ਚੰਡੀਗੜ੍ਹ, 31 ਅਗਸਤ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 223ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
223ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 422 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 66,837 ਹੋ ਗਈਆਂ।
ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 1 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 548ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 55 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2.4 ਕਿਲੋਗ੍ਰਾਮ ਹੈਰੋਇਨ, 28 ਕਿਲੋਗ੍ਰਾਮ ਅਫੀਮ, 75 ਨਸ਼ੀਲੀਆਂ ਗੋਲੀਆਂ ਅਤੇ 15,650 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ ਸਿਰਫ 548 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 76,756 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਅੱਠ ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।