ਚੰਡੀਗੜ੍ਹ, 10 ਅਗਸਤ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵੱਲੋਂ ਪੇਸ਼ ਕੀਤੇ ਮਹਿਲਾ ਸਸ਼ਕਤੀਕਰਨ ਸਬੰਧੀ ਮਤੇ ਦਾ ਸਮਰਥਨ ਕਰਦਿਆਂ ਕਿਹਾ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਪ੍ਰਦਾਨ ਕਰਕੇ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਨਵੀਂ ਦਿਸ਼ਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਮਹਿਲਾਵਾਂ ਨੂੰ ਸਿਰਫ਼ ਆਰਥਿਕ ਮਦਦ ਦੇਣਾ ਨਹੀਂ, ਸਗੋਂ ਉਨ੍ਹਾਂ ਨੂੰ ਆਤਮ-ਸਨਮਾਨ, ਆਤਮ-ਵਿਸ਼ਵਾਸ ਅਤੇ ਸਮਾਜ ਵਿੱਚ ਸੁਤੰਤਰ ਪਛਾਣ ਪ੍ਰਦਾਨ ਕਰਨਾ ਹੈ।
ਮਤੇ ਦਾ ਸਮਰਥਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਲਾ ਸਸ਼ਕਤੀਕਰਨ ਨੂੰ ਸਿਰਫ਼ ਭਲਾਈ ਯੋਜਨਾਵਾਂ ਤੱਕ ਸੀਮਤ ਨਹੀਂ ਰੱਖਿਆ, ਸਗੋਂ ਅਜਿਹਾ ਸਮਾਜਿਕ ਮਾਹੌਲ ਸਿਰਜਿਆ ਹੈ, ਜਿਸ ਨਾਲ ਮਹਿਲਾਵਾਂ ਸਿੱਖਿਆ, ਰੁਜ਼ਗਾਰ, ਮੌਕਿਆਂ ਅਤੇ ਆਤਮ-ਵਿਸ਼ਵਾਸ ਦੇ ਬਲ ‘ਤੇ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਸਲ ਆਧਾਰ ਸਿੱਖਿਆ, ਬਰਾਬਰ ਦੇ ਮੌਕੇ, ਐਕਸਪੋਜ਼ਰ ਅਤੇ ਆਤਮ-ਵਿਸ਼ਵਾਸ ਹੈ। ਉਨ੍ਹਾਂ ਕਿਹਾ ਕਿ ਜਦੋਂ ਮਹਿਲਾਵਾਂ ਨੂੰ ਘਰਾਂ ਦੀਆਂ ਚਾਰਦੀਵਾਰੀਆਂ ਤੋਂ ਬਾਹਰ ਨਿਕਲ ਕੇ ਸਮਾਜ ਨੂੰ ਸਮਝਣ, ਆਪਣੀ ਯੋਗਤਾ ਨਿਖਾਰਨ ਅਤੇ ਨਵੇਂ ਤਜਰਬੇ ਹਾਸਲ ਕਰਨ ਦਾ ਮੌਕਾ ਮਿਲਦਾ ਹੈ ਤਾਂ ਉਹ ਹੋਰ ਆਤਮ-ਨਿਰਭਰ ਅਤੇ ਸਮਰੱਥ ਬਣਦੀਆਂ ਹਨ। ਇਸੇ ਸੋਚ ਨਾਲ ਪੰਜਾਬ ਸਰਕਾਰ ਨੇ ਸਮਾਜਿਕ ਰੁਕਾਵਟਾਂ ਨੂੰ ਤੋੜਦਿਆਂ ਮਹਿਲਾਵਾਂ ਲਈ ਨਵੇਂ ਮੌਕੇ ਸਿਰਜੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮਹਿਲਾਵਾਂ ਨੂੰ ਸਿਰਫ਼ ਸਰਕਾਰੀ ਯੋਜਨਾਵਾਂ ਦੀ ਲਾਭਪਾਤਰੀ ਨਹੀਂ ਬਣਾਇਆ, ਸਗੋਂ ਵਿਕਾਸ ਯਾਤਰਾ ਦੀ ਬਰਾਬਰ ਦੀ ਭਾਈਵਾਲ ਬਣਾਇਆ ਹੈ। ਮਹਿਲਾਵਾਂ ਲਈ ਰੁਜ਼ਗਾਰ ਦੇ ਬਰਾਬਰ ਮੌਕੇ ਯਕੀਨੀ ਬਣਾਉਣ, ਆਂਗਣਵਾੜੀ ਵਰਕਰਾਂ ਦੀ ਭਰਤੀ ਨੂੰ ਗਤੀ ਦੇਣ ਅਤੇ ਵੱਖ-ਵੱਖ ਖੇਤਰਾਂ ਵਿੱਚ ਉਨ੍ਹਾਂ ਦੀ ਭਾਗੀਦਾਰੀ ਵਧਾਉਣ ਲਈ ਲਗਾਤਾਰ ਉਪਰਾਲੇ ਕੀਤੇ ਗਏ ਹਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਹਿਲਾਵਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਜਾਰੀ ਰੱਖਣ ਦਾ ਮਕਸਦ ਸਿਰਫ਼ ਆਵਾਜਾਈ ਸੁਵਿਧਾ ਪ੍ਰਦਾਨ ਕਰਨਾ ਨਹੀਂ, ਸਗੋਂ ਉਨ੍ਹਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਸਮਾਜਿਕ ਜੀਵਨ ਵਿੱਚ ਵਧੇਰੇ ਭਾਗੀਦਾਰੀ ਲਈ ਉਤਸ਼ਾਹਿਤ ਕਰਨਾ ਵੀ ਹੈ। ਇਸੇ ਤਰ੍ਹਾਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿੱਚ ਵੀ ਵੱਡੀ ਗਿਣਤੀ ਵਿੱਚ ਬਜ਼ੁਰਗ ਮਹਿਲਾਵਾਂ ਦੀ ਸ਼ਮੂਲੀਅਤ ਇਸ ਗੱਲ ਦਾ ਪ੍ਰਮਾਣ ਹੈ ਕਿ ਮੌਕੇ ਮਿਲਣ ‘ਤੇ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਆਉਂਦੀਆਂ ਹਨ।
ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਦਾ ਅਰਥ ਕੇਵਲ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਅਜਿਹਾ ਸਮਾਜ ਸਿਰਜਣਾ ਹੈ ਜਿੱਥੇ ਹਰ ਧੀ ਅਤੇ ਮਹਿਲਾ ਨੂੰ ਸੁਰੱਖਿਆ, ਸਨਮਾਨ, ਬਰਾਬਰ ਦੇ ਮੌਕੇ ਅਤੇ ਆਪਣੀ ਸਮਰੱਥਾ ਨੂੰ ਨਿਖਾਰਨ ਲਈ ਅਨੁਕੂਲ ਮਾਹੌਲ ਮਿਲੇ। ਪੰਜਾਬ ਸਰਕਾਰ ਦੀਆਂ ਨੀਤੀਆਂ ਇਸੇ ਸੋਚ ਨੂੰ ਅਮਲੀ ਰੂਪ ਦੇ ਰਹੀਆਂ ਹਨ।
ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰਾਂ ਬਦਲਣ ਨਾਲ ਅਕਸਰ ਲੋਕ-ਹਿੱਤ ਯੋਜਨਾਵਾਂ ਬੰਦ ਕਰ ਦਿੱਤੀਆਂ ਜਾਂਦੀਆਂ ਹਨ, ਪਰ ਪੰਜਾਬ ਸਰਕਾਰ ਨੇ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਨਾ ਸਿਰਫ਼ ਨਿਰੰਤਰਤਾ ਦਿੱਤੀ, ਸਗੋਂ ਉਨ੍ਹਾਂ ਨੂੰ ਹੋਰ ਪ੍ਰਭਾਵਸ਼ਾਲੀ ਵੀ ਬਣਾਇਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ 65 ਲੱਖ ਤੋਂ ਵੱਧ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਅਤੇ ਬਾਕੀ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਵੀ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਕੇਵਲ ₹1000 ਅਤੇ ₹1500 ਦੀ ਵਿੱਤੀ ਸਹਾਇਤਾ ਤੱਕ ਸੀਮਤ ਨਹੀਂ, ਸਗੋਂ ਮਹਿਲਾਵਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕਰਨ ਵੱਲ ਇੱਕ ਇਤਿਹਾਸਕ ਪਹਿਲ ਹੈ।
ਉਨ੍ਹਾਂ ਕਿਹਾ ਕਿ ਅਨੇਕਾਂ ਮਹਿਲਾਵਾਂ ਨੇ ਸਾਰੀ ਉਮਰ ਆਪਣੇ ਪਰਿਵਾਰਾਂ ਦੀਆਂ ਜ਼ਿੰਮੇਵਾਰੀਆਂ ਨੂੰ ਪਹਿਲ ਦਿੱਤੀ ਅਤੇ ਆਪਣੀਆਂ ਲੋੜਾਂ ਨੂੰ ਪਿੱਛੇ ਰੱਖਿਆ। ਮਾਵਾਂ-ਧੀਆਂ ਸਤਿਕਾਰ ਯੋਜਨਾ ਅਜਿਹੀਆਂ ਮਹਿਲਾਵਾਂ ਨੂੰ ਆਪਣੀ ਵੱਖਰੀ ਪਛਾਣ ਅਤੇ ਆਤਮ-ਵਿਸ਼ਵਾਸ ਨਾਲ ਅੱਗੇ ਵਧਣ ਦਾ ਮੌਕਾ ਪ੍ਰਦਾਨ ਕਰ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਚਿਲਡਰਨ ਹੋਮਾਂ ਵਿੱਚ ਇਸ ਵੇਲੇ 215 ਬੱਚੇ ਰਹਿ ਰਹੇ ਹਨ, ਜਿਨ੍ਹਾਂ ਵਿੱਚ 157 ਲੜਕੀਆਂ ਅਤੇ 58 ਲੜਕੇ ਹਨ। ਇਸੇ ਤਰ੍ਹਾਂ ਆਬਜ਼ਰਵੇਸ਼ਨ ਹੋਮਾਂ ਵਿੱਚ 495 ਲੜਕੇ ਅਤੇ ਕੇਵਲ 5 ਲੜਕੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅੰਕੜੇ ਸਪੱਸ਼ਟ ਕਰਦੇ ਹਨ ਕਿ ਧੀਆਂ ਨੂੰ ਸੁਰੱਖਿਆ, ਸਨਮਾਨ ਅਤੇ ਬਰਾਬਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨਾਂ ਦੀ ਲੋੜ ਹੈ ਅਤੇ ਪੰਜਾਬ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ।
ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵਿੱਚ ਵਿੱਤ ਮੰਤਰੀ ਵੀ ਇੱਕ ਮਹਿਲਾ ਹਨ, ਪਰ ਇਸ ਦੇ ਬਾਵਜੂਦ ਦੇਸ਼ ਪੱਧਰ ‘ਤੇ ਅਜਿਹੀ ਕੋਈ ਵਿਆਪਕ ਯੋਜਨਾ ਨਹੀਂ ਲਿਆਂਦੀ ਗਈ, ਜਿਸ ਰਾਹੀਂ ਵੱਡੇ ਪੱਧਰ ‘ਤੇ ਮਹਿਲਾਵਾਂ ਨੂੰ ਸਿੱਧੀ ਵਿੱਤੀ ਸਹਾਇਤਾ ਦੇ ਕੇ ਉਨ੍ਹਾਂ ਦੇ ਆਤਮ-ਸਨਮਾਨ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਪਛਾਣ ਨੂੰ ਮਜ਼ਬੂਤ ਕੀਤਾ ਗਿਆ ਹੋਵੇ। ਉਨ੍ਹਾਂ ਕਿਹਾ ਕਿ ਇਸ ਪੱਖੋਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਪੂਰੇ ਦੇਸ਼ ਲਈ ਇੱਕ ਨਿਵੇਕਲੀ ਮਿਸਾਲ ਬਣ ਕੇ ਉੱਭਰੀ ਹੈ।
