰ ਚੁੱਕੇ ਹਨ। ਇਸ ਯੋਜਨਾ ਦਾ ਹੁਣ ਵਿਸਥਾਰ ਕੀਤਾ ਗਿਆ ਹੈ, ਜਿਸ ਤਹਿਤ ਸ਼ਰਧਾਲੂ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ ਤੇ ਵ੍ਰਿੰਦਾਵਨ ਧਾਮ ਅਤੇ ਹੋਰ ਪਵਿੱਤਰ ਅਸਥਾਨਾਂ ਦੀ ਯਾਤਰਾ ਕਰ ਰਹੇ ਹਨ।

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦਾ ਵਾਅਦਾ ਪੂਰਾ ਕਰਦਿਆਂ ਸਾਡੀ ਸਰਕਾਰ ਨੇ ਅਪ੍ਰੈਲ 2022 ਤੋਂ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ।

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਗਏ ਹਨ। ਪੰਜਾਬ ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ), ਉੱਦਮਤਾ ਅਤੇ ਨਸ਼ਿਆਂ ਦੀ ਰੋਕਥਾਮ ਸਬੰਧੀ ਪਾਠਕ੍ਰਮ ਨੂੰ ਸਕੂਲਾਂ ਵਿੱਚ ਲਾਗੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਦੇ 118 ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਿਆ ਜਾ ਰਿਹਾ ਹੈ। ਪੰਜਾਬ ਨੇ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਦੇਸ਼ ਭਰ ਵਿੱਚੋਂ ਸਕੂਲੀ ਸਿੱਖਿਆ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ।

ਸੰਬੋਧਨ ਕਰਦਿਆਂ ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਫਾਰ ਐਸ.ਸੀ. ਲਈ ਸਾਲ 2025-26 ਵਿੱਚ 94092 ਵਿਦਿਆਰਥੀਆਂ ਨੂੰ 13 ਕਰੋੜ 30 ਲੱਖ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਸਾਲ 2026-27 ਲਈ 1 ਲੱਖ 17 ਹਜਾਰ 142 ਵਿਦਿਆਰਥੀਆਂ ਲਈ 40 ਕਰੋੜ ਰੁਪਏ ਦੀ ਰਾਸ਼ੀ ਪ੍ਰਸਤਾਵਿਤ ਕੀਤੀ ਗਈ ਹੈ।

ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਰਾਹੀਂ ਐਸ.ਸੀ. ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਵੱਡਾ ਸਹਾਰਾ ਮਿਲਿਆ ਹੈ। ਸਾਲ 2025-26 ਦੌਰਾਨ 2 ਲੱਖ 45 ਹਜਾਰ ਤੋਂ ਵੱਧ ਵਿਦਿਆਰਥੀਆਂ ਦੀਆਂ ਫੀਸਾਂ ਲਈ 302 ਕਰੋੜ 34 ਲੱਖ ਰੁਪਏ ਜਾਰੀ ਕੀਤੇ ਗਏ ਹਨ। ਸਾਲ 2026-27 ਵਿੱਚ ਵੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 245 ਕਰੋੜ ਰੁਪਏ ਦੀ ਰਾਸ਼ੀ ਰਾਖਵੀਂ ਰੱਖੀ ਗਈ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ “ਮੁੱਖ ਮੰਤਰੀ ਸਿਹਤ ਯੋਜਨਾ” ਸ਼ੁਰੂ ਕੀਤੀ ਗਈ ਹੈ ਜਿਸ ਅਧੀਨ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ 10 ਲੱਖ ਤੱਕ ਨਕਦੀ ਰਹਿਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ। ਇਸ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਯੋਗ 65 ਲੱਖ ਪਰਿਵਾਰਾਂ ਨੂੰ ਪ੍ਰਤੀ ਸਾਲ 10 ਲੱਖ ਰੁਪਏ ਦੇ ਮੁਫ਼ਤ ਇਲਾਜ ਦੀ ਸਹੂਲਤ ਮਿਲ ਰਹੀ ਹੈ। ਸਾਡੀ ਸਰਕਾਰ ਵੱਲੋਂ ਸ਼ੁਰੂ ਕੀਤੇ 1,090 ਆਮ ਆਦਮੀ ਕਲੀਨਿਕਾਂ ਵਿੱਚ 6 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ।

