ਧੀਆਂ ਦੇ ਵਿਆਹ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ: ‘ਅਸ਼ੀਰਵਾਦ ਸਕੀਮ’ ਤਹਿਤ ₹28.01 ਕਰੋੜ ਦੀ ਰਾਸ਼ੀ ਜਾਰੀ

ਚੰਡੀਗੜ੍ਹ, 26 ਜੁਲਾਈ : ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਸਤਿਕਾਰ ਅਤੇ ਵਿੱਤੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿੱਤੀ ਸਾਲ 2026-27 ਦੌਰਾਨ ‘ਅਸ਼ੀਰਵਾਦ ਸਕੀਮ’ ਅਧੀਨ ਅਨੁਸੂਚਿਤ ਜਾਤੀਆਂ ਦੇ 5,492 ਲਾਭਪਾਤਰੀਆਂ ਲਈ ₹28.01 ਕਰੋੜ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬੇ ਦੇ 19 ਜ਼ਿਲ੍ਹਿਆਂ ਦੇ ਯੋਗ ਲਾਭਪਾਤਰੀਆਂ ਲਈ ਇਹ ਵਿੱਤੀ ਸਹਾਇਤਾ ਪ੍ਰਵਾਨ ਕੀਤੀ ਗਈ ਹੈ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰ ਆਪਣੀਆਂ ਧੀਆਂ ਦੇ ਵਿਆਹ ਦੇ ਖਰਚੇ ਪੂਰੇ ਸਤਿਕਾਰ ਅਤੇ ਆਤਮ-ਵਿਸ਼ਵਾਸ ਨਾਲ ਕਰ ਸਕਣ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਪੋਰਟਲ ‘ਤੇ ਪ੍ਰਾਪਤ ਹੋਈਆਂ ਦਰਖਾਸਤਾਂ ਦੇ ਆਧਾਰ ‘ਤੇ ਬਰਨਾਲਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਤਹਿਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਮਾਲੇਰਕੋਟਲਾ ਦੇ ਲਾਭਪਾਤਰੀਆਂ ਨੂੰ ਇਸ ਤਾਜ਼ਾ ਜਾਰੀ ਹੋਈ ਗ੍ਰਾਂਟ/ਸਹਾਇਤਾ ਹੇਠ ਕਵਰ ਕੀਤਾ ਗਿਆ ਹੈ।

ਸਮਾਜਿਕ ਨਿਆਂ ਮੰਤਰੀ ਨੇ ਜ਼ਿਲ੍ਹਾ-ਵਾਰ ਆਂਕੜੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਜਾਰੀ ਕੀਤੀ ਗਈ ਰਾਸ਼ੀ ਨਾਲ ਜ਼ਿਲ੍ਹਾ ਫਾਜ਼ਿਲਕਾ ਦੇ 882, ਪਟਿਆਲਾ ਦੇ 611, ਫਿਰੋਜ਼ਪੁਰ ਦੇ 604, ਲੁਧਿਆਣਾ ਦੇ 403, ਮੋਗਾ ਦੇ 400, ਸ੍ਰੀ ਮੁਕਤਸਰ ਸਾਹਿਬ ਦੇ 384, ਹੁਸ਼ਿਆਰਪੁਰ ਦੇ 333, ਗੁਰਦਾਸਪੁਰ ਦੇ 297, ਬਰਨਾਲਾ ਦੇ 288 ਅਤੇ ਐਸ.ਬੀ.ਐਸ. ਨਗਰ ਦੇ 219 ਲਾਭਪਾਤਰੀਆਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ ਗਈ ਹੈ।

ਹੋਰ ਖ਼ਬਰਾਂ :-  ਆਈਪੀਐਲ 2025 ਤੋਂ ਬਾਹਰ ਹੋਣ ਤੋਂ ਬਾਅਦ ਰੁਤੁਰਾਜ ਗਾਇਕਵਾੜ ਨੇ ਸੁਨੇਹਾ ਸਾਂਝਾ ਕੀਤਾ

ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਬਠਿੰਡਾ ਦੇ 163, ਫਤਹਿਗੜ੍ਹ ਸਾਹਿਬ ਦੇ 160, ਸੰਗਰੂਰ ਦੇ 160, ਐਸ.ਏ.ਐਸ. ਨਗਰ ਦੇ 114, ਜਲੰਧਰ ਦੇ 114, ਰੂਪਨਗਰ ਦੇ 104, ਫਰੀਦਕੋਟ ਦੇ 103, ਮਾਲੇਰਕੋਟਲਾ ਦੇ 95 ਅਤੇ ਪਠਾਨਕੋਟ ਜ਼ਿਲ੍ਹੇ ਦੇ 58 ਅਨੁਸੂਚਿਤ ਜਾਤੀ ਲਾਭਪਾਤਰੀਆਂ ਨੂੰ ਵੀ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ।

ਸਕੀਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਚਾਨਣਾ ਪਾਉਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਯੋਗ ਪਰਿਵਾਰਾਂ ਨੂੰ ਧੀਆਂ ਦੇ ਵਿਆਹ ਲਈ ₹51,000 ਦੀ ਆਰਥਿਕ ਮਦਦ ਦਿੱਤੀ ਜਾਂਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ (BPL) ਰਹਿ ਰਿਹਾ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਕੁੱਲ ਸਾਲਾਨਾ ਆਮਦਨ ₹32,790 ਤੋਂ ਘੱਟ ਹੋਵੇ। ਇੱਕ ਪਰਿਵਾਰ ਦੀਆਂ ਵੱਧ ਤੋਂ ਵੱਧ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ।

ਡਾ. ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਪੂਰੀ ਪਾਰਦਰਸ਼ਤਾ ਅਤੇ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਇਹ ਸਹਾਇਤਾ ਰਾਸ਼ੀ ਡੀ.ਬੀ.ਟੀ. (Direct Benefit Transfer) ਰਾਹੀਂ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾਂਦੀ ਹੈ। ਉਨ੍ਹਾਂ ਦੋਹਰਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਪਹਿਲਕਦਮੀਆਂ ਰਾਹੀਂ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ, ਤਾਂ ਜੋ ਸੂਬੇ ਵਿੱਚ ਸਮਾਜਿਕ ਨਿਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।

Leave a Reply

Your email address will not be published. Required fields are marked *