ਚੰਡੀਗੜ੍ਹ, 2 ਸਤੰਬਰ: ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 225ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 567 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
225ਵੇਂ ਦਿਨ, ਪੁਲਿਸ ਟੀਮਾਂ ਨੇ 185 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 67,390 ਗ੍ਰਿਫ਼ਤਾਰੀਆਂ ਹੋਈਆਂ ਹਨ।
ਇਸ ਤੋਂ ਇਲਾਵਾ 236 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ ਅਤੇ ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਇੱਕ ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।
ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 550ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 108 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 756 ਗ੍ਰਾਮ ਹੈਰੋਇਨ, 331 ਨਸ਼ੀਲੀਆਂ ਗੋਲੀਆਂ ਅਤੇ 3540 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਸਿਰਫ 550 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 76,909 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 15 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।