ਹੋਰ ਖ਼ਬਰਾਂ :-  ਸਰਵਾਈਕਲ ਕੈਂਸਰ ਤੋਂ ਬਚਾਅ ਲਈ ਬੱਚੀਆਂ ਦਾ ਮੁਫ਼ਤ ਟੀਕਾਕਰਨ ਸ਼ੁਰੂ

ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਮਹਿਲਾਵਾਂ ਦਾ ਸਤਿਕਾਰ ਤੇ ਸਨਮਾਨ ਲਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ। ਇਸ ਯੋਜਨਾ ਤਹਿਤ ਹੁਣ ਤੱਕ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਰਜਿਸਟਰ ਹੋ ਚੁੱਕੀਆਂ ਹਨ, ਜਦਕਿ 1 ਅਗਸਤ 2026 ਤੱਕ 65 ਲੱਖ 62 ਹਜ਼ਾਰ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ 2,274.42 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਾਈ ਜਾ ਚੁੱਕੀ ਹੈ। ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 9,300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਪੰਜਾਬ ਸਰਕਾਰ ਦੇ ਮਹਿਜ਼ ਚਾਰ ਸਾਲਾਂ ਵਿੱਚ 28,734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀ ਲਗਭਗ ਤਿੰਨ ਲੱਖ ਔਰਤਾਂ ਨੂੰ ਸਵੈ-ਸਹਾਇਤਾ ਗਰੁੱਪਾਂ ਨਾਲ ਜੋੜਿਆ ਗਿਆ ਹੈ। ਇਨਾਂ ਗਰੁੱਪਾਂ ਨੂੰ ਚਾਰ ਸਾਲਾਂ ਵਿੱਚ 631 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਮੁਹੱਈਆ ਕਰਵਾਏ ਗਏ ਹਨ।

ਇਸ ਤੋਂ ਇਲਾਵਾ ਮਹਿਲਾ ਵਰਗ ਦੀ ਤਕਨੀਕੀ ਸਿੱਖਿਆ ਦੇ ਖੇਤਰ ਵਿੱਚ ਸ਼ਮੂਲੀਅਤ ਨੂੰ ਹੁਲਾਰਾ ਦੇਣ ਲਈ ਮਹਿਲਾਵਾਂ ਨੂੰ ਸਮਰਪਿਤ 34 ਆਈ.ਟੀ.ਆਈਜ਼ ਸਥਾਪਤ ਕਰਕੇ ਸਹਿ ਸਿੱਖਿਆ ਵਾਲੀਆਂ ਟਰੇਡਾਂ ਵਿੱਚ ਵੀ 30 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਹੈ।

ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਆਵਾਜਾਈ ਨੂੰ ਹੋਰ ਸੁਖਾਲਾ ਬਣਾਉਣ ਲਈ ਮੁਫ਼ਤ ਬੱਸ ਸਫ਼ਰ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 298 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ।

ਇਸੇ ਤਰ੍ਹਾਂ ਅਸ਼ੀਰਵਾਦ ਸਕੀਮ ਤਹਿਤ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਦਿੱਤੀ ਗਈ, ਜਦਕਿ ਸਾਲ 2026-27 ਵਿੱਚ ਹੁਣ ਤੱਕ ਕਰੀਬ 12,800 ਲਾਭਪਾਤਰੀਆਂ ਲਈ 65.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ ਚਾਲੂ ਵਿੱਤੀ ਵਰ੍ਹੇ ਦੌਰਾਨ ਹੁਣ ਤੱਕ 2,697.44 ਕਰੋੜ ਰੁਪਏ ਜਾਰੀ ਕੀਤੇ ਹਨ ਜਿਸ ਨਾਲ ਸੂਬੇ ਦੇ 36.43 ਲੱਖ ਲੋੜਵੰਦ ਲਾਭਪਾਤਰੀਆਂ ਨੂੰ ਆਰਥਿਕ ਸਹਾਇਤਾ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਸਾਲ 2025-26 ਦੌਰਾਨ ਪੰਜਾਬ ਰਾਜ ਵਿੱਚ 6 ਵੈਟਰਨਰੀ ਪੌਲੀਕਲੀਨਿਕਾਂ ਵਿੱਚ (ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਸੰਗਰੂਰ, ਸ੍ਰੀ ਮੁਕਤਸਰ ਸਾਹਿਬ ਅਤੇ ਅੰਮ੍ਰਿਤਸਰ) ਉੱਚ ਦਰਜੇ ਦੀਆਂ ਪਸ਼ੂ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ 6 IPDs (Indoor Patient Department) ਤਿਆਰ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਵਪਾਰੀਆਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਮਸਲੇ ਹੱਲ ਕਰਨ ਲਈ ਟਰੇਡਰ ਕਮਿਸ਼ਨ ਦਾ ਗਠਨ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ“ ਮੁਹਿੰਮ ਤਹਿਤ 1 ਮਾਰਚ, 2025 ਤੋਂ ਹੁਣ ਤੱਕ 75 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫਤਾਰ ਕੀਤੇ ਗਏ ਹਨ।