ਵਿਧਾਨ ਸਭਾ ਵਿੱਚ ਚਰਚਾ ਦੌਰਾਨ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਮਹਿਲਾ ਸਸ਼ਕਤੀਕਰਨ, ਸਵੈ-ਸਹਾਇਤਾ ਸਮੂਹਾਂ ਦੀ ਆਰਥਿਕ ਮਜ਼ਬੂਤੀ ਅਤੇ ਮਹਿਲਾਵਾਂ ਲਈ ਸਿਰਜੇ ਗਏ ਨਵੇਂ ਮੌਕਿਆਂ ਸਬੰਧੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸਦਨ ਅੱਗੇ ਵਿਸਥਾਰ ਨਾਲ ਰੱਖਿਆ। ਇਸ ਮੌਕੇ ਵਿਧਾਇਕ ਇੰਦਰਜੀਤ ਕੌਰ ਮਾਨ, ਜੀਵਨਜੋਤ ਕੌਰ, ਨਰਿੰਦਰ ਕੌਰ ਭਰਾਜ ਅਤੇ ਸਰਵਜੀਤ ਕੌਰ ਮਾਨੂੰਕੇ ਨੇ ਵੀ ਮਹਿਲਾਵਾਂ ਦੇ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸਸ਼ਕਤੀਕਰਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਕੈਬਨਿਟ ਮੰਤਰੀ ਨੇ ਮਹਿਲਾ ਸਸ਼ਕਤੀਕਰਨ ਸਬੰਧੀ ਮਤਾ ਸਦਨ ਵਿੱਚ ਪੇਸ਼ ਕਰਨ ਲਈ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਇਹ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ, ਜੋ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ, ਆਰਥਿਕ ਸਵੈ-ਨਿਰਭਰਤਾ ਅਤੇ ਸਮਾਜਿਕ ਬਰਾਬਰੀ ਪ੍ਰਤੀ ਸਮੁੱਚੇ ਸਦਨ ਦੀ ਸਾਂਝੀ ਵਚਨਬੱਧਤਾ ਦਾ ਮਜ਼ਬੂਤ ਪ੍ਰਗਟਾਵਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਾਰਥਕ ਚਰਚਾਵਾਂ ਅਤੇ ਸਰਬਸੰਮਤੀ ਨਾਲ ਲਏ ਗਏ ਫ਼ੈਸਲੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਗਤੀ ਦੇਣ ਅਤੇ ਸਮਾਜ ਵਿੱਚ ਲਿੰਗ ਸਮਾਨਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ, ਆਰਥਿਕ ਸਸ਼ਕਤੀਕਰਨ ਅਤੇ ਸਮਾਜਿਕ ਬਰਾਬਰੀ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਇੱਕ ਸਸ਼ਕਤ ਮਹਿਲਾ ਹੀ ਸਸ਼ਕਤ ਪਰਿਵਾਰ, ਸਸ਼ਕਤ ਸਮਾਜ ਅਤੇ ਖੁਸ਼ਹਾਲ ਪੰਜਾਬ ਦੀ ਸਭ ਤੋਂ ਮਜ਼ਬੂਤ ਨੀਂਹ ਹੈ।