ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਸੁਨਾਮ ਹਲਕੇ ਦੇ ਵਿਕਾਸ ਲਈ 12.60 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ: ਅਮਨ ਅਰੋੜਾ

ਚੀਮਾ/ਸੁਨਾਮ, 13 ਅਗਸਤ:         ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਕੁੱਲ 12.60 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ 2.99 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਮਾਰਕੀਟ ਕਮੇਟੀ ਚੀਮਾ ਦੇ ਆਧੁਨਿਕ ਦਫ਼ਤਰ ਦੀ ਇਮਾਰਤ ਦਾ ਨੀਂਹ ਪੱਥਰ ਵੀ ਰੱਖਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਸਿਰਫ਼ ਸ਼ਹਿਰੀ ਖੇਤਰਾਂ ਤੱਕ ਸੀਮਤ ਨਹੀਂ ਰੱਖਿਆ ਗਿਆ, ਸਗੋਂ ਪਿੰਡਾਂ ਅਤੇ ਕਸਬਿਆਂ ਵਿੱਚ ਵੀ ਲੋੜ ਅਨੁਸਾਰ ਪ੍ਰੋਜੈਕਟ ਸ਼ੁਰੂ ਕਰਵਾਏ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਦੇ ਲੋਕਾਂ ਨੇ ਜਿਸ ਵਿਸ਼ਵਾਸ ਨਾਲ ਉਨ੍ਹਾਂ ਨੂੰ ਆਪਣੀ ਨੁਮਾਇੰਦਗੀ ਕਰਨ ਦਾ ਮੌਕਾ ਦਿੱਤਾ ਹੈ, ਉਸ ਵਿਸ਼ਵਾਸ ‘ਤੇ ਖਰਾ ਉਤਰਨ ਲਈ ਉਹ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਕਿਹਾ, “ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਾ ਅਤੇ ਹਲਕੇ ਦੇ ਵਿਕਾਸ ਨੂੰ ਤਰਜੀਹ ਦੇਣਾ ਸਾਡੀ ਮੁੱਖ ਜ਼ਿੰਮੇਵਾਰੀ ਹੈ। ਸਿਆਸੀ ਵਿਰੋਧ ਆਪਣੀ ਥਾਂ ਹੈ, ਪਰ ਵਿਕਾਸ ਦੇ ਮਾਮਲੇ ਵਿੱਚ ਅਸੀਂ ਸਿਆਸਤ ਤੋਂ ਉੱਪਰ ਉੱਠ ਕੇ ਕੰਮ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ।”

ਕੈਬਨਿਟ ਮੰਤਰੀ ਨੇ ਕਿਹਾ ਕਿ ਮਾਰਕੀਟ ਕਮੇਟੀ ਚੀਮਾ ਦੇ ਨਵੇਂ ਦਫ਼ਤਰ ਦੀ ਇਮਾਰਤ ਆਧੁਨਿਕ ਸਹੂਲਤਾਂ ਨਾਲ ਲੈਸ ਹੋਵੇਗੀ। ਇਸ ਨਵੀਂ ਇਮਾਰਤ ਦੇ ਨਿਰਮਾਣ ਨਾਲ ਮਾਰਕੀਟ ਕਮੇਟੀ ਨਾਲ ਸਬੰਧਤ ਕੰਮਾਂ ਲਈ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਵਧੀਆ ਸਹੂਲਤਾਂ ਮਿਲਣਗੀਆਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਖੇਤੀਬਾੜੀ ਨਾਲ ਸਬੰਧਤ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਹਤਰ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ। ਨਵਾਂ ਦਫ਼ਤਰ ਇਸ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ।

ਸੁਨਾਮ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਮੀਡੀਆ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਨ ਅਰੋੜਾ ਨੇ ਕਿਹਾ ਕਿ ਚੀਮਾ ਅਤੇ ਲੌਂਗੋਵਾਲ ਦੀ ਤਰ੍ਹਾਂ ਸੁਨਾਮ ਹਲਕੇ ਦੇ ਹਰ ਹਿੱਸੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਜਿੱਥੇ ਪਹਿਲਾਂ ਤੋਂ ਚੱਲ ਰਹੇ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਹਨ, ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਦੀ ਲੋੜ ਅਨੁਸਾਰ ਹੋਰ ਵੱਡੇ ਵਿਕਾਸ ਪ੍ਰੋਜੈਕਟ ਵੀ ਸ਼ੁਰੂ ਕੀਤੇ ਜਾਣਗੇ।

ਹੋਰ ਖ਼ਬਰਾਂ :-  ‘ਆਪ’ ਨੇ ਰਾਜਾ ਵੜਿੰਗ ਦੀਆਂ ਜਾਤੀਵਾਦੀ ਟਿੱਪਣੀਆਂ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ, ਤਰਨਤਾਰਨ ‘ਚ ਪੁਤਲਾ ਸਾੜਿਆ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ ਅਤੇ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲਤਾ ਯਕੀਨੀ ਬਣਾਉਣ ਲਈ ਹਦਾਇਤਾਂ ਦਿੱਤੀਆਂ ਗਈਆਂ ਹਨ।

ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਤੰਤਰ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿਆਸੀ ਅਤੇ ਵਿਚਾਰਧਾਰਕ ਮਤਭੇਦ ਲੋਕਤੰਤਰ ਦਾ ਹਿੱਸਾ ਹਨ, ਪਰ ਕਿਸੇ ਵੀ ਵਿਅਕਤੀ ਵਿਰੁੱਧ ਹਿੰਸਕ ਕਾਰਵਾਈ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।

ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਆਪਣੇ ਵਿਚਾਰ ਲੋਕਤੰਤਰਿਕ ਅਤੇ ਸ਼ਾਂਤਮਈ ਢੰਗ ਨਾਲ ਲੋਕਾਂ ਸਾਹਮਣੇ ਰੱਖਣੇ ਚਾਹੀਦੇ ਹਨ ਅਤੇ ਹਿੰਸਾ ਦੀ ਹਰ ਘਟਨਾ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ।

ਸੁਨਾਮ ਦੇ ਰੇਲਵੇ ਅੰਡਰਬ੍ਰਿਜ ਵਿੱਚ ਬਰਸਾਤੀ ਪਾਣੀ ਖੜ੍ਹਾ ਹੋਣ ਦੀ ਸਮੱਸਿਆ ਸਬੰਧੀ ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਇਸ ਮੁੱਦੇ ‘ਤੇ ਭਾਵੇਂ ਜਿੰਨੀ ਮਰਜ਼ੀ ਸਿਆਸਤ ਕੀਤੀ ਜਾਵੇ, ਪਰ ਸਰਕਾਰ ਦਾ ਉਦੇਸ਼ ਇਸ ਸਮੱਸਿਆ ਦਾ ਸਥਾਈ ਹੱਲ ਕਰਨਾ ਹੈ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਊਂਸੀਪਲ ਕਮੇਟੀ, ਲੋਕ ਨਿਰਮਾਣ ਵਿਭਾਗ (PWD) ਅਤੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀਆਂ ਟੀਮਾਂ ਨੂੰ ਕੰਮ ‘ਤੇ ਲਗਾਇਆ ਗਿਆ ਹੈ। ਸਬੰਧਤ ਵਿਭਾਗਾਂ ਵੱਲੋਂ ਤਕਨੀਕੀ ਪੱਖਾਂ ਦਾ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਮਾਹਿਰਾਂ ਦੀ ਸਲਾਹ ਤੋਂ ਬਾਅਦ ਅਜਿਹਾ ਹੱਲ ਤਿਆਰ ਕੀਤਾ ਜਾਵੇਗਾ, ਜਿਸ ਨਾਲ ਭਵਿੱਖ ਵਿੱਚ ਬਰਸਾਤ ਦੇ ਦਿਨਾਂ ਦੌਰਾਨ ਲੋਕਾਂ ਨੂੰ ਮੁੜ ਇਸ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਰਫ਼ ਐਲਾਨ ਕਰਨ ਤੱਕ ਸੀਮਤ ਨਹੀਂ ਹੈ, ਸਗੋਂ ਜ਼ਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਨੂੰ ਅਮਲੀ ਰੂਪ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਸੁਨਾਮ ਹਲਕੇ ਵਿੱਚ ਬੁਨਿਆਦੀ ਢਾਂਚੇ, ਸੜਕਾਂ, ਪਾਣੀ, ਸੀਵਰੇਜ, ਸਿੱਖਿਆ, ਸਿਹਤ ਅਤੇ ਹੋਰ ਜਨਤਕ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ 12.60 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟ ਸੁਨਾਮ ਹਲਕੇ ਦੇ ਵਿਕਾਸ ਦੀ ਲਗਾਤਾਰ ਜਾਰੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਸਰਕਾਰ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਹੋਰ ਪ੍ਰੋਜੈਕਟ ਵੀ ਲਿਆਉਂਦੀ ਰਹੇਗੀ।

ਇਸ ਮੌਕੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਅਹੁਦੇਦਾਰ, ਪਤਵੰਤੇ ਅਤੇ ਵੱਖ ਵੱਖ ਪਿੰਡਾਂ ਦੇ ਪੰਚ ਸਰਪੰਚ ਹਾਜ਼ਰ ਸਨ। 

Leave a Reply

Your email address will not be published. Required fields are marked *