ਸਾਡੀ ਸਰਕਾਰ ਵੱਲੋਂ ਘਰੇਲੂ ਵਰਤੋਂ ਲਈ ਮਹੀਨੇ ਦੀ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਜਿਸ ਕਾਰਨ ਤਕਰਬੀਨ 90 ਫੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜੀਰੋ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਖੇਡ ਬਜਟ ਲਈ 1744 ਕਰੋੜ ਰੁਪਏ ਰੱਖੇ ਗਏ ਹਨ।

ਜ਼ਿਲ੍ਹਾ ਗੁਰਦਾਸਪੁਰ ਵਿਖੇ ਵਿਕਾਸ ਅਤੇ ਲੋਕ ਭਲਾਈ ਦੇ ਕਾਰਜ ਸਬੰਧੀ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ
ਜ਼ਿਲ੍ਹਾ ਗੁਰਦਾਸਪੁਰ ਵਿੱਚ 6 ਲੱਖ 13 ਹਜ਼ਾਰ 40 ਸੰਭਾਵਿਤ ਲਾਭਪਾਤਰੀਆਂ ਵਿੱਚੋਂ ਹੁਣ ਤੱਕ 4 ਲੱਖ 62 ਹਜ਼ਾਰ 395 ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋ ਚੁੱਕੀ ਹੈ। ਯੋਜਨਾ ਤਹਿਤ ਯੋਗ ਮਹਿਲਾਵਾਂ ਨੂੰ 1,000 ਰੁਪਏ ਅਤੇ 1,500 ਰੁਪਏ ਪ੍ਰਤੀ ਮਹੀਨਾ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਬੁੱਢਾਪਾ ਪੈਨਸ਼ਨ, ਵਿਧਵਾ ਤੇ ਨਿਆਸ਼ਰਿਤ ਮਹਿਲਾਵਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਸਮੇਤ 2.42 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ 37.22 ਕਰੋੜ ਰੁਪਏ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਧੀਆਂ ਦੇ ਵਿਆਹ ਲਈ ਆਸ਼ੀਰਵਾਦ ਸਕੀਮ ਤਹਿਤ ਵਿੱਤੀ ਸਾਲ 2025-26 ਦੌਰਾਨ 2,958 ਲਾਭਪਾਤਰੀਆਂ ਨੂੰ 15.08 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ ਦਿੱਤੀ ਗਈ। ਵਿੱਤੀ ਸਾਲ 2026-27 ਵਿੱਚ ਹੁਣ ਤੱਕ 698 ਲਾਭਪਾਤਰੀਆਂ ਲਈ 3.56 ਕਰੋੜ ਰੁਪਏ ਦੇ ਬਿੱਲ ਅਦਾਇਗੀ ਲਈ ਖ਼ਜ਼ਾਨਾ ਦਫ਼ਤਰ ਭੇਜੇ ਜਾ ਚੁੱਕੇ ਹਨ। ਜ਼ਿਲ੍ਹੇ ਵਿੱਚ 4,925 ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਲਾਭ ਦਿੱਤਾ ਗਿਆ ਹੈ। ਗੁਰਦਾਸਪੁਰ ਜ਼ਿਲ੍ਹੇ ਵਿੱਚ 74 ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੇ ਹਨ।

ਅਖ਼ੀਰ ਵਿੱਚ ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਸਾਰੇ ਮਹਾਨ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖ਼ੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕਰਦੀ ਹਾਂ। ਆਓ, ਅਸੀਂ ਸਾਰੇ ਰਲ ਮਿਲ ਕੇ ਆਪਣੇ ਪਿਆਰੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੰਭਲਾ ਮਾਰੀਏ। ਜੈ ਹਿੰਦ, ਜੈ ਪੰਜਾਬ।

ਇਸ ਤੋਂ ਪਹਿਲਾਂ ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਖੇਡ ਸਟੇਡੀਅਮ ਵਿਚ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ (ਅਸ਼ੋਕ ਚੱਕਰ) ਦੇ ਬੁੱਤ ‘ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਪਰੰਤ ਸ਼ਹੀਦਾਂ ਦੀ ਗੈਲਰੀ ਵਿਖੇ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਨ ਕੀਤੇ ਗਏ।

ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਨ ਉਪਰੰਤ ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਲੋੜਵੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਅਤੇ ਲੋੜਵੰਦ ਲੋਕਾਂ ਨੂੰ ਵੀਲ੍ਹ ਚੇਅਰ ਵੰਡੀਆਂ ਗਈਆਂ। ਉਨਾਂ ਨੇ ਸਮਾਗਮ ਵਿਚ ਪੁਹੰਚੇ  ਵੀਰ ਨਾਰੀਆਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ।

ਉਪਰੰਤ ਵਿਦਿਆਰਥੀਆਂ ਵਲੋਂ ਪੀ.ਟੀ.ਸ਼ੋਅ, ਸ਼ਬਦ, ਦੇਸ਼ ਭਗਤੀ ਦੇ ਗੀਤ, ਗਿੱਧਾ ਤੇ ਭੰਗੜਾ ਪੇਸ਼ ਕੀਤਾ ਗਿਆ। ਇਸ ਤੋਂ ਬਾਅਦ ਮੁੱਖ ਮਹਿਮਾਨ ਡਾ. ਬਲਜੀਤ ਕੌਰ ਵਲੋਂ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੀਆਂ ਸ਼ਖਸ਼ੀਅਤਾਂ ਅਤੇ ਆਪਣੀ ਡਿਊਟੀ ਤੋਂ ਇਲਾਵਾ ਹੋਰ ਵਿਸ਼ੇਸ ਕਾਰਜ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਵੱਖ-ਵੱਖ ਅਦਾਰਿਆਂ ਵਿੱਚ ਸੇਵਾਵਾਂ ਦੇ ਰਹੇ ਪੱਤਰਕਾਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ। ਉਨਾਂ ਵਲੋਂ ਪਰੇਡ ਵਿਚ ਹਿੱਸਾ ਲੈਣ ਵਾਲੀਆਂ ਟੀਮਾਂ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਤੋਂ ਪਹਿਲਾਂ ਅੱਜ ਸਵੇਰੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਗੁਰਦਾਸਪੁਰ ਸ਼ਹਿਰ ਵਿਖੇ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਵਲੋਂ ਉਸਾਰੀ ਗਈ ‘ਬਾਬਾ ਬੰਦਾ ਸਿੰਘ ਬਹਾਦਰ ਸਮਾਰਕ’ ਅਤੇ ‘ਸ਼ਹੀਦਾਂ ਦੀ ਪਾਰਕ’ ਦਾ ਉਦਘਾਟਨ ਵੀ ਕੀਤਾ ਗਿਆ।

ਇਸੇ ਤਰਾਂ ਅੱਜ ਪੂਰੇ ਜ਼ਿਲ੍ਹੇ ਅੰਦਰ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਤੇ ਜਾਹੋ ਜਲਾਲ ਨਾਲ ਮਨਾਇਆ ਗਿਆ। ਬਟਾਲਾ, ਫਤਿਹਗੜ੍ਹ ਚੂੜੀਆਂ, ਡੇਰਾ ਬਾਬਾ ਨਾਨਕ, ਕਲਾਨੌਰ, ਦੀਨਾਨਗਰ, ਕਾਦੀਆਂ ਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਆਜ਼ਾਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਮਾਣਯੋਗ ਵਧੀਕ ਸ਼ੈਸਨ ਜੱਜ ਮੈਡਮ ਪੂਨਮ ਬਾਂਸਲ, ਮਾਣਯੋਗ ਵਧੀਕ ਸ਼ੈਸਨ ਜੱਜ ਵਿਨੀਤ ਨਾਰੰਗ, ਮਾਣਯੋਗ ਵਧੀਕ ਸ਼ੈਸਨ ਜੱਜ ਸ੍ਰੀ ਪਿ੍ਤਪਾਲ ਸਿੰਘ, ਮਾਣਯੋਗ ਵਧੀਕ ਸ਼ੈਸਨ ਜੱਜ ਸ੍ਰੀ ਰਣਜੀਤਪਾਲ ਸਿੰਘ ਚੀਮਾ, ਸੀ.ਜੀ.ਐਮ -ਕਮ- ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਹਰਪ੍ਰੀਤ ਸਿੰਘ, ਸੀ.ਜੀ.ਐਮ ਮੈਡਮ ਸੁੁਰੇਖਾ ਡਡਵਾਲ, ਏ.ਸੀ ਜੇ.ਸ੍ਰੀ ਹੇਮ ਅੰਮ੍ਰਿਤ ਮਾਹੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਡਾ. ਅਰਸ਼ਦੀਪ ਸਿੰਘ ਜ਼ਿਲ੍ਹਾ ਕੁਆਰਡੀਨੇਟਰ, ਮਨਦੀਪ ਸਿੰਘ ਗਿੱਲ ਵਾਈਸ ਚੇਅਰਮੈਨ, ਸਾਬਾ ਭੱਟੀ ਵਾਈਸ ਚੇਅਰਮੈਨ, ਚੇਅਰਮੈਨ ਰਵਿੰਦਰ ਸਿੰਘ ਚੇਅਰਮੈਨ ਭਾਰਤ ਭੂਸ਼ਣ ਸ਼ਰਮਾ, ਨੀਰਜ ਸਲਹੋਤਰਾ ਹਲਕਾ ਕੁਆਰਡੀਨੇਟਰ, ਚੇਅਰਮੈਨ ਮੁਖਦੇਵ ਸਿੰਘ ਆਲੋਵਾਲ, ਜਗਜੀਤ ਸਿੰਘ ਪਿੰਟਾ ਮੈਬਰ ਜਿਲ੍ਹਾ ਪਲਾਨਿੰਗ ਬੋਰਡ, ਟਰੱਸਟੀ ਪੀਟਰ ਮੱਟੂ, ਬਲਜੀਤ ਸਿੰਘ ਹਲਕਾ ਸੰਗਠਨ ਇੰਚਾਰਜ, ਪਵਨ ਕੁਮਾਰ ਜ਼ਿਲ੍ਹਾ ਸਕੱਤਰ, ਡਾਇਰੈਕਟਰ ਕਸ਼ਮੀਰ ਸਿੰਘ ਵਾਹਲਾ, ਚੰਨਣ ਸਿੰਘ ਖਾਲਸਾ, ਜਗਦੀਸ਼ ਰਾਜ ਸਾਬਕਾ ਚੇਅਰਮੈਨ, ਹਰਪ੍ਰੀਤ ਸਿੰਘ ਡੀ.ਡੀ.ਪੀ.ਓ, ਕੁੰਵਰ ਰਵਿੰਦਰ ਸਿੰਘ ਵਿੱਕੀ, ਕੈਪਟਨ ਜੋਗਿੰਦਰ ਸਿੰਘ, ਰਾਜੇਸ਼ ਕੁਮਾਰ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ (ਸ), ਪਰਮਜੀਤ ਕੌਰ ਜ਼ਿਲ੍ਹਾ ਸਿੱਖਿਆ ਅਫਸਰ (ਪ), ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਪਿ੍ੰਸੀਪਲ ਡਾ. ਅਸ਼ਵਨੀ ਭੱਲਾ, ਪਰਮਿੰਦਰ ਸਿੰਘ ਸੈਣੀ ਪ੍ਰੋਗਰਾਮ ਅਫਸਰ ਸਮੇਤ ਸਬੰਧਿਤ ਵਿਭਾਗਾਂ ਦੇ ਮੁਖੀ ਮੌਜੂਦ ਸਨ। 

Leave a Reply

Your email address will not be published. Required fields are marked *